Punjab News: ਪੰਜਾਬ ਸਰਕਾਰ 19 ਤੋਂ 25 ਨਵੰਬਰ ਤੱਕ ਗੁਰੂ ਤੇਗ ਬਹਾਦਰ ਦਾ 350 ਸਾਲਾ ਸ਼ਹੀਦੀ ਦਿਹਾੜਾ ਮਨਾਵੇਗੀ
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਇਸ ਸਾਲ 19 ਤੋਂ 25 ਨਵੰਬਰ ਤੱਕ ਮਨਾਇਆ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਵਿੱਚ ਚਾਰ ਸ਼ਹਾਦਤ ਯਾਤਰਾਵਾਂ ਕੱਢੀਆਂ ਜਾਣਗੀਆਂ। ਇਹ ਯਾਤਰਾਵਾਂ ਇੱਕ ਮਾਝੇ ਵਿੱਚ, ਇੱਕ ਦੋਆਬੇ ਵਿੱਚ ਅਤੇ ਦੋ ਮਾਲਵੇ ਵਿੱਚੋਂ ਕੱਢੀਆਂ ਜਾਣਗੀਆਂ, ਜੋ ਕਿ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿੱਚੋਂ ਹੁੰਦਿਆਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਣਗੀਆਂ।
ਉਹਨਾਂ ਕਿਹਾ ਕਿ ਇੱਕ ਯਾਤਰਾ ਸ੍ਰੀਨਗਰ ਤੋਂ ਸ਼ੁਰੂ ਹੋ ਕੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚੇਗੀ, ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੌਜੂਦ ਰਹਿਣਗੇ।
ਸ੍ਰੀ ਬੈਂਸ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਲੈ ਕੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਲਾਈਟ ਐਂਡ ਸਾਊਂਡ ਦੇ ਪ੍ਰੋਗਰਾਮ ਕਰਵਾਏ ਜਾਣਗੇ। ਇਸ ਤੋਂ ਇਲਾਵਾ ਪੰਜਾਬ ਦੇ ਸਾਰੇ ਸਕੂਲਾਂ ਕਾਲਜਾਂ ਅਤੇ ਯੂਨੀਵਰਸਿਟੀਆਂ ਸਣੇ ਹੋਰ ਵਿਦਿਅਕ ਅਦਾਰਿਆਂ ਵਿੱਚ ਵੀ ਧਾਰਮਿਕ ਪ੍ਰੋਗਰਾਮ ਕਰਵਾਏ ਜਾਣਗੇ।