ਪੱਤਰ ਪ੍ਰੇਰਕ
ਚੰਡੀਗੜ੍ਹ, 11 ਅਕਤੂਬਰ
ਪੰਜਾਬ ਸਿਵਲ ਸਕੱਤਰੇਤ ਵਿੱਚ ਅੱਜ ਟਰਾਂਸਪੋਰਟ ਮੰਤਰੀ ਵੱਲੋਂ ਨਾ ਕੀਤੇ ਜਾਣ ਕਾਰਨ ਵਿਭਾਗ ਦੇ ਕੱਚੇ ਮੁਲਾਜ਼ਮ ਖਫ਼ਾ ਹੋ ਗਏ ਹਨ। ਜ਼ਿਕਰਯੋਗ ਹੈ ਕਿ ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਬੀਤੇ ਦਿਨੀਂ ਖਰੜ ਵਿੱਚ ਕੀਤੀ ਗਈ ਸੜਕ ਜਾਮ ਦੌਰਾਨ ਉਨ੍ਹਾਂ ਦੀ ਪ੍ਰਸ਼ਾਸਨ ਰਾਹੀਂ ਮੀਟਿੰਗ ਤੈਅ ਕਰਵਾਈ ਗਈ ਸੀ। ਯੂਨੀਅਨ ਪ੍ਰਧਾਨ ਰੇਸ਼ਮ ਸਿੰਘ ਗਿੱਲ, ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ, ਸੀਨੀਅਰ ਮੀਤ ਪ੍ਰਧਾਨ ਹਬਰਕੇਸ਼ ਕੁਮਾਰ ਵਿੱਕੀ ਤੇ ਜੁਆਇੰਟ ਸਕੱਤਰ ਜਗਤਾਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਪਿਛਲੇ ਸਮੇਂ ਵਿੱਚ ਵੀ ਲਗਾਤਾਰ ਮੀਟਿੰਗਾਂ ਦੇ ਕੇ ਭੱਜਦੀ ਰਹੀ ਹੈ ਅਤੇ ਕਦੇ-ਕਦਾਈਂ ਕੀਤੀਆਂ ਗਈਆਂ ਮੀਟਿੰਗਾਂ ਵਿੱਚ ਵੀ ਕੋਈ ਹੱਲ ਨਹੀਂ ਕੱਢਿਆ ਗਿਆ। ਯੂਨੀਅਨ ਨੇ ਫੈਸਲਾ ਕੀਤਾ ਹੈ ਕਿ ਜੇਕਰ ਸਰਕਾਰ ਨੇ ਪਨਬੱਸ/ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਜਲਦੀ ਹੱਲ ਨਾ ਕੱਢਿਆ ਤਾਂ ਤੁਰੰਤ ਪੰਜਾਬ ਬੰਦ ਕੀਤਾ ਜਾਵੇਗਾ। ਪਨਬੱਸ ਅਤੇ ਪੀ.ਆਰ.ਟੀ.ਸੀ. ਦਾ ਸਮੁੱਚਾ ਕਾਮਾ ਹੜਤਾਲ ਕਰਕੇ ਤਿੱਖਾ ਐਕਸ਼ਨ ਕਰੇਗਾ ਅਤੇ ਅਗਲਾ ਐਕਸ਼ਨ ਦਿੱਲੀ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਘਰ ਅੱਗੇ ਕੀਤਾ ਜਾਵੇਗਾ।