Punjab Sacrilege Murder: ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਦਾ ਕਤਲ
ਮੰਡੀ ਗੋਬਿੰਦਗੜ੍ਹ ਨਜ਼ਦੀਕ ਪਿੰਡ ਤੂਰਾਂ ‘ਚ ਵਾਪਰੀ ਘਟਨਾ; ਪੁਲੀਸ ਵੱਲੋਂ ਟੀਮਾਂ ਬਣਾ ਕੇ ਜਾਂਚ ਸ਼ੁਰੂ
ਮੰਡੀ ਗੋਬਿੰਦਗੜ੍ਹ ਨਜ਼ਦੀਕ ਪਿੰਡ ਤੂਰਾਂ ਵਿੱਚ ਅੱਜ ਉਸ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ ਜਿਸ ’ਤੇ ਛੇ ਸਾਲ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ ਲੱਗੇ ਸਨ। ਅਣਪਛਾਤੇ ਹਮਲਾਵਰ ਨੇ ਉਸ ਉੱਤੇ ਕਈ ਵਾਰ ਕੀਤੇ ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਅਤੇ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ।
ਮ੍ਰਿਤਕ ਦੀ ਪਛਾਣ ਮੇਵਾ ਸਿੰਘ (45) ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਤੁਰਾਂ ਵਜੋਂ ਹੋਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਮੰਗਲਵਾਰ ਤੜਕੇ ਕਰੀਬ ਦੋ ਵਜੇ ਵਾਪਰੀ। ਉਸ ਸਮੇਂ ਮੇਵਾ ਸਿੰਘ ਆਪਣੇ ਪਰਿਵਾਰ ਨਾਲ ਘਰ ਵਿੱਚ ਮੌਜੂਦ ਸੀ। ਪਰਿਵਾਰ ਨੇ ਦੱਸਿਆ ਕਿ ਇੱਕ ਵਿਅਕਤੀ ਘਰ ਵਿੱਚ ਦਾਖ਼ਲ ਹੋਇਆ ਅਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ, ਜਿਸ ਕਾਰਣ ਮੇਵਾ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ। ਪ੍ਰਾਪਤ ਸੂਚਨਾ ਅਨੁਸਾਰ ਮੇਵਾ ਸਿੰਘ ਖਿਲਾਫ਼ ਅਕਤੂਬਰ 2020 ਵਿਚ ਪਿੰਡ ਤੂਰਾਂ ਸਥਿਤ ਗੁਰਦੁਆਰਾ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੇ ਦੋਸ਼ ਹੇਠ ਥਾਣਾ ਮੰਡੀ ਗੋਬਿੰਦਗੜ੍ਹ ਵਿਚ ਵੱਖ-ਵੱਖ ਧਾਰਾਵਾਂ ਅਧੀਨ ਮੁਕਦਮਾ ਦਰਜ ਕੀਤਾ ਸੀ। ਉਹ ਦੋ ਵਾਰ ਜ਼ਮਾਨਤ ’ਤੇ ਜੇਲ੍ਹ ਤੋਂ ਬਾਹਰ ਆਇਆ ਅਤੇ ਉਸ ਖਿਲਾਫ਼ ਮਾਮਲਾ ਅਦਾਲਤ ਵਿਚ ਚਲ ਰਿਹਾ ਹੈ ਅਤੇ ਮੌਜੂਦਾ ਸਮੇਂ ਉਹ ਜ਼ਮਾਨਤ ਉਪਰ ਆਇਆ ਹੋਇਆ ਸੀ।
ਘਟਨਾ ਦੀ ਸੂਚਨਾ ਮਿਲਦਿਆ ਹੀ ਥਾਣਾ ਮੰਡੀ ਗੋਬਿੰਦਗੜ੍ਹ ਦੇ ਮੁੁਖੀ ਸੰਦੀਪ ਸਿੰਘ ਅਤੇ ਉਪ ਪੁਲੀਸ ਕਪਤਾਨ ਅਮਲੋਹ ਵਿਕਰਮਜੀਤ ਸਿੰਘ ਘੁੰਮਣ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਕੇ ਤੇ ਪਹੁੰਚ ਗਏ ਜਿਨ੍ਹਾਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿਤਾ। ਪੁਲੀਸ ਨੇ ਦੱਸਿਆ ਕਿ ਘਟਨਾ ਸਥਾਨ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਕਤਲ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਮੰਤਵ ਲਈ ਸੀ.ਸੀ.ਟੀ.ਵੀ. ਕੈਮਰਿਆਂ ਦੀ ਵੀ ਮਦਦ ਲਈ ਜਾ ਰਹੀ ਹੈ।
ਸ੍ਰੀ ਘੁੰਮਣ ਨੇ ਦਸਿਆ ਕਿ ਮ੍ਰਿਤਕ ਦੇ ਸਰੀਰ ’ਤੇ ਤੇਜ਼ਧਾਰ ਹਥਿਆਰ ਨਾਲ ਕਈ ਵਾਰ ਕੀਤੇ ਗਏ ਪਰ ਉਸ ਦਾ ਸਿਰ ਧੜ ਤੋਂ ਵੱਖ ਕਰਨ ਬਾਰੇ ਚਰਚਾਵਾਂ ਵਿਚ ਸਚਾਈ ਨਹੀਂ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਲਈ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਦੋਸ਼ੀਆਂ ਦੀ ਪਹਿਚਾਣ ਕਰਕੇ ਕਾਬੂ ਕਰ ਲਿਆ ਜਾਵੇਗਾ।
ਪਿੰਡ ਤੂਰਾਂ ਵਿੱਚ ਕਤਲ ਦੀ ਘਟਨਾ ਉਪਰੰਤ ਜਾਣਕਾਰੀ ਦਿੰਦੇ ਹੋਏ ਡੀਐਸਪੀ ਵਿਕਰਮਜੀਤ ਸਿੰਘ ਘੁੰਮਣ ਅਤੇ ਥਾਣਾ ਮੁਖੀ ਸੰਦੀਪ ਸਿੰਘ।

