ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 4 ਜਨਵਰੀ
ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਤੋਂ ਅੱਕੇ ਸਰਵ ਸਿੱਖਿਆ ਅਭਿਆਨ/ਮਿਡ-ਡੇਅ-ਮੀਲ ਦਫ਼ਤਰੀ ਕੱਚੇ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਸਵੇਰੇ ਸਾਬਕਾ ਸਿਹਤ ਮੰਤਰੀ ਤੇ ਵਿਧਾਇਕ ਬਲਬੀਰ ਸਿੰਘ ਸਿੱਧੂ ਦੇ ਘਰ ਬਾਹਰ ਭੁੱਖ-ਹੜਤਾਲ ’ਤੇ ਬੈਠ ਗਏ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਉਧਰ, ਸਿੱਖਿਆ ਭਵਨ ਦੇ ਬਾਹਰ ਦਫ਼ਤਰੀ ਕੱਚੇ ਕਾਮਿਆਂ ਦਾ ਲੜੀਵਾਰ ਧਰਨਾ ਅੱਜ 43ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਪਰ ਸਰਕਾਰ ਨੇ ਉਨ੍ਹਾਂ ਦੀ ਸਾਰ ਨਹੀਂ ਲਈ। ਸਰਵ ਸਿੱਖਿਆ ਅਭਿਆਨ/ਮਿਡ-ਡੇਅ-ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਦੇ ਸੂਬਾਈ ਆਗੂ ਅਸ਼ੀਸ਼ ਜੁਲਾਹਾ, ਰਜਿੰਦਰ ਸਿੰਘ ਸੰਧਾ ਨੇ ਚਿਤਾਵਨੀ ਦਿੱਤੀ ਕਿ ਜੇ ਆਦਰਸ਼ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਦਫ਼ਤਰੀ ਮੁਲਾਜ਼ਮਾਂ ਨੂੰ ਪੱਕੇ ਨਾ ਕੀਤਾ ਗਿਆ ਤਾਂ ਚੋਣਾਂ ਦੌਰਾਨ ਸ਼ਹਿਰਾਂ ਅਤੇ ਪਿੰਡਾਂ ਵਿੱਚ ਘਰ-ਘਰ ਜਾ ਕੇ ਸਰਕਾਰ ਵਿਰੁੱਧ ਭੰਡੀ ਪ੍ਰਚਾਰ ਕੀਤਾ ਜਾਵੇਗਾ।
ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਮੁਲਾਜ਼ਮਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਧਰਨਾਕਾਰੀਆਂ ਤੋਂ ਮੰਗ ਪੱਤਰ ਲੈ ਕੇ ਮੌਕੇ ’ਤੇ ਹੀ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਨਾਲ ਫੋਨ ’ਤੇ ਗੱਲ ਕੀਤੀ ਅਤੇ ਦਫ਼ਤਰੀ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਬਾਰੇ ਫਾਈਲ ਵਿੱਤ ਵਿਭਾਗ ਤੋਂ ਪਾਸ ਕਰਵਾਉਣ ਦੀ ਅਪੀਲ ਕੀਤੀ।
ਇਸ ਮਗਰੋਂ ਕਰਮਚਾਰੀਆਂ ਨੇ ਸਿੱਧੂ ਦੇ ਘਰ ਦੇ ਬਾਹਰ ਭੁੱਖ-ਹੜਤਾਲ ਖ਼ਤਮ ਕਰਨ ਦਾ ਐਲਾਨ ਕੀਤਾ ਅਤੇ ਉਹ ਸਾਰੇ ਵਾਪਸ ਸਿੱਖਿਆ ਭਵਨ ਦੇ ਬਾਹਰ ਲੜੀਵਾਰ ਧਰਨੇ ’ਤੇ ਜਾ ਕੇ ਬੈਠ ਗਏ।