ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 5 ਸਤੰਬਰ
ਪੰਜਾਬ ਸਰਕਾਰ ਵੱਲੋਂ ਮੌਜੂਦਾ ਸਾਲ ਲਈ ਉਸਾਰੀ ਕਿਰਤੀਆਂ ਤੇ ਉਨ੍ਹਾਂ ਦੇ ਬੱਚਿਆਂ ਲਈ ਮਿਸ਼ਨ ਘਰ-ਘਰ ਰੁਜ਼ਗਾਰ ਤਹਿਤ ‘ਮੇਰਾ ਕੰਮ, ਮੇਰਾ ਮਾਣ’ ਸਕੀਮ ਸ਼ੁਰੂ ਕੀਤੀ ਗਈ ਹੈ। ਇਸ ਦਾ ਲਾਭ ਉਠਾਉਣ ਲਈ ਲਾਭਪਾਤਰੀਆਂ ਨੂੰ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੇ ਟਰੇਨਿੰਗ ਕੋਰਸ ਵਿੱਚ ਰਜਿਸਟਰ ਹੋਣਾ ਪਵੇਗਾ। ਇਸ ਬਾਰੇ ਜਾਣਕਾਰੀ ਜ਼ਿਲ੍ਹਾ ਰੁਜ਼ਗਾਰ ਉਤਪਤੀ ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਮਲੇਰਕੋਟਲਾ ਰਵਿੰਦਰਪਾਲ ਸਿੰਘ ਨੇ ਦਿੱਤੀ। ਉਨ੍ਹਾਂ ਕਿਹਾ ਇਸ ਸਕੀਮ ਤਹਿਤ ਲਾਭਪਾਤਰੀਆਂ ਨੂੰ ਇਹ ਸਿਖਲਾਈ ਮੁਫ਼ਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ 9 ਸਤੰਬਰ ਤੋਂ ਪੰਜਾਬ ਅੰਦਰ ਮੈਗਾ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ ਤੇ ਮਾਲੇਰਕੋਟਲਾ ‘ਚ ਜ਼ਿਲ੍ਹਾ ਪੱਧਰੀ ਰੁਜ਼ਗਾਰ ਮੇਲਾ 17 ਸਤੰਬਰ ਨੂੰ ਸਰਕਾਰੀ ਕਾਲਜ ਵਿੱਚ ਹੋਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੇਲਿਆਂ ਵਿੱਚ 8ਵੀ, 10ਵੀਂ ਬਾਰ੍ਹਵੀਂ, ਗ੍ਰੈਜੂਏਸ਼ਨ, ਪੋਸਟ ਗ੍ਰੈਜੂਏਸ਼ਨ, ਆਈ.ਟੀ.ਆਈ, ਇੰਜਨੀਅਰਿੰਗ ਡਿੱਗਰੀ ਤੇ ਡਿਪਲੋਮਾ ਆਦਿ ਦੇ ਪ੍ਰਾਰਥੀਆਂ ਨੂੰ ਨੌਕਰੀਆਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਰੁਜ਼ਗਾਰ ਵਿਭਾਗ ਵੱਲੋਂ ਸਰਕਾਰੀ ਨੌਕਰੀ ਲਈ ਮੁਫ਼ਤ ਆਨਲਾਈਨ ਮਾਧਿਅਮ ਨਾਲ ਕੋਚਿੰਗ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ।