Punjab News: ਪੰਜਾਬ ਮੰਤਰੀ ਮੰਡਲ ਵੱਲੋਂ ਜੇਲ੍ਹ ਵਿਭਾਗ ਵਿੱਚ 500 ਅਸਾਮੀਆਂ ਭਰਨ ਨੂੰ ਪ੍ਰਵਾਨਗੀ
ਆਤਿਸ਼ ਗੁਪਤਾ
ਚੰਡੀਗੜ੍ਹ, 21 ਜੂਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿਵਲ ਸਕੱਤਰੇਤ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਅੱਜ ਜੇਲ੍ਹ ਵਿਭਾਗ ਵਿੱਚ ਵੱਖ-ਵੱਖ ਕਾਡਰਾਂ ਦੀਆਂ 500 ਅਸਾਮੀਆਂ ਭਰਨ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸੂਬੇ ਦੇ ਉਦਯੋਗਪਤੀਆਂ ਦੀ ਪਿਛਲੇ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਉਦਯੋਗਿਕ ਪਲਾਟਾਂ ਦੀ ਵੰਡ ਅਤੇ ਉਪ-ਵੰਡ ਲਈ ਵਿਆਪਕ ਨੀਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸਿਜ਼ ਨਿਯਮ, 2025 ਬਣਾਉਣ ਅਤੇ ਪੰਜਾਬ ਕਿਰਤ ਭਲਾਈ ਫੰਡ ਐਕਟ 1965 ਵਿੱਚ ਸੋਧ ਲਈ ਮਨਜ਼ੂਰੀ ਦੇ ਦਿੱਤੀ ਹੈ।
ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਤੇ ਤਰੁਣਪ੍ਰੀਤ ਸਿੰਘ ਸੌਂਦ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਸਿੱਧੀ ਭਰਤੀ ਕੋਟੇ ਤਹਿਤ ਸਹਾਇਕ ਸੁਪਰਡੈਂਟ, ਵਾਰਡਰ ਤੇ ਮੈਟਰਨ ਦੀਆਂ 500 ਖ਼ਾਲੀ ਅਸਾਮੀਆਂ ਦੀ ਭਰਤੀ ਨੂੰ ਸਹਿਮਤੀ ਦਿੱਤੀ ਹੈ। ਇਸ ਭਰਤੀ ਵਿਚ 29 ਸਹਾਇਕ ਸੁਪਰਡੈਂਟ, 451 ਵਾਰਡਰ ਅਤੇ 20 ਮੈਟਰਨ ਭਰਤੀ ਕੀਤੇ ਜਾਣਗੇ। ਇਹ ਭਰਤੀ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਵਲੋਂ ਕੀਤੀ ਜਾਵੇਗੀ। ਇਹ ਭਰਤੀ ਜੇਲ੍ਹਾਂ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਸੁਰੱਖਿਅਤ ਬਣਾਉਣ ਵਿੱਚ ਸਹਾਈ ਹੋਵੇਗੀ।