ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 21 ਜੂਨ
ਕੱਚੇ ਅਧਿਆਪਕ ਯੂਨੀਅਨ ਪੰਜਾਬ ਅਤੇ ਸਿੱਖਿਆ ਪ੍ਰੋਵਾਈਡਰ ਸਣੇ ਹੋਰਨਾਂ ਅਧਿਆਪਕ ਯੂਨੀਅਨਾਂ ਦਾ ਆਪਣੀਆਂ ਮੰਗਾਂ ਨੂੰ ਲੈ ਕੇ ਲੜੀਵਾਰ ਧਰਨਾ ਪ੍ਰਦਰਸ਼ਨ ਸੋਮਵਾਰ ਨੂੰ ਛੇਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਅੱਜ ਧਰਨਾਕਾਰੀ ਕੱਚੇ ਅਧਿਆਪਕਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਅਤੇ ਫੇਜ਼-7 ਸਥਿਤ ਲਾਲ ਬੱਤੀ ਪੁਆਇੰਟ ’ਤੇ ਚੱਕਾ ਜਾਮ ਕਰ ਕੇ ਰੋਸ ਦਿਖਾਵਾ ਕੀਤਾ। ਇਸ ਦੀ ਅਗਵਾਈ ਸੂਬਾ ਪ੍ਰਧਾਨ ਅਜਮੇਰ ਸਿੰਘ ਔਲਖ, ਦਵਿੰਦਰ ਸਿੰਘ ਸੰਧੂ ਅਤੇ ਜੁਝਾਰ ਸਿੰਘ ਨੇ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਕੱਚੇ ਅਧਿਆਪਕਾਂ ਨੂੰ ਰੈਗੂਲਰ ਨਹੀਂ ਕਰਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।
ਉਧਰ, ਸਤਿੰਦਰ ਸਿੰਘ ਕੰਗ ਤਰਨ ਤਾਰਨ, ਕੁਲਬੀਰ ਸਿੰਘ ਅਬੋਹਰ, ਕੁਲਵਿੰਦਰ ਸਿੰਘ ਨਾੜੂ, ਬੇਅੰਤ ਸਿੰਘ ਪਟਿਆਲਾ, ਸਮਰ ਸਿੰਘ ਮਾਨਸਾ ਅਤੇ ਰੋਹਿਤ ਕੁਮਾਰ ਅੰਮ੍ਰਿਤਸਰ ਸਿੱਖਿਆ ਭਵਨ ਦੀ ਛੱਤ ’ਤੇ ਡਟੇ ਹੋਏ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਹੁਕਮਰਾਨਾਂ ਨੂੰ ਗੂੜੀ ਨੀਂਦ ਤੋਂ ਜਗਾਉਣ ਲਈ ਗੁਪਤ ਐਕਸ਼ਨ ਕੀਤੇ ਜਾਣਗੇ।
ਇਸੇ ਦੌਰਾਨ ਗਗਨਦੀਪ ਕੌਰ ਅਬੋਹਰ ਅਤੇ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਅੱਜ ਰਾਤ ਅੱਠ ਵਜੇ ਮਹਿਲਾ ਅਧਿਆਪਕਾਵਾਂ ਨੇ ਜਾਗੋ ਕੱਢੀ ਅਤੇ ਸ਼ਹਿਰ ਦੀਆਂ ਸੜਕਾਂ ਅਤੇ ਬਾਜ਼ਾਰਾਂ ਵਿੱਚ ਸਿੱਖਿਆ ਸਕੱਤਰ ਵਿਰੁੱਧ ਭੜਾਸ ਕੱਢਦਿਆਂ ਪੰਜਾਬ ਸਰਕਾਰ ਖ਼ਿਲਾਫ਼ ਦਾ ਪਿੱਟ ਸਿਆਪਾ ਕੀਤਾ। ਇਸ ਮੌਕੇ ਔਰਤਾਂ ਨੇ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਸਿੱਖਿਆ ਨੀਤੀਆਂ ਦਾ ਛੱਜ ਵੀ ਤੋੜਿਆ।
ਉਧਰ, ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ) ਦੇ ਆਗੂ ਅਮਨਦੀਪ ਕੋਮਲ ਅਤੇ ਨੌਜਵਾਨ ਭਾਰਤ ਸਭਾ ਪੰਜਾਬ ਦੇ ਮਾਨਵਜੋਤ ਨੇ ਧਰਨੇ ਵਿੱਚ ਪਹੁੰਚ ਕੇ ਕੱਚੇ ਅਧਿਆਪਕਾਂ ਦੇ ਸੰਘਰਸ਼ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ।