ਨਿੱਜੀ ਪੱਤਰ ਪ੍ਰੇਰਕ
ਡੇਰਾਬੱਸੀ, 3 ਜੁਲਾਈ
ਚੰਡੀਗੜ੍ਹ-ਅੰਬਾਲਾ ਕੌਮੀ ਸ਼ਾਹਰਾਹ ’ਤੇ ਲੰਘੀ ਦੇਰ ਰਾਤ ਇੱਕ ਕਾਰ ਦੀ ਟੱਕਰ ਵੱਜਣ ਕਾਰਨ ਇੱਕ ਰੇਹੜੀ ਚਾਲਕ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਗੱਡੀ ਚਾਲਕ ਮੌਕੇ ’ਤੇ ਕਾਰ ਛੱਡ ਕੇ ਫ਼ਰਾਰ ਹੋ ਗਿਆ। ਮ੍ਰਿਤਕ ਦੀ ਪਛਾਣ 31 ਸਾਲਾ ਪ੍ਰਵੇਸ਼ ਕੁਮਾਰ ਵਾਸੀ ਜ਼ੀਰਕਪੁਰ ਪਿੰਡ ਨਾਭਾ ਸਾਹਿਬ ਵਜੋਂ ਹੋਈ ਹੈ। ਪੁਲੀਸ ਨੇ ਕਾਰ ਨੂੰ ਕਬਜ਼ੇ ਵਿੱਚ ਲੈ ਕੇ ਫ਼ਰਾਰ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਹਾਦਸੇ ਦੌਰਾਨ ਰੇਹੜੀ ਦੇ ਪਰਖੱਚੇ ਉੱਡ ਗਏ ਜਿਸ ਮਗਰੋਂ ਸੜਕ ’ਤੇ ਜਾਮ ਲੱਗ ਗਿਆ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਜਾਮ ਖੁੱਲ੍ਹਵਾਇਆ। ਮੁਬਾਰਿਕਪੁਰ ਇੰਚਾਰਜ ਸਹਾਇਕ ਇੰਸਪੈਕਟਰ ਕਮਲ ਤਨੇਜਾ ਨੇ ਦੱਸਿਆ ਕਿ ਇਹ ਨੌਜਵਾਨ ਮੋਟਰਸਾਈਕਲ ਵਾਲੀ ਰੇਹੜੀ ’ਤੇ ਕਬਾੜ ਚੁੱਕਦਾ ਸੀ। ਉਹ ਲੰਘੀ ਦੇਰ ਰਾਤ ਤਕਰੀਬਨ 11 ਵਜੇ ਰੇਹੜੀ ’ਤੇ ਆਪਣੇ ਘਰ ਜਾ ਰਿਹਾ ਸੀ। ਇਸ ਦੌਰਾਨ ਜਦੋਂ ਉਹ ਘੱਗਰ ਪੁਲ ਤੋਂ ਅੱਗੇ ਪਹੁੰਚਿਆ ਤਾਂ ਪਿੱਛੋਂ ਆ ਰਹੀ ਇੱਕ ਬਲੇਨੋ ਕਾਰ ਦੇ ਚਾਲਕ ਨੇ ਉਸ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਪ੍ਰਵੇਸ਼ ਜ਼ਖ਼ਮੀ ਹੋ ਗਿਆ ਜਿਸਦੀ ਮੌਕੇ ’ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਪੋਸਟਮਾਰਟਮ ਕਰਵਾਉਣ ਮਗਰੋਂ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।