ਨਿੱਜੀ ਪੱਤਰ ਪ੍ਰੇਰਕ
ਚਮਕੌਰ ਸਾਹਿਬ, 12 ਮਈ
ਪੁਰਾਣੀ ਪੈਨਸ਼ਨ ਬਹਾਲੀ ਦੇ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਐਲਾਨ ਦੇ ਇੱਕ ਸਾਲ ਤੋਂ ਵੱਧ ਸਮੇਂ ਬੀਤਣ ਤੋਂ ਬਾਅਦ ਵੀ ਐੱਸਓਪੀ ਜਾਰੀ ਨਾ ਕਰਨ ਦੇ ਰੋਸ ਵਿੱਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਸਮੂਹ ਐੱਨਪੀਐੱਸ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ। ਇਸ ਕਰਕੇ ਹੁਣ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੇ ਦਿਸ਼ਾ ਨਿਰਦੇਸ਼ ਦੇ ਅਨੁਸਾਰ ਪੋਸਟਰ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਜ਼ਿਲ੍ਹਾ ਰੂਪਨਗਰ ਵਿੱਚ ਜ਼ਿਲ੍ਹਾ ਕਨਵੀਨਰ ਗੁਰਿੰਦਰਪਾਲ ਖੇੜੀ ਅਤੇ ਸੂਬਾ ਪ੍ਰੈੱਸ ਸਕੱਤਰ ਪ੍ਰੇਮ ਸਿੰਘ ਠਾਕੁਰ ਦੀ ਅਗਵਾਈ ਹੇਠ ਜ਼ਿਲ੍ਹਾ ਰੂਪਨਗਰ ਵਿੱਚ ਪੋਸਟਰ ਮੁਹਿੰਮ ਤੇਜ਼ੀ ਨਾਲ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਉੱਤੇ ਨਿਊ ਕੰਟਰੀਬਿਊਟਰੀ ਪੈਨਸ਼ਨ ਸਕੀਮ ਥੋਪ ਦਿੱਤੀ ਗਈ ਹੈ ਅਤੇ ਪੁਰਾਣੇ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਝੰਡੇ ਥੱਲੇ ਪੰਜਾਬ ਦੇ ਮੁਲਾਜ਼ਮ ਪੁਰਾਣੀ ਪੈਨਸ਼ਨ ਦੀ ਪ੍ਰਾਪਤੀ ਲਈ ਪਿਛਲੇ 12 ਸਾਲਾਂ ਤੋਂ ਲਗਾਤਾਰ ਸੰਘਰਸ਼ ਕਰ ਰਹੇ ਹਨ। ਪੰਜਾਬ ਦੀ ਮੌਜੂਦਾ ਸਰਕਾਰ ਨੇ ਵੀ ਸੱਤਾ ਵਿੱਚ ਆਉਣ ਤੋਂ ਪਹਿਲਾਂ ਮੁਲਾਜ਼ਮਾਂ ਨੂੰ ਭਰੋਸਾ ਦਿੱਤਾ ਸੀ ਕਿ ਜੇਕਰ ਪੰਜਾਬ ਅੰਦਰ ਉਨ੍ਹਾਂ ਦੀ ਸਰਕਾਰ ਬਣਦੀ ਹੈ ਤਾਂ ਪੁਰਾਣੀ ਪੈਨਸ਼ਨ ਬਹਾਲ ਕਰ ਦਿੱਤੀ ਜਾਵੇਗੀ ਪਰ ਇਹ ਸਰਕਾਰ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਝੂਠੇ ਲਾਰਿਆਂ ਵਾਲੀ ਸਾਬਤ ਹੋਈ। ਇਸ ਮੌਕੇ ਅਧਿਆਪਕ ਇਕਬਾਲ ਸਿੰਘ, ਗੁਰਿੰਦਰ ਸਿੰਘ, ਵਿਜੈ ਕੁਮਾਰ, ਹਰਨੇਕ ਸਿੰਘ, ਹਰਸਿਮਰਤ ਸਿੰਘ ਆਦਿ ਹਾਜ਼ਰ ਸਨ।