ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 9 ਮਾਰਚ
ਚੰਡੀਗੜ੍ਹ ਨਗਰ ਨਿਗਮ ਅਧੀਨ ਆਉਂਦੇ ਪਿੰਡ ਰਾਏਪੁਰ ਕਲਾਂ ਵਿੱਚ ਸਟੇਟ ਟਰਾਂਸਪੋਰਟ ਅਥਾਰਿਟੀ ਦਫ਼ਤਰ ਦੀ ਇਮਾਰਤ ਬਣਾਉਣ ਤੋਂ ਪਹਿਲਾਂ ਸ਼ੁਰੂ ਹੋਇਆ ਵਿਵਾਦ ਵਧਦਾ ਜਾ ਰਿਹਾ ਹੈ। ਪਿੰਡ ਵਾਸੀਆਂ ਵੱਲੋਂ ਸਟੇਟ ਦਫ਼ਤਰ ਦੀ ਇਮਾਰਤ ਬਣਾਉਣ ਲਈ ਪਿੰਡ ਦੀ ਫਿਰਨੀ ਨੂੰ ਛੋਟਾ ਕਰਨ ਦਾ ਵਿਰੋਧ ਕੀਤਾ ਜਾ ਰਿਹਾ ਹੈ, ਉੱਥੇ ਹੀ ਪਿੰਡ ਦੀ ਫਿਰਨੀ ਚੌੜੀ ਕਰਨ ਅਤੇ ਪਾਰਕਿੰਗ ਬਣਾਉਣ ਦੀ ਮੰਗ ਨੂੰ ਲੈ ਕੇ ਸ਼ੁਰੂ ਹੋਇਆ ਧਰਨਾ 28ਵੇਂ ਦਿਨ ਵੀ ਜਾਰੀ ਰਿਹਾ। ਪ੍ਰਸ਼ਾਸਨ ਨੇ ਪਿੰਡ ਵਾਸੀਆਂ ਦੇ ਵਿਰੋਧ ਕਾਰਨ ਇਮਾਰਤ ਬਣਾਉਣ ਦੇ ਕੰਮ ’ਤੇ ਬਰੇਕ ਲਗਾ ਦਿੱਤੀ ਹੈ ਪਰ ਪਿੰਡ ਵਾਸੀਆਂ ਦੀ ਸਾਰ ਲੈਣ ਕੋਈ ਵੀ ਅਧਿਕਾਰੀ ਨਹੀਂ ਪਹੁੰਚਿਆ। ਇਸ ਮੌਕੇ ਪਿੰਡ ਵਾਸੀ ਅਤੇ ਪੇਂਡੂ ਸੰਘਰਸ਼ ਕਮੇਟੀ ਦੇ ਅਹੁਦੇਦਾਰ ਵੀ ਹਾਜ਼ਰ ਰਹੇ। ਪਿੰਡ ਰਾਏਪੁਰ ਕਲਾਂ ਵਿੱਚ ਪ੍ਰਦਰਸ਼ਨ ਕਰਨ ਸਮੇਂ ਸਾਬਕਾ ਸਰਪੰਚ ਰਾਜਵਿੰਦਰ ਸਿੰਘ, ਗੁਰਦੀਪ ਸਿੰਘ, ਸਾਬਕਾ ਪੰਚ ਸੋਹਨ ਸਿੰਘ, ਸੁਰਿੰਦਰ ਸਿੰਘ, ਜਸਬੀਰ ਸਿੰਘ, ਸੰਜੇ ਰਾਏ ਤੇ ਜੈ ਪ੍ਰਕਾਸ਼ ਹਾਜ਼ਰ ਰਹੇ। ਉਨ੍ਹਾਂ ਕਿਹਾ ਕਿ ਉਹ ਪਿੰਡ ਦੀ ਫਿਰਨੀ ਨੂੰ ਛੋਟਾ ਕਰਨ ਦੇ ਵਿਰੋਧ ’ਚ ਕਈ ਵਾਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੁਲਾਕਾਤ ਕਰ ਚੁੱਕੇ ਹਨ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਹੈ। ਪ੍ਰਦਰਸ਼ਨਕਾਰੀਆਂ ਨੇ ਯੂਟੀ ਪ੍ਰਸ਼ਾਸਨ ’ਤੇ ਪਿੰਡ ਵਾਸੀਆਂ ਨਾਲ ਧੱਕੇਸ਼ਾਹੀ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਉਨ੍ਹਾਂ ਦੀ ਗੱਲ ਨਾ ਸੁਣੀ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।