ਪੱਤਰ ਪ੍ਰੇਰਕ
ਚੰਡੀਗੜ੍ਹ, 1 ਮਈ
ਚੰਡੀਗੜ੍ਹ ਸ਼ਹਿਰ ਵਿੱਚ ਪੰਜਾਬੀ ਮਾਂ ਬੋਲੀ ਨੂੰ ਪਹਿਲੀ ਅਤੇ ਪ੍ਰਸ਼ਾਸਨਿਕ ਭਾਸ਼ਾ ਦਾ ਦਰਜਾ ਦਿਵਾਉਣ ਲਈ ਯਤਨਸ਼ੀਲ ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਸੈਕਟਰ 22 ਸਥਿਤ ਗੁਰਦੁਆਰਾ ਸਾਹਿਬ ਵਿੱਚ ਅਗਲੇ ਸੰਘਰਸ਼ ਬਾਰੇ ਮੀਟਿੰਗ ਕੀਤੀ ਗਈ। ਮੰਚ ਦੇ ਪ੍ਰਧਾਨ ਸੁਖਜੀਤ ਸਿੰਘ ਸੁੱਖਾ ਹੱਲੋਮਾਜਰਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਪੇਂਡੂ ਸੰਘਰਸ਼ ਕਮੇਟੀ ਚੰਡੀਗੜ੍ਹ, ਕੇਂਦਰੀ ਪੰਜਾਬੀ ਲੇਖਕ ਸਭਾ ਦੇ ਅਹੁਦੇਦਾਰ ਵੀ ਸ਼ਾਮਲ ਹੋਏ। ਮੀਟਿੰਗ ਦੀ ਕਾਰਵਾਈ ਸ਼ੁਰੂ ਕਰਦਿਆਂ ਕਾਮਰੇਡ ਦੇਵੀ ਦਿਆਲ ਸ਼ਰਮਾ ਨੇ 31 ਮਾਰਚ ਨੂੰ ਸੈਕਟਰ 20 ਵਿੱਚ ਕੀਤੀ ਗਈ ਰੋਸ ਰੈਲੀ ਨੂੰ ਕਾਮਯਾਬ ਕਰਨ ਲਈ ਧੰਨਵਾਦ ਕੀਤਾ ਗਿਆ ਅਤੇ ਅਗਲੇ ਸੰਘਰਸ਼ ਦੀ ਤਿਆਰੀ ਬਾਰੇ ਜਾਣਕਾਰੀ ਦਿੱਤੀ। ਮੀਟਿੰਗ ਦੌਰਾਨ ਬੁਲਾਰਿਆਂ ਨੇ ਸੁਝਾਅ ਪੇਸ਼ ਕਰਦਿਆਂ ਕਿਹਾ ਕਿ ਭਾਵੇਂ ਯੂਟੀ ਪ੍ਰਸ਼ਾਸਨ ਅਤੇ ਕੇਂਦਰ ਸਰਕਾਰ ਪੰਜਾਬੀ ਬੋਲੀ ਲਾਗੂ ਕਰਨ ਲਈ ਟੱਸ ਤੋਂ ਮੱਸ ਨਹੀਂ ਹੋ ਰਿਹਾ ਹੈ ਪਰ ਚੰਡੀਗੜ੍ਹ ਪੰਜਾਬੀ ਮੰਚ ਆਪਣੇ ਸਹਿਜਮਈ ਢੰਗ ਨਾਲ ਸੰਘਰਸ਼ ਲਗਾਤਾਰ ਰੱਖੇਗਾ। ਉਨ੍ਹਾਂ ਐਲਾਨ ਕੀਤਾ ਕਿ 30 ਜੂਨ ਨੂੰ ਸੈਕਟਰ 17 ਸਥਿਤ ਪਲਾਜ਼ਾ ਵਿਖੇ ਪੁਲ਼ ਦੇ ਹੇਠਾਂ ਵਿਸ਼ਾਲ ਧਰਨਾ ਦਿੱਤਾ ਜਾਵੇਗਾ। ਧਰਨੇ ਵਿੱਚ ਚੰਡੀਗੜ੍ਹ ਸ਼ਹਿਰ ਅਤੇ ਇਸ ਦੇ ਪਿੰਡਾਂ ਦੇ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਜਾਵੇਗਾ।