Punjab News: ਪੰਜਾਬ ਦੀ ਕਿਸਾਨੀ ’ਚ ਖ਼ੁਦਕੁਸ਼ੀ ਦਰ ਘਟੀ: ਭਗਵੰਤ ਮਾਨ
ਕਿਸਾਨੀ ਭਲਾਈ ਸਕੀਮਾਂ ਵਜੋਂ ਖੁਦਕੁਸ਼ੀਆਂ ਨੂੰ ਠੱਲ੍ਹ ਪਈ
Advertisement
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਦੀਆਂ ਕਿਸਾਨ ਭਲਾਈ ਸਕੀਮਾਂ ਦੀ ਬਦੌਲਤ ਸੂਬੇ ’ਚ ਕਿਸਾਨੀ ਦੀ ਖ਼ੁਦਕੁਸ਼ੀ ਦਰ ’ਚ ਵੱਡੀ ਕਟੌਤੀ ਹੋਈ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਖ਼ੁਦਕੁਸ਼ੀ ਦਾ ਰੁਝਾਨ ਕਾਫ਼ੀ ਵਧ ਗਿਆ ਸੀ ਅਤੇ ਹੁਣ ਇਹ ਰੁਝਾਨ ਨੂੰ ਠੱਲ੍ਹ ਪਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਖੇਤੀ ਵਰਸਿਟੀ ਵੱਲੋਂ ਕੌਮੀ ਅਪਰਾਧ ਰਿਕਾਰਡ ਬਿਊਰੋ ਦੇ ਸਹਿਯੋਗ ਨਾਲ ਤੱਥ ਨਸ਼ਰ ਕੀਤੇ ਗਏ ਹਨ ਜਿਸ ਤੋਂ ਕਿਸਾਨਾਂ ’ਚ ਖ਼ੁਦਕੁਸ਼ੀ ਦੇ ਰੁਝਾਨ ’ਚ ਕਮੀ ਆਉਣ ਦਾ ਪਤਾ ਲੱਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਾਲ 2017 ’ਚ 243 ਕਿਸਾਨਾਂ ਨੇ ਖ਼ੁਦਕੁਸ਼ੀ ਕੀਤੀ ਸੀ ਅਤੇ ਸਾਲ 2022 ’ਚ ਸੂਬੇ ’ਚ 157 ਕਿਸਾਨਾਂ ਨੇ ਖ਼ੁਦਕੁਸ਼ੀ ਕੀਤੀ। ਉਨ੍ਹਾਂ ਦੱਸਿਆ ਕਿ ਸਾਲ 2023 ’ਚ 141 ਅਤੇ ਸਾਲ 2024 ’ਚ 84 ਕਿਸਾਨਾਂ ਨੇ ਖ਼ੁਦਕੁਸ਼ੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਨਹਿਰੀ ਪਾਣੀ ਦੇਣਾ, ਬਿਜਲੀ ਸਪਲਾਈ ਨਿਰਵਿਘਨ ਦੇਣਾ, ਫ਼ਸਲਾਂ ਦੀ ਸਮੇਂ ਸਿਰ ਚੁਕਾਈ ਅਤੇ ਨਵੀਆਂ ਫ਼ਸਲਾਂ ਲਈ ਰਾਹ ਖੋਲ੍ਹਣਾ ਆਦਿ ਕਦਮਾਂ ਵਜੋਂ ਖ਼ੁਦਕੁਸ਼ੀ ਦੇ ਰਾਹ ਰੁਕੇ ਹਨ।
ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਜੀਵਨ ਲੀਲ੍ਹਾ ਖ਼ਤਮ ਕਰਨ ਦੇ ਰਾਹ ਨਾ ਪੈਣ ਕਿਉਂਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਕਿਸਾਨੀ ਨਾਲ ਖੜੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਖੇਤੀ ਦੇ ਕਿੱਤੇ ਨੂੰ ਲਾਹੇਵੰਦਾ ਬਣਾਇਆ ਜਾਵੇਗਾ।
Advertisement
Advertisement
×

