ਖਾਲੀ ਅਸਾਮੀਆਂ ਭਰਨ ਲਈ ਚਾਰਾਜੋਈ
ਚੰਡੀਗੜ੍ਹ ਪ੍ਰਸ਼ਾਸਨ ਨੇ ਵੱਖ-ਵੱਖ ਵਿਭਾਗਾਂ ਵਿੱਚ ਲੰਮੇ ਸਮੇਂ ਤੋਂ ਖਾਲੀ ਅਸਾਮੀਆਂ ਭਰਨ ਲਈ ਚਾਰਾਜੋਈ ਸ਼ੁਰੂ ਕਰ ਦਿੱਤੀ ਹੈ। ਇਸ ਲਈ ਅੱਜ ਚੰਡੀਗੜ੍ਹ ਦੇ ਮੁੱਖ ਸਕੱਤਰ ਐੱਚ. ਰਾਜੇਸ਼ ਪ੍ਰਸਾਦ ਨੇ ਸਿਹਤ, ਸਿੱਖਿਆ, ਇੰਜਨੀਅਰਿੰਗ ਤੇ ਹੋਰ ਵਿਭਾਗਾਂ ਨੂੰ ਖਾਲੀ ਅਸਾਮੀਆਂ ਦੀ ਰਿਪੋਰਟ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਖਾਲੀ ਅਸਾਮੀਆਂ ਨੂੰ ਭਰਨ ਦਾ ਮੁੱਦਾ ਕੇਂਦਰ ਸਰਕਾਰ ਕੋਲ ਚੁੱਕਿਆ ਜਾ ਸਕੇ। ਇਹ ਨਿਰਦੇਸ਼ ਅੱਜ ਯੂਟੀ ਦੇ ਮੁੱਖ ਸਕੱਤਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਦਿੱਤੇ। ਇਸ ਦੌਰਾਨ ਮੁੱਖ ਸਕੱਤਰ ਨੇ ਸ਼ਹਿਰ ਦੇ ਲੋਕਾਂ ਨੂੰ ਸਮੇਂ ਸਿਰ ਸੇਵਾਂ ਯਕੀਨੀ ਤੌਰ ’ਤੇ ਮੁਹੱਈਆ ਕਰਵਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਦਿੱਤੀ ਜਾਣ ਵਾਲੀਆਂ ਸੇਵਾਵਾਂ ਵਿੱਚ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਯੂਟੀ ਦੇ ਮੁੱਖ ਸਕੱਤਰ ਨੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਬੇੜੇ ਲਈ 15 ਦਸੰਬਰ 2025 ਤੱਕ ਜਨ ਸ਼ਿਕਾਇਤ ਪੋਰਟਲ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ ਜਿੱਥੇ ਲੋਕਾਂ ਦੀਆਂ ਆਉਣ ਵਾਲੀਆਂ ਸ਼ਿਕਾਇਤਾਂ ਦਾ ਸਮਾਂਬੱਧ ਢੰਗ ਨਾਲ ਹੱਲ ਕੀਤਾ ਜਾ ਸਕੇ। ਮੁੱਖ ਸਕੱਤਰ ਨੇ ਵੱਖ-ਵੱਖ ਵਿਭਾਗਾਂ ਵਿੱਚ ਈ-ਆਫ਼ਿਸ ਪ੍ਰਣਾਲੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗ ਜਲਦੀ ਤੋਂ ਜਲਦੀ ਪੂਰੀ ਤਰ੍ਹਾਂ ਈ-ਆਫ਼ਿਸ ਪ੍ਰਣਾਲੀ ਅਪਣਾਉਣ, ਜਿਸ ਨਾਲ ਪ੍ਰਸ਼ਾਸਨਿਕ ਕੰਮਕਾਜ ਵਿੱਚ ਪਾਰਦਰਸ਼ਤਾ ਲਿਆਂਦੀ ਜਾ ਸਕੇ ਅਤੇ ਸਰਕਾਰੀ ਅਦਾਰਿਆਂ ਦਾ ਕੰਮਕਾਜ ਪੇਪਰਲੈੱਸ ਕੀਤਾ ਜਾ ਸਕੇ। ਉਨ੍ਹਾਂ ਨੇ ਯੂਟੀ ਦੇ ਇੰਜਨੀਅਰਿੰਗ ਵਿਭਾਗ ਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸੜਕਾਂ ਦੀ ਮੁਰੰਮਤ ਦਾ ਕੰਮ 15 ਦਸੰਬਰ ਤੱਕ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਤੇ ਨਿਗਮ ਕਮਿਸ਼ਨਰ ਨੂੰ ਸ਼ਹਿਰ ਵਿੱਚ ਖਾਲ ਪਈ ਥਾਵਾਂ ਦਾ ਵੇਰਵਾ 15 ਦਿਨਾਂ ਵਿੱਚ ਤਿਆਰ ਕਰਨ ਦੀ ਹਦਾਇਤ ਕੀਤੀ ਹੈ।
