ਮੁਹਾਲੀ (ਪੱਤਰ ਪ੍ਰੇਰਕ): ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਅੱਜ ਇੱਥੋਂ ਦੇ ਫੇਜ਼-6 ਸਥਿਤ ਸਰਕਾਰੀ ਹਸਪਤਾਲ ਵਿੱਚ ‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਮੁਹਿੰਮ ਤਹਿਤ ਪਲੇਠਾ ‘ਸਿਹਤ ਮੇਲਾ’ ਲਾਇਆ ਗਿਆ। ਇਸ ਮੌਕੇ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦੋਂਕਿ ਪ੍ਰਧਾਨਗੀ ਵਿਧਾਇਕ ਕੁਲਵੰਤ ਸਿੰਘ ਨੇ ਕੀਤੀ। ਸ੍ਰੀ ਸਿੰਗਲਾ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ’ਚ ਲੋਕਾਂ ਨੂੰ ਬੁਨਿਆਦੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ‘ਆਪ’ ਸਰਕਾਰ ਵਚਨਬੱਧ ਹੈ ਤੇ ਜਲਦੀ ਹੀ ਮਾਹਿਰ ਡਾਕਟਰਾਂ, ਸਟਾਫ਼ ਨਰਸਾਂ ਤੇ ਪੈਰਾ ਮੈਡੀਕਲ ਸਟਾਫ਼ ਦੀ ਭਰਤੀ ਕੀਤੀ ਜਾਵੇਗੀ। ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਭਰ ਵਿੱਚ 22 ਅਪਰੈਲ ਤੱਕ 119 ਬਲਾਕ ਪੱਧਰੀ ਸਿਹਤ ਮੇਲੇ ਲਗਾਏ ਜਾਣਗੇ। ਉਨ੍ਹਾਂ ਨੇ ਸਰਕਾਰੀ ਹਸਪਤਾਲ ਦੇ ਐਮਰਜੈਂਸੀ ਵਾਰਡ ਦਾ ਦੌਰਾ ਕਰਕੇ ਮਰੀਜ਼ਾਂ ਨਾਲ ਗੱਲ ਕੀਤੀ ਅਤੇ ਸਿਹਤ ਸਹੂਲਤਾਂ ਬਾਰੇ ਜਾਣਿਆ। ਸਿਹਤ ਵਿਭਾਗ ਦੇ ਸਫ਼ਾਈ ਕਾਮਿਆਂ ਨੇ ਮੰਤਰੀ ਨੂੰ ਦੱਸਿਆ ਕਿ ਪਿਛਲੇ ਕਾਫ਼ੀ ਸਮੇਂ ਤੋਂ ਉਨ੍ਹਾਂ ਨੂੰ ਤਨਖ਼ਾਹ ਨਹੀਂ ਮਿਲ ਰਹੀ ਹੈ। ਉਨ੍ਹਾਂ ਨੇ ਸਫ਼ਾਈ ਕਾਮਿਆਂ ਨੂੰ ਸਿਹਤ ਵਿਭਾਗ ਵਿੱਚ ਰੈਗੂਲਰ ਕਰਨ ਦੀ ਮੰਗ ਵੀ ਕੀਤੀ।