Punjab News: ਸਰਕਾਰ ਨੇ NOC ਤੋਂ ਬਿਨਾਂ ਪਲਾਟਾਂ ਦੀ ਰਜਿਸਟਰੇਸ਼ਨ ਦੀ ਮਿਆਦ ਵਧਾਈ
Punjab News: Punjab Government extends last date for registration of plots without NOC
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 28 ਫਰਵਰੀ
Punjab News: ਪੰਜਾਬ ਸਰਕਾਰ ਨੇ ਐਨਓਸੀ ਤੋਂ ਬਿਨਾਂ ਪਲਾਟਾਂ ਦੀ ਰਜਿਸਟਰੇਸ਼ਨ ਦੀ ਦਿੱਤੀ ਸਹੂਲਤ ਦੀ ਆਖ਼ਰੀ ਤਰੀਕ ਨੂੰ ਵਧਾਉਂਦਿਆਂ ਹੁਣ 31 ਅਗਸਤ ਤੱਕ ਕਰਨ ਦਾ ਫ਼ੈਸਲਾ ਕੀਤਾ ਹੈ। ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਲੋਕਾਂ ਦੀ ਮੰਗ ਨੂੰ ਮੰਨਦਿਆਂ ਆਖ਼ਰੀ ਤਰੀਕ ਛੇ ਮਹੀਨੇ ਲਈ ਵਧਾ ਦਿੱਤੀ ਗਈ ਹੈ।
ਇਸ ਤੋਂ ਪਹਿਲਾਂ ਸੂਬਾ ਸਰਕਾਰ ਵੱਲੋਂ ਲਏ ਗਏ ਫ਼ੈਸਲੇ ਤਹਿਤ 1 ਦਸੰਬਰ 2024 ਤੋਂ 28 ਫਰਵਰੀ 2025 ਤੱਕ ਐਨਓਸੀ ਤੋਂ ਬਿਨਾਂ ਪਲਾਟਾਂ ਦੀ ਰਜਿਸਟਰੇਸ਼ਨ ਲਈ ਸਮਾਂ ਦਿੱਤਾ ਗਿਆ ਸੀ ਅਤੇ ਹੁਣ ਇਸ ਵਿੱਚ ਵਾਧਾ ਕੀਤੇ ਜਾਣ ਸਦਕਾ 1 ਮਾਰਚ 2025 ਤੋਂ 31 ਅਗਸਤ 2025 ਤੱਕ ਇਸ ਸਹੂਲਤ ਦਾ ਫ਼ਾਇਦਾ ਲਿਆ ਜਾ ਸਕਦਾ ਹੈ।
ਮੰਤਰੀ ਨੇ ਦੱਸਿਆ ਕਿ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ, 2024 ਰਾਹੀਂ ਲੈਂਡ ਡੀਡਜ਼ ਦੀ ਰਜਿਸਟਰੀ ਲਈ ਐਨਓਸੀ ਦੀ ਸ਼ਰਤ ਨੂੰ ਖ਼ਤਮ ਕੀਤਾ ਗਿਆ ਸੀ। ਇਸ ਸੋਧ ਦਾ ਉਦੇਸ਼ ਛੋਟੇ ਪਲਾਟ ਮਾਲਕਾਂ ਨੂੰ ਰਾਹਤ ਦੇਣ ਦੇ ਨਾਲ-ਨਾਲ ਗੈਰਕਾਨੂੰਨੀ ਕਾਲੋਨੀਆਂ ’ਤੇ ਸਖ਼ਤ ਕੰਟਰੋਲ ਨੂੰ ਯਕੀਨੀ ਬਣਾਉਣਾ ਹੈ।
ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਜਿਸ ਨੇ ਅਣਅਧਿਕਾਰਤ ਕਾਲੋਨੀ ਵਿੱਚ ਸਥਿਤ ਪੰਜ ਸੌ ਵਰਗ ਗਜ਼ ਤੱਕ ਦੇ ਰਕਬੇ ਲਈ 31 ਜੁਲਾਈ, 2024 ਤੱਕ ਪਾਵਰ ਆਫ਼ ਅਟਾਰਨੀ, ਸਟੈਂਪ ਪੇਪਰ ’ਤੇ ਵੇਚਣ ਦਾ ਸਮਝੌਤਾ ਕੀਤਾ ਹੈ, ਉਸ ਨੂੰ ਜ਼ਮੀਨ ਦੀ ਰਜਿਸਟਰੀ ਲਈ ਇਤਰਾਜ਼ਹੀਣਤਾ ਸਰਟੀਫਿਕੇਟ ਦੀ ਲੋੜ ਨਹੀਂ ਹੋਵੇਗੀ।