Punjab News: ਨਸ਼ਿਆਂ ਦੇ ਕਾਰੋਬਾਰ ’ਚ ਸ਼ਾਮਲ ਕਿਸੇ ਨੂੰ ਬਖਸ਼ਿਆ ਨਹੀਂ ਜਾਵੇਗਾ: ਅਮਨ ਅਰੋੜਾ
Punjab News: No one involved in illegal drug trade will be spared: Aman Arora
ਆਤਿਸ਼ ਗੁਪਤਾ
ਚੰਡੀਗੜ੍ਹ, 26 ਜੂਨ
ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਿਨਟ ਮੰਤਰੀ ਅਮਨ ਅਰੋੜਾ ਨੇ ਕਿਹਾ ਹੈ ਕਿ ਪੰਜਾਬ ਵਿੱਚ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਿਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਅਦਾਲਤ ਨੇ ਬਿਕਰਮ ਸਿੰਘ ਮਜੀਠੀਆ ਨੂੰ ਸੱਤ-ਦਿਨਾ ਪੁਲੀਸ ਰਿਮਾਂਡ ਉੱਤੇ ਭੇਜ ਦਿੱਤਾ ਹੈ। ਇਸ ਤੋਂ ਸਾਫ਼ ਹੁੰਦਾ ਹੈ ਕਿ ਉਕਤ ਮਾਮਲੇ ਵਿੱਚ ਜਾਂਚ ਦੀ ਜ਼ਰੂਰਤ ਹੈ।
ਉਨ੍ਹਾਂ ਇਹ ਪ੍ਰਗਟਾਵਾ ਪੰਜਾਬ ਭਵਨ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸ੍ਰੀ ਅਰੋੜਾ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਖਿਲਾਫ ਦਰਜ ਕੇਸ ਅਨੁਸਾਰ 540 ਕਰੋੜ ਰੁਪਏ ਦੀ ਰਕਮ ਅਨਅਕਾਊਂਟਡ (ਬੇਹਿਸਾਬੀ) ਪਾਈ ਗਏ ਹਨ, ਇਸ ਵਿੱਚੋਂ 161 ਕਰੋੜ ਰੁਪਏ ਦਾ ਤਾਂ ਕੋਈ ਹਿਸਾਬ ਵੀ ਨਹੀਂ ਹੈ ਅਤੇ 141 ਕਰੋੜ ਰੁਪਆ ਵਿਦੇਸ਼ੀ ਦੇਸ਼ਾਂ ਤੋਂ ਆਇਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦਾ ਛੇਵਾਂ ਦਰਿਆ ਵਗਾਉਣ ਲਈ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਦੀ ਥਾਂ ਉਨ੍ਹਾਂ ਦੀ ਪੁਸ਼ਤਪਨਾਹੀ ਕੀਤੀ ਹੈ।
ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਾ ਤਸਕਰੀ ਦੇ ਸਭ ਤੋਂ ਵੱਡੇ ਮਾਮਲੇ ਦੀ ਜਾਂਚ ਕਰ ਰਹੇ ਈਡੀ ਦੇ ਸੀਨੀਅਰ ਅਧਿਕਾਰੀ ਨਿਰੰਜਨ ਸਿੰਘ ਦਾ ਤਬਾਦਲਾ ਭਾਜਪਾ ਸਰਕਾਰ ਵੱਲੋਂ ਹੀ ਕੀਤਾ ਗਿਆ ਸੀ।