ਪੰਜਾਬ ਵਿੱਚ ਮੀਂਹ ਕਰਕੇ ਹਾਲਾਤ ਹੋਰ ਵਿਗੜੇ; ਹੜ੍ਹਾਂ ਦੌਰਾਨ ਮੌਤਾਂ ਦੀ ਗਿਣਤੀ 26 ਹੋਈ
ਪੰਜਾਬ ਵਿੱਚ ਲੰਘੀ ਰਾਤ ਤੋਂ ਰੁਕ ਰੁਕ ਕੇ ਪੈ ਰਹੇ ਮੀਂਹ ਕਰਕੇ ਹੜ੍ਹਾਂ ਦੀ ਹਾਲਤ ਹੋਰ ਗੰਭੀਰ ਹੋਣ ਲੱਗੀ ਹੈ। ਇਸ ਸਮੇਂ ਤੱਕ ਪੰਜਾਬ ਦੇ 1000 ਤੋਂ ਵੱਧ ਪਿੰਡ ਹੜ੍ਹਾਂ ਦੀ ਮਾਰ ਹੇਠ ਆ ਚੁੱਕੇ ਹਨ ਤੇ ਹੁਣ ਤੱਕ 26 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮੀਂਹ ਨੂੰ ਵੇਖਦਿਆਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਅਤੇ ਘੱਗਰ ਨੇੜਲੇ ਇਲਾਕਿਆਂ ਵਿੱਚ ਲੋਕਾਂ ਦੇ ਸਾਹ ਸੁੱਕਣੇ ਪਏ ਹੋਏ ਹਨ। ਮੀਂਹ ਕਰਕੇ ਬਿਆਸ ਅਤੇ ਘੱਗਰ ਵਿੱਚ ਵੀ ਪਾਣੀ ਦਾ ਪੱਧਰ ਵੱਧ ਗਿਆ ਹੈ। ਜਦੋਂ ਕਿ ਰਾਵੀ ਨੇ ਵਿਧਾਨ ਸਭਾ ਹਲਕਾ ਅਜਨਾਲਾ ਦੇ ਕਈ ਹੋਰ ਪਿੰਡਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ। ਸੂਬਾ ਸਰਕਾਰ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਦੋਂ ਪੰਜਾਬ ਦਾ ਪਾਣੀ ਪਾਕਿਸਤਾਨ ਵੱਲ ਵਧੇਗਾ ਤਾਂ ਹੀ ਇੱਥੇ ਹਾਲਾਤ ਸੁਧਰ ਸਕਦੇ ਹਨ।
ਘੱਗਰ ਨਦੀ ਵਿੱਚ ਪਾਣੀ ਵਧਣ ਕਰਕੇ ਘਨੌਰ ਨੇੜਲੇ ਕੁਝ ਪਿੰਡਾਂ ਦੇ ਖੇਤਾਂ ਵਿੱਚ ਵੀ ਪਾਣੀ ਦਾਖਲ ਹੋ ਗਿਆ ਹੈ ਜਦੋਂ ਕਿ ਅੱਗੇ ਸਮਾਣਾ, ਸ਼ੁਤਰਾਣਾ ਅਤੇ ਹੋਰ ਇਲਾਕਿਆਂ ਵਿੱਚ ਅਲਰਟ ਜਾਰੀ ਕਰ ਦਿੱਤਾ ਹੈ। ਇਨ੍ਹਾਂ ਇਲਾਕਿਆਂ ਵਿੱਚ ਘੱਗਰ ਦਾ ਪਾਣੀ ਵੱਧਦਾ ਦੇਖ ਘੱਗਰ ਨੇੜੇ ਰਹਿਣ ਵਾਲੇ ਲੋਕਾਂ ਨੇ ਆਪੋ ਆਪਣਾ ਸਾਮਾਨ ਸਾਂਭਣਾ ਸ਼ੁਰੂ ਕਰ ਦਿੱਤਾ ਹੈ।
ਦੂਜੇ ਪਾਸੇ ਅਜਨਾਲਾ ਦੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਨਾਲ ਸਥਿਤ ਉਨ੍ਹਾਂ ਦੇ ਹਲਕੇ ਦੇ ਜ਼ਿਆਦਾਤਰ ਹਿੱਸੇ ਵਿੱਚ ਹੜ੍ਹਾਂ ਕਾਰਨ ਭਾਰੀ ਤਬਾਹੀ ਹੋਈ ਹੈ। ਉਨ੍ਹਾਂ ਕਿਹਾ, ‘‘ਕੇਂਦਰ ਨੂੰ ਤੁਰੰਤ ਪੰਜਾਬ ਦੀ ਮਦਦ ਲਈ ਆਉਣਾ ਚਾਹੀਦਾ ਹੈ।’’
ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਬਠਿੰਡਾ, ਸੰਗਰੂਰ, ਮਾਨਸਾ, ਅੰਮ੍ਰਿਤਸਰ, ਫਿਰੋਜ਼ਪੁਰ, ਫਾਜ਼ਿਲਕਾ, ਜਲੰਧਰ, ਲੁਧਿਆਣਾ, ਪਟਿਆਲਾ, ਫਤਿਹਗੜ੍ਹ, ਰੋਪੜ ਅਤੇ ਮਾਨਸਾ ਵਿੱਚ ਕੁਝ ਇਲਾਕਿਆਂ ਵਿੱਚ ਮੀਂਹ ਪਿਆ ਹੈ। ਇਸ ਦੇ ਨਾਲ ਹੀ ਮੌਸਮ ਵਿਗਿਆਨੀਆਂ ਨੇ ਅੱਜ ਸਾਰਾ ਦਿਨ ਅਤੇ ਭਲਕੇ ਪਹਿਲੀ ਸਤੰਬਰ ਨੂੰ ਵੀ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ।