Punjab Traffic Challan: ਬਠਿੰਡਾ ਜ਼ਿਲ੍ਹੇ ’ਚ ਟਰੈਫਿਕ ਨਿਯਮ ਤੋੜਨ ਵਾਲਿਆਂ ਦੀ ਖ਼ੈਰ ਨਹੀਂ: ਰੋਜ਼ਾਨਾ ਔਸਤਨ 222 ਚਲਾਨ, 43 ਹਜ਼ਾਰ ਰੁਪਏ ਜੁਰਮਾਨਾ
ਡਿਪਟੀ ਕਮਿਸ਼ਨਰ ਨੇ ਰੋਡ ਸੇਫਟੀ ਪ੍ਰਬੰਧਾਂ ਦਾ ਲਿਆ ਜਾਇਜ਼ਾ; ਬਲੈਕ ਸਪਾਟਾਂ ’ਤੇ ਵਿਸ਼ੇਸ਼ ਧਿਆਨ ਦੇਣ ਦੇ ਦਿੱਤੇ ਨਿਰਦੇਸ਼
ਬਠਿੰਡਾ ਜ਼ਿਲ੍ਹੇ ਵਿੱਚ ਇਸ ਸਾਲ ਜਨਵਰੀ ਤੋਂ ਅਗਸਤ ਦੇ ਅੰਤ ਤੱਕ ਦੇ ਉਪਲਬਧ ਅੰਕੜਿਆਂ ਅਨੁਸਾਰ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਪੁਲੀਸ ਵੱਲੋਂ ਸਖ਼ਤ ਕਾਰਵਾਈ ਕੀਤੀ ਗਈ ਹੈ। ਇਸ ਅਰਸੇ ਦੌਰਾਨ ਜ਼ਿਲ੍ਹੇ ਵਿੱਚ ਰੋਜ਼ਾਨਾ ਔਸਤਨ 222 ਟਰੈਫਿਕ ਚਲਾਨ ਕੱਟੇ ਗਏ ਅਤੇ ਕਰੀਬ 43,000 ਰੁਪਏ ਦਾ ਜੁਰਮਾਨਾ ਵਸੂਲਿਆ ਗਿਆ।
ਬਠਿੰਡਾ ਦੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਇਸ ਅਰਸੇ ਦੌਰਾਨ ਕੁੱਲ 54,339 ਚਲਾਨ ਕੀਤੇ ਗਏ ਹਨ, ਜਿਨ੍ਹਾਂ ਰਾਹੀਂ 1,04,87,200 ਰੁਪਏ ਦਾ ਜੁਰਮਾਨਾ ਆਇਦ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਸੜਕ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਟਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ।
ਉਨ੍ਹਾਂ ਕਿਹਾ ਕਿ ਸੜਕ ਹਾਦਸਿਆਂ ਨੂੰ ਘਟਾਉਣ ਲਈ ਨਾ ਸਿਰਫ਼ ਟਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਜ਼ਰੂਰੀ ਹੈ, ਸਗੋਂ ਆਮ ਲੋਕਾਂ ਵਿੱਚ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਵੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਪਛਾਣੇ ਗਏ ਬਲੈਕ ਸਪਾਟਾਂ (ਹਾਦਸਿਆਂ ਵਾਲੇ ਸੰਵੇਦਨਸ਼ੀਲ ਸਥਾਨਾਂ) ਅਤੇ ਟਰੈਫਿਕ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਖੇਤਰਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ।

