ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪੁਨਰਵਾਸ ਯਕੀਨੀ ਬਣਾਇਆ ਜਾ ਰਿਹੈ: ਬੈਂਸ
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸੇਵਾ ਸਦਨ, 2 ਆਰ ਵੀ ਆਰ ਨੰਗਲ ਵਿੱਚ ਲਗਾਏ ਗਏ ਆਪਣੇ ਹਫਤਾਵਾਰੀ ‘ਜਨਤਾ ਦਰਬਾਰ’ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ। ਇਹ ਪਹਿਲ ਨਾਗਰਿਕਾਂ ਨੂੰ ਸਿੱਧੇ ਮੰਤਰੀ ਅੱਗੇ ਆਪਣੇ ਮੁੱਦੇ ਰੱਖਣ ਦਾ ਮੌਕਾ ਦਿੰਦੀ ਹੈ, ਜਿਨ੍ਹਾਂ ਨੂੰ ਉਹ ਤੁਰੰਤ ਸਬੰਧਿਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਕੇ ਹੱਲ ਕਰਾਉਂਦੇ ਹਨ। ਕੈਬਨਿਟ ਮੰਤਰੀ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਰਾਜ ਭਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਬਰੀਕੀ ਨਾਲ ਨਿਗਰਾਨੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਖੁੱਦ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਕਈ ਪਿੰਡਾਂ ਦਾ ਦੌਰਾ ਕਰਕੇ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਪ੍ਰਭਾਵਿਤ ਪਰਿਵਾਰਾਂ ਨਾਲ ਸਿੱਧੀ ਗੱਲਬਾਤ ਕੀਤੀ। ਬੈਂਸ ਨੇ ਭਰੋਸਾ ਦਵਾਇਆ ਕਿ ਪੰਜਾਬ ਸਰਕਾਰ ਲੋਕਾਂ ਦੇ ਹੋਏ ਨੁਕਸਾਨਾਂ ਦੀ ਪੂਰੀ ਭਰਪਾਈ ਕਰੇਗੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਾਰੇ ਪ੍ਰਭਾਵਿਤ ਪਿੰਡਾਂ ਵਿੱਚ ਵਿਆਪਕ ਫੌਗਿੰਗ ਮੁਹਿੰਮ ਸ਼ੁਰੂ ਹੋ ਚੁੱਕੀ ਹੈ, ਨਾਲ ਹੀ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਵਿਸ਼ੇਸ਼ ਸਫਾਈ ਅਭਿਆਨ ਚਲਾਇਆ ਜਾ ਰਿਹਾ ਹੈ। ਬੈਂਸ ਨੇ ਜ਼ੋਰ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੀ ਨੰਗਲ ਅਤੇ ਗੰਭੀਰਪੁਰ ਰਿਹਾਇਸ ਹਮੇਸ਼ਾਂ 24 ਘੰਟੇ ਲੋਕਾਂ ਦੀ ਸੇਵਾ ਲਈ ਖੁੱਲ੍ਹੇ ਰਹਿੰਦੇ ਹਨ, ਤਾਂ ਜੋ ਕੋਈ ਵੀ ਵਿਅਕਤੀ ਆਪਣੀਆਂ ਬੁਨਿਆਦੀ ਲੋੜਾਂ ਤੋਂ ਵਾਂਝਾ ਨਾ ਰਹਿ ਜਾਵੇ। ਇਸ ਮੌਕੇ ਡਾ.ਸੰਜੀਵ ਗੌਤਮ, ਜ਼ਿਲ੍ਹਾ ਪ੍ਰਧਾਨ ਅਤੇ ਸੈਣੀ ਭਲਾਈ ਬੋਰਡ ਪੰਜਾਬ,ਦੇ ਰਾਮ ਕੁਮਾਰ ਮੁਕਾਰੀ, ਚੇਅਰਮੈਨ ਕਮਿੱਕਰ ਸਿੰਘ, ਰੋਹਿਤ ਕਾਲੀਆ, ਸਰਪੰਚ ਪੱਮੂ ਢਿੱਲੋਂ, ਜਸਪਾਲ ਸਿੰਘ ਢਾਹੇ, ਰਾਮਪਾਲ ਕਾਹੀਵਾਲ, ਗੁਰਵਿੰਦਰ ਕੌਰ, ਰਾਜ ਕੁਮਾਰ ਖੋਸਲਾ, ਐਡਵੋਕੇਟ ਨਿਸ਼ਾਂਤ ਗੁਪਤਾ ਹਾਜ਼ਰ ਸਨ।