ਪੱਤਰ ਪ੍ਰੇਰਕ
ਚੰਡੀਗੜ੍ਹ, 6 ਦਸੰਬਰ
ਪੰਜਾਬ ਫੈਡਰੇਸ਼ਨ ਆਫ਼ ਯੂਨੀਵਰਸਿਟੀ ਐਂਡ ਕਾਲਜ ਟੀਚਰਜ਼ ਆਰਗੇਨਾਈਜੇਸ਼ਨ (ਪੀਫਕਟੋ) ਵੱਲੋਂ ਕਾਲਜਾਂ ਤੇ ਯੂਨੀਵਰਸਿਟੀਆਂ ਦੇ ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ ਰੋਜ਼ਾਨਾ ਇੱਕ ਘੰਟਾ ਧਰਨਾ ਦਿੱਤੇ ਜਾਣ ਦੇ ਸੱਦੇ ਉਤੇ ਅੱਜ ਪੀ.ਯੂ. ਟੀਚਰਜ਼ ਐਸੋਸੀਏਸ਼ਨ (ਪੂਟਾ) ਨੇ ਵਾਈਸ ਚਾਂਸਲਰ ਦਫ਼ਤਰ ਅੱਗੇ ਧਰਨਾ ਦਿੱਤਾ ਅਤੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ।
ਪੰਜਾਬ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ (ਪੂਟਾ) ਦੇ ਪ੍ਰਧਾਨ ਡਾ. ਮ੍ਰਿਤੁੰਜਯ ਕੁਮਾਰ, ਜਨਰਲ ਸਕੱਤਰ ਪ੍ਰੋ. ਅਮਰਜੀਤ ਸਿੰਘ ਨੌਰਾ ਅਤੇ ਸਰਵਨਰਿੰਦਰ ਕੌਰ ਆਦਿ ਨੇ ਕਿਹਾ ਕਿ ਅਧਿਆਪਕਾਂ ਨੂੰ ਸੱਤਵਾਂ ਯੂ.ਜੀ.ਸੀ. ਤਨਖਾਹ ਕਮਿਸ਼ਨ ਲਾਗੂ ਕਰਵਾਉਣ ਅਤੇ ਨਵੇਂ ਅਧਿਆਪਕਾਂ ਦੀ ਭਰਤੀ ਲਈ ਤਨਖਾਹ ਸਕੇਲਾਂ ਨੂੰ ਯੂ.ਜੀ.ਸੀ. ਨਾਲੋਂ ਵੱਖ ਕੀਤੇ ਜਾਣ ਦਾ ਫ਼ੈਸਲਾ ਵਾਪਸ ਕਰਵਾਉਣ ਦੀ ਮੰਗ ਨੂੰ ਲੈ ਕੇ ਧਰਨੇ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਇੱਥੋਂ ਤੱਕ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਪੀਫਕਟੋ ਦੇ ਪ੍ਰਧਾਨ ਪ੍ਰੋ. ਐਚ.ਐਸ. ਕਿੰਗਰਾ ਨੂੰ ਮਰਨ ਤੱਕ ਭੁੱਖ ਹੜਤਾਲ ਵੀ ਸ਼ੁਰੂ ਕਰਨੀ ਪਈ ਹੈ।ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਸੱਤਵਾਂ ਤਨਖਾਹ ਕਮਿਸ਼ਨ ਲਾਗੂ ਕਰਨਾ ਕੋਈ ਮੰਗ ਨਹੀਂ ਬਲਕਿ ਇਹ ਸਰਕਾਰ ਵੱਲ ਪੈਂਡਿੰਗ ਹੈ ਜਿਸ ਨੂੰ ਸਿਰਫ਼ ਲਾਗੂ ਕੀਤਾ ਜਾਣਾ ਬਾਕੀ ਹੈ।