ਪੰਜਾਬ ਪੁਲੀਸ ਵੱਲੋਂ ਟਾਰਗੈੱਟ ਕਿਲਿੰਗ ਦੀ ਸਾਜ਼ਿਸ਼ ਨਾਕਾਮ, ਤਿੰਨ ਪਿਸਤੌਲਾਂ ਤੇ ਜ਼ਿੰਦਾ ਕਾਰਤੂਸਾਂ ਸਣੇ ਦੋ ਕਾਬੂ
ਪੰਜਾਬ ਪੁਲੀਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਨੂੰ ਵਿਦੇਸ਼ਾਂ ਵਿੱਚ ਬੈਠੇ ਉਨ੍ਹਾਂ ਦੇ ਹੈਂਡਲਰਾਂ ਨੇ ਸੂਬੇ ਵਿੱਚ ਵਿਰੋਧੀ ਗਰੋਹ ਦੇ ਮੈਂਬਰਾਂ ਦੀਆਂ ਨਿਸ਼ਾਨਾ ਬਣਾ ਕੇ ਹੱਤਿਆਵਾਂ ਕਰਨ ਦਾ ਕੰਮ ਸੌਂਪਿਆ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਹ ਸੂਬੇ ਵਿੱਚ ਦਹਿਸ਼ਤ ਅਤੇ ਅਸ਼ਾਂਤੀ ਫੈਲਾਉਣ ਦੀ ਇੱਕ ਵੱਡੀ ਸਾਜ਼ਿਸ਼ ਦਾ ਹਿੱਸਾ ਸੀ। ਪੁਲੀਸ ਨੇ ਮੁਲਜ਼ਮਾਂ ਕੋਲੋਂ ਤਿੰਨ ਪਿਸਤੌਲ ਤੇ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।
ਯਾਦਵ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ, ‘‘ਗੁਰਦਾਸਪੁਰ ਪੁਲੀਸ ਨੇ ਦੋ ਮੁਲਜ਼ਮਾਂ- ਲਵਦੀਪ ਸਿੰਘ ਉਰਫ਼ ਲਵ ਅਤੇ ਟੇਕ ਚੰਦ ਉਰਫ਼ ਟਿੰਕੂ- ਨੂੰ ਗ੍ਰਿਫ਼ਤਾਰ ਕਰਕੇ ਵੱਡੀ ਸਫ਼ਲਤਾ ਪ੍ਰਾਪਤ ਕੀਤੀ ਹੈ। ਇਹ ਦੋਵੇਂ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅਤਿਵਾਦੀ ਸੰਗਠਨ ਨਾਲ ਜੁੜੇ ਵਿਦੇਸ਼-ਅਧਾਰਤ ਕੱਟੜਪੰਥੀ ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਲਈ ਕੰਮ ਕਰ ਰਹੇ ਸਨ।’’ ਯਾਦਵ ਨੇ ਕਿਹਾ, ‘‘ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਨ੍ਹਾਂ ਦੋਵਾਂ ਨੂੰ ਰਵਾਇਤੀ ਵਿਰੋਧੀ ਗਰੋਹਾਂ ਦੇ ਹੋਰਨਾਂ ਮੈਂਬਰਾਂ ਨੂੰ ਨਿਸ਼ਾਨਾ ਬਣਾਉਣ ਲਈ ਵਿਦੇਸ਼ ਬੈਠੇ ਆਕਾਵਾਂ ਤੋਂ ਦਿਸ਼ਾ ਨਿਰਦੇਸ਼ ਮਿਲ ਰਹੇ ਸਨ। ਇਹ ਸੂਬੇ ਵਿਚ ਦਹਿਸ਼ਤ ਤੇ ਅਸ਼ਾਂਤੀਫ ਫੈਲਾਉਣ ਦੀ ਇਕ ਵੱਡੀ ਸਾਜ਼ਿਸ਼ ਦਾ ਹਿੱਸਾ ਸੀ।’’ ਪੁਲੀਸ ਨੇ ਮੁਲਜ਼ਮਾਂ ਕੋਲੋਂ .32 ਬੋਰ ਦੇ ਤਿੰਨ ਪਿਸਤੌਲ ਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਡੀਜੀਪੀ ਨੇ ਕਿਹਾ ਕਿ ਉਨ੍ਹਾਂ ਦੇ ਨੈੱਟਵਰਕ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਯਾਦਵ ਨੇ ਕਿਹਾ ਕਿ ਪੰਜਾਬ ਪੁਲੀਸ ਗੈਂਗਸਟਰ-ਅਤਿਵਾਦੀ ਗੱਠਜੋੜ ਨੂੰ ਖਤਮ ਕਰਨ ਅਤੇ ਸੂਬੇ ਵਿੱਚ ਸਥਾਈ ਸ਼ਾਂਤੀ ਅਤੇ ਸੁਰੱਖਿਆ ਯਕੀਨੀ ਬਣਾਉਣ ਦੇ ਆਪਣੇ ਮਿਸ਼ਨ ਲਈ ਦ੍ਰਿੜ ਹੈ।
