ਪੱਤਰ ਪ੍ਰੇਰਕ
ਡੇਰਾਬੱਸੀ, 18 ਨਵੰਬਰ
ਇੱਥੋਂ ਨੇੜਲੇ ਪਿੰਡ ਜਵਾਹਰਪੁਰ ਵਿੱਚ ਅੱਠ ਸਾਲਾ ਦੀ ਲੜਕੀ ਨਾਲ ਜਬਰ-ਜਨਾਹ ਦੇ ਦੋਸ਼ ਹੇਠ ਪੁਲੀਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਅਦਾਲਤ ਵਿੱਚ ਪੇਸ਼ ਕੀਤਾ, ਜਿਥੋਂ ਉਸ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਲੜਕੀ ਦੀ ਮਾਂ ਨੇ ਦੱਸਿਆ ਕਿ ਉਸ ਦੇ ਪਤੀ ਦਾ ਕੁਝ ਸਮਾਂ ਪਹਿਲਾਂ ਦੇਹਾਂਤ ਹੋ ਗਿਆ ਸੀ। ਉਸ ਕੋਲ ਇਕਲੌਤੀ ਅੱਠ ਸਾਲਾ ਲੜਕੀ ਹੈ। ਲੰਘੇ ਦਿਨੀਂ ਉਹ ਕੰਮ ’ਤੇ ਗਈ ਸੀ, ਜਿਸ ਦੌਰਾਨ ਉਸ ਦੀ ਧੀ ਘਰ ਵਿੱਚ ਇਕੱਲੀ ਸੀ। ਇਸ ਦੌਰਾਨ ਉਸ ਦੇ ਗੁਆਂਢ ਵਿੱਚ ਰਹਿਣ ਵਾਲੇ 19 ਸਾਲ ਦੇ ਨੌਜਵਾਨ ਗੁਰਦੀਪ ਸਿੰਘ ਨੇ ਉਸ ਦੀ ਧੀ ਨਾਲ ਜਬਰ ਜਨਾਹ ਕੀਤਾ। ਲੜਕੀ ਦੇ ਰੋਣ ਦੀ ਆਵਾਜ਼ ਸੁਣ ਕੇ ਗੁਆਂਢੀਆਂ ਨੇ ਨੌਜਵਾਨ ਨੂੰ ਮੌਕੇ ’ਤੇ ਕਾਬੂ ਕਰ ਲਿਆ। ਲੜਕੀ ਦੀ ਤਬੀਅਤ ਵਿਗੜਨ ’ਤੇ ਉਸ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ।