ਸੰਜੀਵ ਤੇਜਪਾਲ
ਮੋਰਿੰਡਾ, 17 ਅਕਤੂਬਰ
ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦੇ ਹੱਕ ’ਚ ਪੰਜਾਬ-ਯੂਟੀ ਮੁਲਾਜ਼ਮ ਅਤੇ ਪੈਨਸ਼ਨਰਾਂ ਦੇ ਸਾਂਝੇ ਫਰੰਟ ਵੱਲੋਂ ਰੋਸ ਰੈਲੀ ਕੱਢੀ ਗਈ। ਇਸ ਰੈਲੀ ਵਿੱਚ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ। ਇਸ ਸਬੰਧੀ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਨੇ ਦੱਸਿਆ ਕਿ ਮੋਰਚੇ ਵਲੋਂ ਮੋਰਿੰਡਾ ਬਾਜ਼ਾਰ ਵਿੱਚੋਂ ਰੋਸ ਰੈਲੀ ਕੱਢੀ ਗਈ। ਉਨ੍ਹਾਂ ਕਿਹਾ ਕਿ ਛੇਵਾਂ ਤਨਖਾਹ ਕਮਿਸ਼ਨ ਮੁਲਾਜ਼ਮ ਵਿਰੋਧੀ ਹੈ, ਜਿਸ ਕਾਰਨ ਇਸ ਵਿੱਚ ਮੁਲਾਜ਼ਮ ਪੱਖੀ ਸੋਧਾਂ ਕੀਤੀਆਂ ਜਾਣ। ਆਗੂਆਂ ਨੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਨਾ ਕਰਨ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਕਰਨ ਲਈ ਵੀ ਸਰਕਾਰ ਦੀ ਨਿਖੇਧੀ ਕੀਤੀ। ਇਸ ਮੌਕੇ ਪ੍ਰਧਾਨ ਸਤੀਸ਼ ਰਾਣਾ ਨੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੂੰ ਅਪੀਲ ਕੀਤੀ ਕਿ ਉਹ 21 ਅਕਤੂਬਰ ਨੂੰ ਹੋਣ ਵਾਲੀ ਮੀਟਿੰਗ ਵਿੱਚ ਯੂਟੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮਸਲਿਆਂ ਦਾ ਹੱਲ ਕਰਨ।
ਮੋਰਚੇ ਵਿੱਚ ਡੈਮੋਕਰੇਟਿਕ ਟੀਚਰਜ਼ ਫਰੰਟ ਦੇ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਦੀ ਅਗਵਾਈ ਹੇਠ ਅਧਿਆਪਕਾਂ ਨੇ ਵੀ ਸ਼ਮੂਲੀਅਤ ਕੀਤੀ।
ਅਧਿਆਪਕਾਂ ਅਤੇ ਨਰਸਿੰਗ ਸਟਾਫ਼ ਵੱਲੋਂ ਮੁਜ਼ਾਹਰਾ
ਚਮਕੌਰ ਸਾਹਿਬ (ਸੰਜੀਵ ਬੱਬੀ): ਪੰਜਾਬ ਭਰ ਤੋਂ ਆਏ ਹਜ਼ਾਰਾਂ ਅਧਿਆਪਕਾਂ ਅਤੇ ਨਰਸਿੰਗ ਸਟਾਫ਼ ਨੇ 24 ਕੈਟਾਗਿਰੀਆਂ ਅਤੇ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਮੁਕੰਮਲ ਰੂਪ ਵਿੱਚ ਲਾਗੂ ਕਰਵਾਉਣ ਲਈ ਹਲਕਾ ਸ੍ਰੀ ਚਮਕੌਰ ਸਾਹਿਬ ਵਿੱਚ ਵਿਸ਼ਾਲ ਰੈਲੀ ਕਰਨ ਤੋਂ ਬਾਅਦ ਪੰਜਾਬ ਰਾਜ ਅਧਿਆਪਕ ਗੱਠਜੋੜ ਦੀ ਅਗਵਾਈ ਹੇਠ ਜਿੱਥੇ ਰੋਸ ਮਾਰਚ ਕੱਢਿਆ ਗਿਆ, ਉੱਥੇ ਹੀ ਭੂਰੜੇ ਚੌਕ ਵਿੱਚ 2 ਘੰਟੇ ਆਵਾਜਾਈ ਰੋਕ ਕੇ ਨਾਅਰੇਬਾਜ਼ੀ ਕੀਤੀ। ਇਸ ਮਾਰਚ ਵਿੱਚ ਮਾਸਟਰ ਕੇਡਰ ਯੂਨੀਅਨ, ਬੀ.ਐੱਡ ਫਰੰਟ, ਟੈੱਟ ਪਾਸ ਈਟੀਟੀ ਅਧਿਆਪਕ ਯੂਨੀਅਨ ਅਤੇ ਨਰਸਿੰਗ ਸਟਾਫ਼ ਨੇ ਹਿੱਸਾ ਲਿਆ। ਸੂਬਾਈ ਆਗੂਆਂ ਬਲਦੇਵ ਸਿੰਘ ਬੁੱਟਰ, ਰਣਜੀਤ ਸਿੰਘ ਬਾਠ, ਹਰਜਿੰਦਰ ਸਿੰਗ ਪੰਨੂ, ਦਲੀਪ ਸਿੰਘ ਭੂਰੜੇ, ਲੈਕਚਰਾਰ ਸੰਜੀਵ ਕੁਮਾਰ, ਪ੍ਰਗਟਜੀਤ ਸਿੰਘ ਅਤੇ ਕਰਮਜੀਤ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਲੰਗੜਾ ਪੇਅ ਕਮਿਸ਼ਨ ਲਾਗੂ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਿਸਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਨੋਟੀਫਿਕੇਸ਼ਨ ਜਾਰੀ ਨਹੀਂ ਹੁੰਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਧਰਨੇ ਦੌਰਾਨ ਪਹੁੰਚੇ ਤਹਿਸੀਲਦਾਰ ਚੇਤਨ ਬੰਗੜ ਵੱਲੋਂ ਮੰਗ ਪੱਤਰ ਲੈਂਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ 25 ਅਕਤੂਬਰ ਨੂੰ ਮੀਟਿੰਗ ਕਰਵਾਉਣ ਦੇ ਦਿੱਤੇ ਭਰੋਸੇ ਮਗਰੋਂ ਅਧਿਆਪਕਾਂ ਤੇ ਨਰਸਿੰਗ ਸਟਾਫ਼ ਵੱਲੋਂ ਧਰਨਾ ਚੁੱਕਿਆ ਗਿਆ।