Punjab Politics Crisis: ਪੁਨਰ ਸੁਰਜੀਤ ਅਕਾਲੀ ਦਲ ਦੇ ਆਗੂ ਇੰਦਰਜੀਤ ਸਿੰਘ ਬੇਦੀ ਵੱਲੋਂ ਅਸਤੀਫ਼ਾ
Prem Singh Chandumajra: ਪੰਥਕ ਏਕਤਾ ਲਈ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਅਗਲੇ ਫ਼ੈਸਲੇ ਲੈਣ ਦੇ ਅਧਿਕਾਰ ਸੌਂਪੇ
Punjab Politics Crisis: ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ ਇੰਦਰਜੀਤ ਸਿੰਘ ਬੇਦੀ ਨੇ ਪੰਥਕ ਏਕਤਾ ਦੀ ਲੋੜ ’ਤੇ ਜ਼ੋਰ ਦਿੰਦਿਆਂ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੂੰ ਪੰਜਾਬ ਦੀ ਤਰੱਕੀ ਅਤੇ ਪੰਥਕ ਏਕਤਾ ਲਈ ਅਗਲੇ ਫ਼ੈਸਲੇ ਲੈਣ ਦੇ ਅਧਿਕਾਰ ਸੌਂਪਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਲਿਆ ਗਿਆ ਹਰ ਫ਼ੈਸਲਾ ਪ੍ਰਵਾਨ ਹੋਵੇਗਾ।
ਇੰਦਰਜੀਤ ਸਿੰਘ ਬੇਦੀ ਨੇ ਕਿਹਾ ਕਿ ਪਿਛਲੇ ਲਗਪਗ ਇੱਕ ਦਹਾਕੇ ਤੋਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਨਸ਼ਿਆਂ ਅਤੇ ਕਰਜ਼ੇ ਦੀ ਦਲਦਲ ਵਿੱਚ ਧੱਕ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਵਿਕਾਸ ਦੇ ਨਾਂ ’ਤੇ ਝੂਠੇ ਦਾਅਵੇ ਕੀਤੇ ਜਾ ਰਹੇ ਹਨ। ਪੰਜਾਬ ਦੀ ਜਨਤਾ ਨੂੰ ਹੁਣ ਪੰਥਕ ਏਕਤਾ ਤੋਂ ਹੀ ਆਸਾਂ ਅਤੇ ਉਮੀਦਾਂ ਹਨ।
ਉਨ੍ਹਾਂ ਕਿਹਾ ਕਿ ਨਸ਼ਿਆਂ, ਬੇਰੁਜ਼ਗਾਰੀ, ਵਿਕਾਸ ਦੀ ਘਾਟ, ਗੈਂਗਸਟਰਾਂ ਵੱਲੋਂ ਕੀਤੀ ਜਾ ਰਹੀ ਸ਼ਰੇਆਮ ਗੁੰਡਾਗਰਦੀ, ਵਪਾਰ ਅਤੇ ਕਿਸਾਨੀ ਸਮੇਤ ਹਰ ਖੇਤਰ ਵਿੱਚ ਪੰਜਾਬ ਦੇ ਹਾਲਾਤ ਚਿੰਤਾਜਨਕ ਹਨ। ਸੂਬਾ ਪਿਛਲੇ ਇੱਕ ਦਹਾਕੇ ਤੋਂ ਮਾੜੇ ਹਾਲਾਤ ਵਿੱਚੋਂ ਲੰਘ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਆਪਣੀ ਖੇਤਰੀ ਪਾਰਟੀ ਤੋਂ ਉਮੀਦਾਂ ਹਨ ਅਤੇ ਸੂਬੇ ਵਿੱਚ ਪੰਥਕ ਰਾਜ ਯਕੀਨੀ ਬਣਾਉਣ ਲਈ ਪੰਥਕ ਏਕਤਾ ਬਹੁਤ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦਾ ਬਿਗਲ ਕਿਸੇ ਵੀ ਸਮੇਂ ਵੱਜ ਸਕਦਾ ਹੈ ਪਰ ਪੰਥਕ ਧਿਰਾਂ ਆਪੋ-ਆਪਣੀਆਂ ਪਾਰਟੀਆਂ ਬਣਾ ਕੇ ਵੱਖ-ਵੱਖ ਦਿਸ਼ਾਵਾਂ ਵਿੱਚ ਕੰਮ ਕਰ ਰਹੀਆਂ ਹਨ। ਇਸ ਕਾਰਨ ਲੋਕਾਂ ਦਾ ਵਿਸ਼ਵਾਸ ਪੰਥਕ ਨੁਮਾਇੰਦਿਆਂ ’ਤੇ ਨਹੀਂ ਬਣ ਰਿਹਾ। ਲੋਕਾਂ ਦਾ ਵਿਸ਼ਵਾਸ ਮੁੜ ਜਿੱਤਣ ਲਈ ਵੱਖ ਹੋਈਆਂ ਪੰਥਕ ਧਿਰਾਂ ਨੂੰ ਇਕਜੁੱਟ ਹੋਣਾ ਚਾਹੀਦਾ ਹੈ।
ਇਸ ਮੌਕੇ ਪਰਮਜੀਤ ਸਿੰਘ ਪੰਮਾ, ਸਰਕਲ ਪ੍ਰਧਾਨ ਸ੍ਰੀ ਆਨੰਦਪੁਰ ਸਾਹਿਬ, ਪ੍ਰੋ. ਹਰਪ੍ਰੀਤ ਸਿੰਘ, ਜ਼ਿਲ੍ਹਾ ਡੈਲੀਗੇਟ, ਜਸਵਿੰਦਰ ਸਿੰਘ ਸੋਨੂੰ, ਜ਼ਿਲ੍ਹਾ ਡੈਲੀਗੇਟ, ਅਜੀਤ ਸਿੰਘ ਡੈਲੀਗੇਟ ਅਤੇ ਹਰਭਜਨ ਸਿੰਘ ਸੈਣੀ ਡੈਲੀਗੇਟ ਸਮੇਤ ਦਰਜਨਾਂ ਵਰਕਰਾਂ ਵੱਲੋਂ ਵੀ ਪੁਨਰ ਸੁਰਜੀਤ ਅਕਾਲੀ ਦਲ ਤੋਂ ਅਸਤੀਫ਼ੇ ਦੇਣ ਦੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਚੰਦੂਮਾਜਰਾ ਵੱਲੋਂ ਲਿਆ ਗਿਆ ਹਰ ਫ਼ੈਸਲਾ ਉਨ੍ਹਾਂ ਨੂੰ ਪ੍ਰਵਾਨ ਹੋਵੇਗਾ।

