ਪਨਬਸ ਅਤੇ ਪੀ ਆਰ ਟੀ ਸੀ ਦੇ ਕੰਟਰੈਕਟ ਵਰਕਰਾਂ ਦੀ ਰੈਲੀ
ਸਕੱਤਰ ਵੱਲੋਂ ਮੰਗਾਂ ਸਬੰਧੀ ਭਰੋਸਾ ਦੇਣ ਮਗਰੋਂ ਵਿਧਾਨ ਸਭਾ ਵੱਲ ਮਾਰਚ ਦਾ ਪ੍ਰੋਗਰਾਮ ਮੁਲਤਵੀ; ਜਾਮ ਲੱਗਣ ਕਾਰਨ ਲੋਕ ਪ੍ਰੇਸ਼ਾਨ
ਪੰਜਾਬ ਰੋਡਵੇਜ਼ ਪਨਬਸ/ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਅੱਜ ਵਿਧਾਨ ਸਭਾ ਵੱਲ ਕੂਚ ਕਰਨ ਦੇ ਦਿੱਤੇ ਸੱਦੇ ਤਹਿਤ ਸੈਂਕੜਿਆਂ ਦੀ ਗਿਣਤੀ ਵਿਚ ਯੂਨੀਅਨ ਆਗੂ ਤੇ ਵਰਕਰ ਮੁਹਾਲੀ ਦੇ ਫੇਜ਼-6 ਅੰਤਰ ਰਾਜੀ ਬੱਸ ਅੱਡੇ ਵਿਚ ਇਕੱਤਰ ਹੋਏ। ਇਸ ਮੌਕੇ ਪੁਲੀਸ ਕਰਮਚਾਰੀ ਵੱਡੀ ਗਿਣਤੀ ਵਿਚ ਤਾਇਨਾਤ ਸਨ ਅਤੇ ਅੱਡੇ ਤੋਂ ਚੰਡੀਗੜ੍ਹ ਵੱਲ ਜਾਂਦੀ ਸੜਕ ਉੱਤੇ ਰੋਕਾਂ ਲਗਾਈਆਂ ਗਈਆਂ ਸਨ। ਪੁਲੀਸ ਅਧਿਕਾਰੀਆਂ ਵੱਲੋਂ ਮੌਕੇ ਉੱਤੇ ਟਰਾਂਸਪੋਰਟ ਵਿਭਾਗ ਦੇ ਸਕੱਤਰ ਨੂੰ ਬੁਲਾ ਕੇ ਧਰਨਾਕਾਰੀਆਂ ਨਾਲ ਮੀਟਿੰਗ ਕਰਾਈ ਗਈ। ਉਨ੍ਹਾਂ ਮੰਗਾਂ ਸਬੰਧੀ ਭਰੋਸਾ ਦਿੱਤਾ, ਅਤੇ ਅੱਠ ਅਕਤੂਬਰ ਨੂੰ ਉੱਚ ਪੱਧਰੀ ਮੀਟਿੰਗ ਤੈਅ ਕੀਤੀ ਗਈ, ਜਿਸ ਮਗਰੋਂ ਧਰਨਾਕਾਰੀਆਂ ਨੇ ਵਿਧਾਨ ਸਭਾ ਵੱਲ ਜਾਣ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ। ਧਰਨਾਕਾਰੀਆਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਰੈਲੀ ਦੌਰਾਨ ਜਾਮ ਲੱਗ ਗਿਆ ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਹੋਈ।
ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੇ 1 ਜੁਲਾਈ 2024 ਨੂੰ ਮੀਟਿੰਗ ਕਰਕੇ 1 ਮਹੀਨੇ ਦੇ ਅੰਦਰ ਅੰਦਰ 7 ਮੰਗਾਂ ਦਾ ਹੱਲ ਕਰਨ ਦਾ ਭਰੋਸਾ ਦਿੰਦਿਆਂ ਇੱਕ ਕਮੇਟੀ ਗਠਿਤ ਕੀਤੀ ਸੀ ਪਰ ਅੱਜ ਸਾਲ ਤੋਂ ਵੱਧ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਇੱਕ ਵੀ ਮੰਗ ਦਾ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਚੋਣ ਮੈਨੀਫੈਸਟੋ ਦੇ ਵਿਚ ਵਾਰ-ਵਾਰ ਕਹਿੰਦੇ ਸੀ ਕਿ ਸਰਕਾਰ ਆਉਂਦੇ ਸਾਰ ਹੀ ਠੇਕੇਦਾਰੀ ਸਿਸਟਮ ਖ਼ਤਮ ਕਰਕੇ ਕਰਮਚਾਰੀਆਂ ਦੀਆਂ ਮੰਗਾਂ ਦਾ ਹੱਲ ਕੀਤਾ ਜਾਵੇਗਾ, ਪਰ ਸਰਕਾਰ ਬਣੀ ਨੂੰ 3 ਸਾਲ ਤੋਂ ਵੀ ਵੱਧ ਦਾ ਸਮਾਂ ਬੀਤੇ ਜਾਣ ਤੋਂ ਬਾਅਦ ਵੀ ਪੰਜਾਬ ਸਰਕਾਰ ਨੇ ਇੱਕ ਵੀ ਕਰਮਚਾਰੀ ਨੂੰ ਪੱਕਾ ਨਹੀਂ ਕੀਤਾ ਜਦਕਿ ਵਿਭਾਗਾਂ ਦੇ ਵਿਚ ਕਰਮਚਾਰੀਆਂ ਦਾ ਸ਼ੋਸ਼ਣ ਉਸੇ ਤਰ੍ਹਾਂ ਚੱਲ ਰਿਹਾ ਹੈ।
ਰੈਲੀ ਵਿਚ ਪਹੁੰਚੇ ਟਰਾਂਸਪੋਰਟ ਵਿਭਾਗ ਦੇ ਸਕੱਤਰ ਵੱਲੋਂ ਇਸ ਮੌਕੇ ਸੰਬੋਧਨ ਕਰਦਿਆਂ ਕਿੱਲੋਮੀਟਰ ਸਕੀਮ ਬੱਸਾਂ ਦਾ ਟੈਂਡਰ ਮੁਲਤਵੀ ਕਰਨ ਅਤੇ ਜਥੇਬੰਦੀ ਦੀਆ ਮੰਗਾਂ ਦਾ ਹੱਲ ਕਰਨ ਲਈ ਅਹਿਮ ਮੀਟਿੰਗ 8 ਅਕਤੂਬਰ ਬੁਲਾਉਣ ਦਾ ਭਰੋਸਾ ਦਿੱਤਾ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ 8 ਅਕਤੂਬਰ ਦੀ ਮੀਟਿੰਗ ਵਿਚ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾ ਜਥੇਬੰਦੀ ਵੱਲੋਂ ਸੰਘਰਸ਼ ਨੂੰ ਤੇਜ ਕੀਤਾ ਜਾਵੇਗਾ।