ਘੱਗਰ ਦਰਿਆ ’ਤੇ ਮੁਬਾਰਕਪੁਰ ਕਾਜ਼ਵੇਅ ਦੀ ਰੇਲਿੰਗ ਟੁੱਟੀ
ਹਰਜੀਤ ਸਿੰਘ
ਡੇਰਾਬੱਸੀ, 29 ਜੂਨ
ਮੁਬਾਰਕਪੁਰ ਘੱਗਰ ਦਰਿਆ ’ਤੇ ਬਣਿਆ ਕਾਜ਼ਵੇਅ ਇਸ ਵੇਲੇ ਲੋਕਾਂ ਲਈ ਖ਼ਤਰਾ ਬਣਿਆ ਹੋਇਆ ਹੈ। ਕਾਜ਼ਵੇਅ ਦੀ ਟੁੱਟੀ ਰੇਲਿੰਗ ਕਾਰਨ ਕਈ ਹਾਦਸੇ ਵਾਪਰ ਚੁੱਕੇ ਹਨ, ਪਰ ਹੈਰਾਨੀ ਦੀ ਗੱਲ ਹੈ ਕਿ ਪ੍ਰਸ਼ਾਸਨ ਅਜੇ ਵੀ ਇਸ ਵੱਡੀ ਸਮੱਸਿਆ ਤੋਂ ਬੇਖ਼ਬਰ ਜਾਪਦਾ ਹੈ। ਇਹ ਕਾਜ਼ਵੇਅ ਰੋਜ਼ਾਨਾ ਹਜ਼ਾਰਾਂ ਵਾਹਨ ਚਾਲਕਾਂ ਅਤੇ ਪੈਦਲ ਯਾਤਰੀਆਂ ਵੱਲੋਂ ਵਰਤਿਆ ਜਾਂਦਾ ਹੈ। ਕਾਜ਼ਵੇਅ ਦੇ ਕਈ ਹਿੱਸਿਆਂ ਤੋਂ ਰੇਲਿੰਗ ਪੂਰੀ ਤਰ੍ਹਾਂ ਟੁੱਟ ਚੁੱਕੀ ਹੈ। ਇਸ ਕਾਰਨ ਰਾਹਗੀਰਾਂ ਦਾ ਖ਼ਾਸ ਕਰ ਕੇ ਰਾਤ ਦੇ ਸਮੇਂ ਲਈ ਡਿੱਗਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਬਰਸਾਤ ਦੇ ਮੌਸਮ ਵਿੱਚ ਜਦੋਂ ਦਰਿਆ ਵਿੱਚ ਪਾਣੀ ਦਾ ਪੱਧਰ ਵਧ ਜਾਂਦਾ ਹੈ ਤਾਂ ਇਹ ਖ਼ਤਰਾ ਹੋਰ ਵੀ ਗੰਭੀਰ ਹੋ ਜਾਂਦਾ ਹੈ।
ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਸ ਟੁੱਟੀ ਰੇਲਿੰਗ ਕਾਰਨ ਪਹਿਲਾਂ ਕਈ ਹਾਦਸੇ ਵਾਪਰ ਚੁੱਕੇ ਹਨ, ਜਿਨ੍ਹਾਂ ਵਿੱਚ ਕਈ ਲੋਕ ਜ਼ਖ਼ਮੀ ਵੀ ਹੋਏ ਹਨ। ਸਥਾਨਕ ਲੋਕਾਂ ਵੱਲੋਂ ਕਈ ਵਾਰ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਇਸ ਮਾਮਲੇ ਬਾਰੇ ਸ਼ਿਕਾਇਤ ਕੀਤੀ ਗਈ ਹੈ ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਲੋਕਾਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਜੇ ਛੇਤੀ ਹੀ ਇਸ ਸਮੱਸਿਆ ਦਾ ਹੱਲ ਨਾ ਹੋਇਆ ਤਾਂ ਕੋਈ ਵੱਡਾ ਹਾਦਸਾ ਵਾਪਰ ਸਕਦਾ ਹੈ। ਲੋਕਾਂ ਨੇ ਮੰਗ ਕੀਤੀ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਸਬੰਧਤ ਅਧਿਕਾਰੀ ਇਸ ਗੰਭੀਰ ਮਾਮਲੇ ਦਾ ਨੋਟਿਸ ਲੈਣ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਤੁਰੰਤ ਕਦਮ ਚੁੱਕਣ।