ਚੰਡੀਗੜ੍ਹ (ਪੱਤਰ ਪ੍ਰੇਰਕ): ਪੀਜੀਆਈ ਦੇ ਓਟੀ ਟੈਕਨੀਕਲ ਸਟਾਫ਼ ਐਸੋਸੀਏਸ਼ਨ ਵੱਲੋਂ ਅੱਜ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਪੀਜੀਆਈ ਦੇ ਗੇਟ ਤੋਂ ਸੈਕਟਰ 25 ਸਥਿਤ ਰੈਲੀ ਗਰਾਉਂਡ ਤੱਕ ਰੋਸ ਰੈਲੀ ਕੱਢੀ ਗਈ। ਇਸ ਵਿੱਚ ਸ਼ਾਮਲ ਸਟਾਫ਼ ਵੱਲੋਂ ਪੀਜੀਆਈ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜੀ ਕੀਤੀ ਗਈ। ਐਸੋਸੀਏਸ਼ਨ ਦੇ ਜਨਰਲ ਸਕੱਤਰ ਮਨੋਜ ਕੁਮਾਰ ਨੇ ਕਿਹਾ ਕਿ ਪ੍ਰਬੰਧਕ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਮੰਨਣ ਤੋਂ ਵੀ ਇਨਕਾਰੀ ਹੈ। ਪਿਛਲੇ ਲੰਬੇ ਸਮੇਂ ਤੋਂ ਪੈਂਡਿੰਗ ਪਈਆਂ ਮੰਗਾਂ ਬਾਰੇ ਪ੍ਰਬੰਧਕਾਂ ਨੇ ਜਨਵਰੀ 2020 ਤੋਂ ਬਾਅਦ ਐਸੋਸੀਏਸ਼ਨ ਨਾਲ ਕੋਈ ਮੀਟਿੰਗ ਤੱਕ ਨਹੀਂ ਕੀਤੀ। ਮੀਟਿੰਗ ਵਿੱਚ ਮੰਗਾਂ ਮੰਨਣ ਦੇ ਭਰੋਸੇ ਦੇ ਬਾਵਜੂਦ ਵੀ ਕੋਈ ਮੰਗ ਨਹੀਂ ਮੰਨੀ ਗਈ ਜਿਸ ਕਾਰਨ ਅੱਜ ਰੋਸ ਰੈਲੀ ਕਰਨੀ ਪਈ। ਉਨ੍ਹਾਂ ਕਿਹਾ ਕਿ ਜੇ ਹੁਣ ਵੀ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ 16 ਜਨਵਰੀ ਨੂੰ ਐਸੋਸੀਏਸ਼ਨ ਬਾਡੀ ਦੀ ਹੋਣ ਵਾਲੀ ਮੀਟਿੰਗ ਵਿੱਚ ਅਗਲੇ ਸੰਘਰਸ਼ ਦੀ ਰੂਪਰੇਖਾ ਉਲੀਕੀ ਜਾਵੇਗੀ।