Punjab Strike Ends: ਪੰਜਾਬ ਵਿੱਚ ਸਫਾਈ ਸੇਵਕਾਂ ਤੇ ਸੀਵਰਮੈਨਾਂ ਦੀ ਹੜਤਾਲ ਸਮਾਪਤ
2021 ਵਿੱਚ ਠੇਕੇ ’ਤੇ ਭਰਤੀ ਕੀਤੇ ਗਏ ਸਫਾਈ ਸੇਵਕ ਤੇ ਸੀਵਰਮੈਨਾਂ ਨੂੰ ਬਿਨਾਂ ਸ਼ਰਤ ਕੀਤਾ ਜਾਵੇਗਾ ਪੱਕਾ: Harjot Bains
Punjab Strike Ends: ਪੰਜਾਬ ਸਰਕਾਰ ਨੇ ਪਿਛਲੇ ਕਈ ਦਿਨਾਂ ਤੋਂ ਹੜਤਾਲ ’ਤੇ ਚੱਲ ਸਫਾਈ ਸੇਵਕ ਯੂਨੀਅਨ ਪੰਜਾਬ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਹਨ। ਇਸ ਦੇ ਨਾਲ ਹੀ ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ’ਤੇ ਪੰਜਾਬ ਦੀਆਂ ਸਾਰੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵਿੱਚ ਚੱਲ ਰਹੀ ਹੜਤਾਲ ਨੂੰ ਖਤਮ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਰਾਤ ਵੇਲੇ ਦਿੱਤੀ।
ਉਨ੍ਹਾਂ ਕਿਹਾ ਕਿ ਸਫਾਈ ਸੇਵਕ ਯੂਨੀਅਨ ਪੰਜਾਬ ਦੀਆਂ ਮੰਗਾਂ ਨੂੰ ਮੰਨ ਲਿਆ ਗਿਆ ਹੈ ਜਿਨ੍ਹਾਂ ਨੇ ਹੜਤਾਲ ਖਤਮ ਕਰਦਿਆਂ ਅਗਲੇ 24 ਘੰਟਿਆਂ ਵਿੱਚ ਪੰਜਾਬ ਭਰ ਵਿੱਚੋਂ ਸਫਾਈ ਕਰਨ ਦਾ ਫੈਸਲਾ ਕੀਤਾ। ਉੱਧਰ ਹੜਤਾਲ ਖਤਮ ਕਰਨ ਦੀ ਪੁਸ਼ਟੀ ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੀਨੀਅਰ ਆਗੂ ਰਮੇਸ਼ ਕੁਮਾਰ ਨੇ ਕੀਤੀ ਹੈ।
ਸ੍ਰੀ ਬੈਂਸ ਨੇ ਕਿਹਾ ਕਿ ਸਾਲ 2021 ਵਿੱਚ ਠੇਕੇ ’ਤੇ ਭਰਤੀ ਕੀਤੇ ਸਫਾਈ ਸੇਵਕ ਤੇ ਸੀਵਰਮੈਨਾਂ ਨੂੰ ਬਿਨਾਂ ਕਿਸੇ ਸ਼ਰਤ ਤੋਂ ਪੱਕਾ ਕੀਤਾ ਜਾਵੇਗਾ। ਇਨ੍ਹਾਂ ਕਾਮਿਆਂ ਨੂੰ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਲਾਗੂ ਤਨਖਾਹ ਸਕੇਲ ਅਤੇ ਭੱਤੇ ਨਿਯਮ ਅਨੁਸਾਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਆਊਟਸੋਰਸ ’ਤੇ ਤਿੰਨ ਸਾਲਾਂ ਦੀ ਲਗਾਤਾਰ ਸੇਵਾ ਪੂਰੀ ਕਰਨ ਵਾਲੇ ਸਫਾਈ ਸੇਵਕ ਤੇ ਸੀਵਰਮੈਨਾਂ ਨੂੰ ਠੇਕੇ ਅਧੀਨ ਲਿਆਂਦਾ ਜਾਵੇਗਾ। ਇਸ ਤੋਂ ਇਲਾਵਾ 1 ਅਗਸਤ 2026 ਤੋਂ ਸਫਾਈ ਸੇਵਕ ਤੇ ਸੀਵਰਮੈਨਾਂ ਦੇ ਮਿਹਨਤਾਨੇ ਵਿੱਚ ਵਾਧਾ ਕਰਕੇ 20500 ਰੁਪਏ ਦਿੱਤੇ ਜਾਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਸਫਾਈ ਸੇਵਕ ਯੂਨੀਅਨ ਪੰਜਾਬ ਦੀਆਂ ਹੋਰਨਾਂ ਮੰਗਾਂ ਨੂੰ ਵੀ ਮੰਨ ਲਿਆ ਗਿਆ, ਜਿਸ ਤੋਂ ਬਾਅਦ ਯੂਨੀਅਨ ਨੇ ਹੜਤਾਲ ਖਤਮ ਕਰਨ ਦਾ ਐਲਾਨ ਕੀਤਾ।
ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੀਨੀਅਰ ਆਗੂ ਰਮੇਸ਼ ਕੁਮਾਰ ਨੇ ਕਿਹਾ ਕਿ ਸੂਬਾ ਸਰਕਾਰ ਨੇ ਯੂਨੀਅਨ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਹਨ। ਇਸ ਕਰਕੇ ਯੂਨੀਅਨ ਵੱਲੋਂ ਆਪਣੀ ਹੜਤਾਲ ਵਾਪਸ ਲਈ ਜਾਂਦੀ ਹੈ।

