Rajbir Singh Ghumman: ਮੁੱਖ ਮੰਤਰੀ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਸੀਬੀਆਈ ਦਫ਼ਤਰ ਪੁੱਜੇ
ਕੈਂਪ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਹੋ ਰਹੀ ਹੈ ਪੁੱਛ-ਪੜਤਾਲ
Rajbir Singh Ghumman: ਚੰਡੀਗੜ੍ਹ ਵਿੱਚ ਮੁੱਖ ਮੰਤਰੀ ਪੰਜਾਬ ਦੇ ਕੈਂਪ ਦਫ਼ਤਰ ਨਾਲ ਸਬੰਧਤ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀਬੀਆਈ ਵੱਲੋਂ ਦਰਜ ਕੀਤੀ ਗਈ ਐੱਫਆਈਆਰ ਦੀ ਜਾਂਚ ਜਾਰੀ ਹੈ। ਇਸੇ ਜਾਂਚ ਦੇ ਸਿਲਸਿਲੇ ਵਿੱਚ ਮੁੱਖ ਮੰਤਰੀ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਅੱਜ ਚੰਡੀਗੜ੍ਹ ਦੇ ਸੈਕਟਰ 30 ਸਥਿਤ ਸੀਬੀਆਈ ਦਫ਼ਤਰ ਪਹੁੰਚੇ। ਇੱਥੇ ਉਨ੍ਹਾਂ ਤੋਂ ਮਾਮਲੇ ਸਬੰਧੀ ਪੁੱਛ-ਪੜਤਾਲ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਵੀ ਰਾਜਬੀਰ ਸਿੰਘ ਘੁੰਮਣ ਸੀਬੀਆਈ ਦਫ਼ਤਰ ਵਿੱਚ ਪੇਸ਼ ਹੋਏ ਸਨ। ਉਸ ਸਮੇਂ ਪੁੱਛ-ਪੜਤਾਲ ਤੋਂ ਬਾਅਦ ਜਦੋਂ ਉਹ ਦਫ਼ਤਰ ਤੋਂ ਬਾਹਰ ਆਏ ਸਨ ਤਾਂ ਉਨ੍ਹਾਂ ਪੱਤਰਕਾਰਾਂ ਨੂੰ ਦੱਸਿਆ ਸੀ ਕਿ ਸੀਬੀਆਈ ਨੇ ਉਨ੍ਹਾਂ ਨੂੰ ਮੁੜ 31 ਅਕਤੂਬਰ ਨੂੰ ਪੇਸ਼ ਹੋਣ ਲਈ ਕਿਹਾ ਹੈ।
ਸੀਬੀਆਈ ਦੇ ਨਿਰਦੇਸ਼ਾਂ ’ਤੇ ਮੁੜ ਹੋਏ ਪੇਸ਼
ਸੀਬੀਆਈ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਰਾਜਬੀਰ ਸਿੰਘ ਘੁੰਮਣ ਅੱਜ ਆਪਣੇ ਕਾਫ਼ਲੇ ਸਮੇਤ ਸੈਕਟਰ 30 ਸਥਿਤ ਸੀਬੀਆਈ ਦਫ਼ਤਰ ਪਹੁੰਚੇ। ਮਾਮਲੇ ਦੀ ਜਾਂਚ ਦੇ ਹਿੱਸੇ ਵਜੋਂ ਉਨ੍ਹਾਂ ਤੋਂ ਮੁੜ ਪੁੱਛ-ਪੜਤਾਲ ਕੀਤੀ ਜਾ ਰਹੀ ਹੈ।
ਦੱਸਣਾ ਬਣਦਾ ਹੈ ਕਿ ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ 12 ਅਕਤੂਬਰ ਨੂੰ ਵੱਡੀ ਰਾਹਤ ਮਿਲੀ ਸੀ। ਸਰਬਉੱਚ ਅਦਾਲਤ ਨੇ ਕੇਂਦਰੀ ਜਾਂਚ ਏਜੰਸੀ ਸੀਬੀਆਈ ਨੂੰ ਕਿਸੇ ਵੀ ਤਰ੍ਹਾਂ ਦੀ ਜ਼ਬਰੀ ਕਾਰਵਾਈ ਕਰਨ ਤੋਂ ਸਪੱਸ਼ਟ ਤੌਰ ’ਤੇ ਰੋਕ ਦਿੱਤਾ ਸੀ। ਰਾਜਬੀਰ ਸਿੰਘ ਘੁੰਮਣ ਹੁਣ ਸੀਬੀਆਈ ਦੀ ਜਾਂਚ ’ਚ ਸ਼ਾਮਲ ਹੋ ਸਕਣਗੇ ਪ੍ਰੰਤੂ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਗ੍ਰਿਫ਼ਤਾਰੀ ਤੋਂ ਰਾਹਤ ਮਿਲ ਗਈ। ਹਾਲਾਂਕਿ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਤੋਂ ਸੀਬੀਆਈ ਜਾਂਚ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ, ਜਿਸ ਤੇ ਸੁਪਰੀਮ ਕੋਰਟ ਨੇ ਸਾਫ਼ ਇਨਕਾਰ ਕਰ ਦਿੱਤਾ ਸੀ।
ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ 5 ਅਕਤੂਬਰ ਨੂੰ ਮਾਮਲੇ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪਣ ਦੇ ਹੁਕਮ ਦਿੱਤੇ ਗਏ ਸਨ, ਜਿਸ ਨੂੰ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੀਵ ਪਟੀਸ਼ਨ (SLP) ਰਾਹੀਂ ਚੁਣੌਤੀ ਦਿੱਤੀ ਸੀ।

