Punjab News: ਤਰਨ ਤਾਰਨ ’ਚ ਅਕਾਲੀ ਦਲ ਵੱਡਾ ਝਟਕਾ; ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ‘ਆਪ’ ਵਿੱਚ ਸ਼ਾਮਲ
ਵਿਧਾਨ ਸਭਾ ਹਲਕਾ ਤਰਨ ਤਾਰਨ ਵਿੱਚ ਜ਼ਿਮਨੀ ਚੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਤਰਨ ਤਾਰਨ ਤੋਂ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਅੱਜ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ।
ਚੰਡੀਗੜ੍ਹ ਵਿਖੇ ਪੰਜਾਬ ਭਵਨ ਵਿੱਚ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ‘ਆਪ’ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਸੰਧੂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਹੈ। ਜ਼ਿਕਰਯੋਗ ਹੈ ਕਿ ਹਰਮੀਤ ਸਿੰਘ ਸੰਧੂ ਤਰਨ ਤਾਰਨ ਤੋਂ ਤਿੰਨ ਵਾਰ - ਸਾਲ 2002 ਵਿੱਚ ਆਜ਼ਾਦ ਅਤੇ 2007 ਤੇ 2012 ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਇਕ ਚੁਣੇ ਗਏ ਹਨ। ਸਾਲ 2017 ਤੇ 2022 ਵਿੱਚ ਸੰਧੂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ਗੌਰਤਲਬ ਹੈ ਕਿ 27 ਜੂਨ ਨੂੰ ਤਰਨ ਤਾਰਨ ਤੋਂ ‘ਆਪ’ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ ਦੇਹਾਂਤ ਹੋ ਗਿਆ ਸੀ। ਇਸ ਕਾਰਨ ਤਰਨ ਤਾਰਨ ਵਾਲੀ ਸੀਟ ਖਾਲੀ ਹੋ ਗਏ ਸੀ, ਜਿੱਥੇ 6 ਮਹੀਨਿਆਂ ਵਿੱਚ ਜ਼ਿਮਨੀ ਚੋਣਾਂ ਕਰਵਾਈਆਂ ਜਾਣਗੀਆਂ। ਇਸੇ ਦੇ ਚਲਦਿਆਂ ਸਾਰੀਆਂ ਰਾਜਸੀ ਪਾਰਟੀਆਂ ਵੱਲੋਂ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਜ਼ਿਮਨੀ ਚੋਣ ਨੂੰ ਲੈ ਕੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਅੱਜ ਹਰਮੀਤ ਸਿੰਘ ਸੰਧੂ ਦੇ ‘ਆਪ’ ਵਿੱਚ ਸ਼ਾਮਲ ਹੋਣ ਨੂੰ ਵੀ ਜ਼ਿਮਨੀ ਚੋਣ ਨਾਲ ਹੀ ਜੋੜ ਕੇ ਵੇਖਿਆ ਜਾ ਰਿਹਾ ਹੈ।