Punjab Youth Congress: ਯੂਥ ਕਾਂਗਰਸ ਦਾ ਵਿਧਾਨ ਸਭਾ ਮਾਰਚ
ਪੰਜਾਬ ਯੂਥ ਕਾਂਗਰਸ ਨੇ ਅੱਜ ਫਾਰਮਾਸਿਸਟ ਭਰਤੀ ਪ੍ਰੀਖਿਆ ਵਿੱਚ ਸਾਹਮਣੇ ਆਏ ਕਥਿਤ ਨਕਲ ਘਪਲੇ ਅਤੇ ਲਗਾਤਾਰ ਸਾਹਮਣੇ ਆ ਰਹੇ ਕਥਿਤ ਪੇਪਰ ਲੀਕ ਮਾਮਲਿਆਂ ਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤਾ। ਇਸ ਮੌਕੇ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਉਦੈ ਭਾਨੂੰ ਚਿੱਬ ਅਤੇ ਪੰਜਾਬ...
ਪੰਜਾਬ ਯੂਥ ਕਾਂਗਰਸ ਨੇ ਅੱਜ ਫਾਰਮਾਸਿਸਟ ਭਰਤੀ ਪ੍ਰੀਖਿਆ ਵਿੱਚ ਸਾਹਮਣੇ ਆਏ ਕਥਿਤ ਨਕਲ ਘਪਲੇ ਅਤੇ ਲਗਾਤਾਰ ਸਾਹਮਣੇ ਆ ਰਹੇ ਕਥਿਤ ਪੇਪਰ ਲੀਕ ਮਾਮਲਿਆਂ ਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤਾ। ਇਸ ਮੌਕੇ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਉਦੈ ਭਾਨੂੰ ਚਿੱਬ ਅਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ ਸ਼ੁੱਭੀ ਦੀ ਅਗਵਾਈ ਹੇਠ ਵੱਡੀ ਗਿਣਤੀ ਯੂਥ ਕਾਂਗਰਸੀ ਸੈਕਟਰ 15 ਸਥਿਤ ਪੰਜਾਬ ਕਾਂਗਰਸ ਦਫ਼ਤਰ ਤੋਂ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਲਈ ਅੱਗੇ ਵਧੇ। ਚੰਡੀਗੜ੍ਹ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਕਾਂਗਰਸ ਦਫ਼ਤਰ ਤੋਂ ਕੁਝ ਦੂਰੀ ’ਤੇ ਹੀ ਵੱਡੀਆਂ ਰੋਕਾਂ ਲਗਾ ਕੇ ਰੋਕ ਦਿੱਤਾ। ਇਸ ਦੌਰਾਨ ਪੁਲੀਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਖਿੱਚ-ਧੂਹ ਹੋਈ ਅਤੇ ਪੁਲੀਸ ਨੇ ਪ੍ਰਦਰਸ਼ਨਕਾਰੀਆਂ ’ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ। ਇਸ ਤੋਂ ਬਾਅਦ ਚੰਡੀਗੜ੍ਹ ਪੁਲੀਸ ਨੇ ਯੂਥ ਕਾਂਗਰਸ ਦੇ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ।
ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਉਦੈ ਭਾਨੂ ਚਿੱਬ ਨੇ ਕਿਹਾ ਕਿ ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਭਰਤੀ ਪ੍ਰੀਖਿਆਵਾਂ ਦੀ ਭਰੋਸੇਯੋਗਤਾ ਲਗਾਤਾਰ ਸਵਾਲਾਂ ਦੇ ਘੇਰੇ ਵਿੱਚ ਰਹੀ ਹੈ। ਪੰਜਾਬ ਵਿੱਚ ਹੁਣ ਤੱਕ 6 ਵੱਡੇ ਪੇਪਰ ਲੀਕ ਹੋ ਚੁੱਕੇ ਹਨ। ਵਾਰ-ਵਾਰ ਪੇਪਰ ਲੀਕ ਹੋਣ ਨਾਲ ਅਤੇ ਭਰਤੀ ਘਪਲਿਆਂ ਨੇ ਲੱਖਾਂ ਮਿਹਨਤੀ ਨੌਜਵਾਨਾਂ ਦੇ ਸੁਫਨੇ ਤੋੜ ਦਿੱਤੇ ਹਨ। ‘ਆਪ’ ਸਰਕਾਰ ਨੂੰ ਪੇਪਰ ਲੀਕ ਅਤੇ ਭਰਤੀ ਘਪਲਿਆਂ ਬਾਰੇ ਜਵਾਬ ਦੇਣਾ ਪਵੇਗਾ। ਪੰਜਾਬ ਵਿੱਚ ਹੋ ਰਹੇ ਪੇਪਰ ਲੀਕ ਦੀ ਜ਼ਿੰਮੇਵਾਰੀ ਲੈਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਨੈਤਿਕਤਾ ਦੇ ਆਧਾਰ ’ਤੇ ਅਸਤੀਫ਼ਾ ਦੇਣਾ ਚਾਹੀਦਾ। ‘ਆਪ’ ਸਰਕਾਰ ਵੱਲੋਂ ਪਹਿਲਾਂ ਨੌਜਵਾਨਾਂ ਦੇ ਸੁਫਨੇ ਤੋੜੇ ਗਏ ਅਤੇ ਹੁਣ ਨੌਜਵਾਨਾਂ ਦੀ ਆਵਾਜ਼ ਵੀ ਦਬਾਉਣ ਦਾ ਕੰਮ ਕਰ ਰਹੀ ਹੈ।
ਸ਼ੁਭਮ ਸ਼ਰਮਾ ਸ਼ੁੱਭੀ ਨੇ ਕਿਹਾ ਕਿ ‘ਆਪ’ ਸਰਕਾਰ ਕੋਲ ਭਰਤੀ ਘਪਲਿਆਂ ਦਾ ਕੋਈ ਜਵਾਬ ਨਹੀਂ ਹੈ। ਇਸ ਲਈ ਲੋਕਤੰਤਰੀ ਵਿਰੋਧ ਨੂੰ ਪੁਲੀਸ ਦੇ ਜ਼ਰੀਏ ਦਬਾਉਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਮੰਗ ਕੀਤੀ ਕਿ ਫਾਰਮਾਸਿਸਟ ਭਰਤੀ ਮਾਮਲੇ ਦੀ ਨਿਰਪੱਖ ਅਤੇ ਸਮਾਂਬੱਧ ਜਾਂਚ ਕਰਵਾਈ ਜਾਵੇ, ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੈਤਿਕ ਆਧਾਰ ’ਤੇ ਤੁਰੰਤ ਅਸਤੀਫ਼ਾ ਦੇਣ ਅਤੇ ਰਾਜ ਵਿੱਚ ਹੋਈਆਂ ਸਾਰੀਆਂ ਸ਼ੱਕੀ ਭਰਤੀ ਪ੍ਰੀਖਿਆਵਾਂ ਅਤੇ ਪੇਪਰ ਲੀਕ ਮਾਮਲਿਆਂ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ।
ਏ ਬੀ ਵੀ ਪੀ ਵਰਕਰਾਂ ’ਤੇ ਪਾਣੀ ਦੀਆਂ ਬੁਛਾੜਾਂ
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ (ਏ ਬੀ ਵੀ ਪੀ) ਵੱਲੋਂ ਪੰਜਾਬ ਵਿੱਚ ਹੋ ਰਹੇ ਪੇਪਰ ਲੀਕ, ਵਿਗੜ ਰਹੀ ਕਾਨੂੰਨ-ਵਿਵਸਥਾ ਅਤੇ ਪੰਜਾਬ ਦੀ ਸਿੱਖਿਆ ਪ੍ਰਣਾਲੀ ਦੀ ਚਿੰਤਾਜਨਕ ਸਥਿਤੀ ਦੇ ਵਿਰੋਧ ਵਿੱਚ ਚੰਡੀਗੜ੍ਹ ਦੇ ਸੈਕਟਰ 25 ਵਿੱਚ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਏ ਬੀ ਵੀ ਪੀ ਦੇ ਕਾਰਕੁਨਾਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਲਈ ਅਗੇ ਵਧੇ। ਚੰਡੀਗੜ੍ਹ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਬੈਰੀਕੇਡ ਲਗਾ ਦਿੱਤੇ। ਇਸ ਦੇ ਬਾਵਜੂਦ ਪ੍ਰਦਰਸ਼ਨਕਾਰੀਆਂ ਨੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲੀਸ ਨੇ ਪ੍ਰਦਰਸ਼ਨਕਾਰੀਆਂ ’ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ। ਏ ਬੀ ਵੀ ਪੀ ਦੇ ਕੌਮੀ ਜਨਰਲ ਸਕੱਤਰ ਡਾ. ਵੀਰੇਂਦਰ ਸਿੰਘ ਸੋਲੰਕੀ, ਆਦਿਤਿਆ ਤਕਿਆਰ ਅਤੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਦੇ ਪ੍ਰਧਾਨ ਗੌਰਵ ਵੀਰ ਸੋਹਲ ਨੇ ਪੰਜਾਬ ਵਿੱਚ ਹੋ ਰਹੇ ਪੇਪਰ ਲੀਕ ਦੇ ਮਾਮਲਿਆਂ ਲਈ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਜ਼ਿੰਮੇਵਾਰ ਠਹਿਰਾਇਆ ਅਤੇ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦਾਅਵਾ ਕਰ ਰਹੇ ਹਨ ਕਿ ਪੰਜਾਬੀ ਵਿੱਚ ਕੋਈ ਪੇਪਰ ਲੀਕ ਨਹੀਂ ਹੋਇਆ ਜਦੋਂਕਿ ਕੁਝ ਸਮਾਂ ਪਹਿਲਾਂ 13 ਮਾਰਚ 2023 ਨੂੰ ਉਨ੍ਹਾਂ ਨੇ ਖ਼ੁਦ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਮੰਨਿਆ ਸੀ ਕਿ ਪੰਜਾਬ ਵਿੱਚ ਟੀ ਈ ਟੀ ਦਾ ਪੇਪਰ ਲੀਕ ਹੋ ਗਿਆ ਹੈ। ਪੰਜਾਬ ਸਰਕਾਰ ਨੂੰ ਲੋਕਾਂ ਨਾਲ ਝੂਠ ਬੋਲਣ ਲਈ ਮੁਆਫੀ ਮੰਗਣੀ ਚਾਹੀਦੀ ਹੈ। ਇਸ ਦੇ ਨਾਲ ਹੀ ਪ੍ਰਦਰਸ਼ਨਕਾਰੀਆਂ ਨੇ ਸੂਬੇ ਵਿੱਚ ਲਗਾਤਾਰ ਵਿਗੜ ਰਹੀ ਕਾਨੂੰਨ ਵਿਵਸਥਾ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ, ਜਿਨ੍ਹਾਂ ਦੀ ਢਿੱਲੀ ਕਾਰਗੁਜ਼ਾਰੀ ਕਰ ਕੇ ਅਜਿਹੀ ਘਟਨਾਵਾਂ ਵਾਪਰ ਰਹੀਆਂ ਹਨ।

