ਮੁੱਖ ਮੰਤਰੀ ਨੂੰ ਰਹਿੰਦੇ ਮਸਲਿਆਂ ਦਾ ਹੱਲ ਕਰਨ ਦੀ ਮੰਗ
ਸੰਜੀਵ ਤੇਜਪਾਲ
ਮੋਰਿੰਡਾ, 17 ਅਕਤੂਬਰ
ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦੇ ਹੱਕ ’ਚ ਪੰਜਾਬ-ਯੂਟੀ ਮੁਲਾਜ਼ਮ ਅਤੇ ਪੈਨਸ਼ਨਰਾਂ ਦੇ ਸਾਂਝੇ ਫਰੰਟ ਵੱਲੋਂ ਰੋਸ ਰੈਲੀ ਕੱਢੀ ਗਈ। ਇਸ ਰੈਲੀ ਵਿੱਚ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ। ਇਸ ਸਬੰਧੀ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਨੇ ਦੱਸਿਆ ਕਿ ਮੋਰਚੇ ਵਲੋਂ ਮੋਰਿੰਡਾ ਬਾਜ਼ਾਰ ਵਿੱਚੋਂ ਰੋਸ ਰੈਲੀ ਕੱਢੀ ਗਈ। ਉਨ੍ਹਾਂ ਕਿਹਾ ਕਿ ਛੇਵਾਂ ਤਨਖਾਹ ਕਮਿਸ਼ਨ ਮੁਲਾਜ਼ਮ ਵਿਰੋਧੀ ਹੈ, ਜਿਸ ਕਾਰਨ ਇਸ ਵਿੱਚ ਮੁਲਾਜ਼ਮ ਪੱਖੀ ਸੋਧਾਂ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਵਿੱਤ ਵਿਭਾਗ ਵੱਲੋਂ ਪੈਨਸ਼ਨਰਾਂ ਦਾ ਨੋਟੀਫਿਕੇਸ਼ਨ ਜਾਰੀ ਨਾ ਕਰਨਾ ਵੀ ਇਹ ਸਾਬਿਤ ਕਰਦਾ ਹੈ ਕਿ ਵਿਭਾਗ ਨੂੰ ਇਨ੍ਹਾਂ ਦੀ ਕੋਈ ਪਰਵਾਹ ਨਹੀਂ ਹੈ। ਮੋਰਚੇ ਦੇ ਆਗੂਆਂ ਨੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਨਾ ਕਰਨ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਕਰਨ ਲਈ ਵੀ ਸਰਕਾਰ ਦੀ ਨਿਖੇਧੀ ਕੀਤੀ। ਇਸ ਮੌਕੇ ਪ੍ਰਧਾਨ ਸਤੀਸ਼ ਰਾਣਾ ਨੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੂੰ ਅਪੀਲ ਕੀਤੀ ਕਿ ਉਹ 21 ਅਕਤੂਬਰ ਨੂੰ ਹੋਣ ਵਾਲੀ ਮੀਟਿੰਗ ਵਿੱਚ ਯੂਟੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮਸਲਿਆਂ ਦਾ ਹੱਲ ਕਰਨ। ਮੋਰਚੇ ਵਿੱਚ ਡੈਮੋਕਰੇਟਿਕ ਟੀਚਰਜ਼ ਫਰੰਟ ਦੇ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਦੀ ਅਗਵਾਈ ਹੇਠ ਅਧਿਆਪਕਾਂ ਨੇ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਜਸਵਿੰਦਰ ਸਿੰਘ, ਮੱਖਣ ਲੰਗੇਰੀ, ਗੁਰਵਿੰਦਰ ਸਿੰਘ ਚੰਡੀਗੜ੍ਹ, ਪ੍ਰਵੀਨ ਬਾਲਾ, ਕਮਲ ਠਾਕੁਰ, ਦਰਸ਼ਨ ਸਿੰਘ, ਮਾਲਵਿੰਦਰ ਸਿੰਘ ਤੇ ਰਾਜਿੰਦਰ ਕੁਮਾਰ ਧੀਮਾਨ ਮੌਜੂਦ ਸਨ।
ਕੈਪਸ਼ਨ- ਮੋਰਿੰਡਾ ਵਿੱਚ ਰੋਸ ਰੈਲੀ ਕੱਢਦੇ ਹੋਏ ਮੁਲਾਜ਼ਮ।