ਕੁਲਦੀਪ ਸਿੰਘ
ਚੰਡੀਗੜ੍ਹ, 19 ਅਕਤੂਬਰ
ਇਥੇ ਕਰੋਨਾਵਾਇਰਸ ਦੇ ਘੱਟ ਰਹੇ ਗ੍ਰਾਫ਼ ਨੇ ਸ਼ਹਿਰ ਦੇ ਵਸਨੀਕਾਂ ਨੂੰ ਰਾਹਤ ਪਹੁੰਚਾਈ ਹੈ। ਅੱਜ 40 ਵਿਅਕਤੀਆਂ ਦੀਆਂ ਕਰੋਨਾ ਰਿਪੋਰਟਾਂ ਪਾਜ਼ੇਟਿਵ ਆਈਆਂ ਹਨ। ਇਸੇ ਦੌਰਾਨ ਰਾਹਤ ਵਾਲੀ ਖ਼ਬਰ ਇਹ ਵੀ ਹੈ ਕਿ ਅੱਜ ਕਿਸੇ ਕਰੋਨਾ ਪੀੜਤ ਵਿਅਕਤੀ ਦੀ ਮੌਤ ਨਹੀਂ ਹੋਈ ਹੈ। ਸ਼ਹਿਰ ਵਿੱਚ ਕਰੋਨਾ ਮਰੀਜ਼ਾਂ ਦਾ ਕੁੱਲ ਅੰਕੜਾ ਭਾਵੇਂ 13686 ਹੋ ਗਿਆ ਹੈ ਪਰ ਐਕਟਿਵ ਕੇਸਾਂ ਦੀ ਗਿਣਤੀ 861 ਰਹਿ ਗਈ ਹੈ। ਅੱਜ 63 ਮਰੀਜ਼ਾਂ ਦਾ ਇਕਾਂਤਵਾਸ ਖ਼ਤਮ ਹੋਇਆ ਹੈ। ਯੂ.ਟੀ. ਦੇ ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਸ਼ਹਿਰ ਵਿੱਚ ਰੈਪਿਡ ਅਤੇ ਆਰ.ਟੀ.-ਪੀ.ਸੀ.ਆਰ. ਵਿਧੀਆਂ ਰਾਹੀਂ ਕੀਤੇ ਟੈਸਟਾਂ ਦੌਰਾਨ ਨਵੇਂ ਸਾਹਮਣੇ ਆਏ ਕਰੋਨਾ ਕੇਸ ਸੈਕਟਰ 7, 9, 11, 15, 16, 20, 21, 22, 26, 27, 39, 41, 48, ਡੱਡੂਮਾਜਰਾ, ਦੜੂਆ, ਧਨਾਸ, ਇੰਡਸਟਰੀਅਲ ਏਰੀਆ ਫੇਜ਼-1, ਕਿਸ਼ਨਗੜ੍ਹ, ਮਲੋਆ, ਮਨੀਮਾਜਰਾ ਤੇ ਸਾਰੰਗਪੁਰ ਨਾਲ ਸਬੰਧਤ ਹਨ।
ਪੰਚਕੂਲਾ (ਪੀ.ਪੀ. ਵਰਮਾ): ਪੰਚਕੂਲਾ ਜ਼ਿਲ੍ਹੇ ਵਿੱਚ ਕਰੋਨਾ ਪਾਜ਼ੇਟਿਵ ਦੇ 21 ਨਵੇਂ ਕੇਸ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ 18 ਮਰੀਜ਼ ਪੰਚਕੂਲਾ ਇਲਾਕੇ ਨਾਲ ਸਬੰਧਤ ਹਨ। ਇਸ ਤੋਂ ਇਲਾਵਾ ਵਾਇਰਸ ਕਾਰਨ ਇੱਕ ਮੌਤ ਵੀ ਹੋਈ ਹੈ। ਮ੍ਰਿਤਕ ਬਜ਼ੁਰਗ ਸੈਕਟਰ-14 ਦਾ ਰਹਿਣਾ ਵਾਲਾ ਸੀ। ਇਸ ਦੀ ਪੁਸ਼ਟੀ ਸਿਵਲ ਸਰਜਨ ਡਾ. ਜਸਜੀਤ ਕੌਰ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਚਕੂਲਾ ਇਲਾਕੇ ਵਿੱਚ ਕਰੋਨਾ ਪਾਜ਼ੇਟਿਵ ਕੇਸ ਲਗਾਤਾਰ ਘੱਟ ਰਹੇ ਹਨ। ਸਿਹਤ ਵਿਭਾਗ ਨੇ ਊਪਰੋਕਤ 21 ਮਰੀਜ਼ਾਂ ਨੂੰ ਆਈਸੋਲੇਸ਼ਨ ਵਾਰਡ ਵਿੱਚ ਦਾਖਲ ਕਰਵਾਇਆ ਹੈ। ਹੁਣ ਤੱਕ ਜ਼ਿਲ੍ਹੇ ਵਿੱਚ 107 ਮੌਤਾਂ ਹੋ ਚੁੱਕੀਆਂ ਹਨ ਤੇ 292 ਕੇਸ ਐਕਟਿਵ ਹਨ।
ਰੂਪਨਗਰ (ਬਹਾਦਰਜੀਤ ਸਿੰਘ): ਰੂਪਨਗਰ ਜ਼ਿਲ੍ਹੇ ਵਿੱਚ ਅੱਜ 8 ਹੋਰ ਵਿਅਕਤੀ ਕਰੋਨਾ ਪਾਜ਼ੇਟਿਵ ਪਾਏ ਗਏ ਹਨ। ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਰੂਪਨਗਰ ਇਲਾਕੇ ਵਿੱਚ 2 , ਸ੍ਰੀ ਆਨੰਦਪੁਰ ਸਾਹਿਬ ਇਲਾਕੇ ਵਿਚ 3 ਅਤੇ ਭਰਤਗੜ੍ਹ ਇਲਾਕੇ ਵਿੱਚ 3 ਵਿਅਕਤੀ ਕਰੋਨਾ ਪਾਜ਼ੇਟਿਵ ਪਾਏ ਗਏ ਹਨ। ਇਸ ਸਮੇਂ ਜ਼ਿਲ੍ਹੇ ਵਿੱਚ ਐਕਟਿਵ ਕੇਸਾਂ ਦੀ ਗਿਣਤੀ 211 ਹੈ।
ਅੰਬਾਲਾ (ਰਤਨ ਸਿੰਘ ਢਿੱਲੋਂ): ਅੰਬਾਲਾ ਜ਼ਿਲ੍ਹੇ ਵਿੱਚ ਕਰੋਨਾ ਦੇ 10 ਪਾਜ਼ੇਟਿਵ ਕੇਸ ਸਾਹਮਣੇ ਆਉਣ ਨਾਲ ਮਰੀਜ਼ਾਂ ਦੀ ਕੁੱਲ ਗਿਣਤੀ 8711 ਹੋ ਗਈ ਹੈ। ਅੱਜ 21 ਮਰੀਜ਼ ਡਿਸਚਾਰਜ ਵੀ ਹੋਏ ਹਨ ਤੇ ਐਕਟਿਵ ਕੇਸ 239 ਰਹਿ ਗਏ ਹਨ। ਅੰਬਾਲਾ ਜ਼ਿਲ੍ਹੇ ਵਿਚ ਹੁਣ ਤੱਕ ਕਰੋਨਾ ਕਾਰਨ 107 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਮੁਹਾਲੀ ਵਿੱਚ ਦੋ ਮੌਤਾਂ, 21 ਨਵੇਂ ਕੇਸ
ਮੁਹਾਲੀ (ਪੱਤਰ ਪ੍ਰੇਰਕ): ਮੁਹਾਲੀ ਜ਼ਿਲ੍ਹੇ ਵਿੱਚ ਅੱਜ ਕਰੋਨਾ ਪੀੜਤ ਦੋ ਹੋਰ ਮਰੀਜ਼ਾਂ ਦੀ ਮੌਤ ਹੋ ਗਈ ਹੈ ਅਤੇ ਹੁਣ ਤੱਕ 224 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਅੱਜ ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਦੇ 21 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ ਪੀੜਤ ਮਰੀਜ਼ਾਂ ਦੀ ਕੁੱਲ ਗਿਣਤੀ ਵੱਧ ਕੇ 11 ਹਜ਼ਾਰ 774 ਹੋ ਗਈ ਹੈ। ਅੱਜ 67 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ। ਡੀਸੀ ਨੇ ਦੱਸਿਆ ਕਿ ਅੱਜ 21 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚ ਮੁਹਾਲੀ ਸ਼ਹਿਰੀ ਖੇਤਰ ਵਿੱਚ 11 ਅਤੇ ਘੜੂੰਆਂ ਵਿੱਚ 8 ਅਤੇ ਕੁਰਾਲੀ ਵਿੱਚ 2 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਜਦੋਂਕਿ ਖਰੜ, ਕੁਰਾਲੀ, ਮੁੱਲਾਂਪੁਰ ਗਰੀਬਦਾਸ, ਨਵਾਂ ਗਰਾਓਂ, ਲਾਲੜੂ, ਢਕੌਲੀ, ਜ਼ੀਰਕਪੁਰ, ਡੇਰਾਬੱਸੀ ਅਤੇ ਬਨੂੜ ਵਿੱਚ ਕਰੋਨਾ ਮਹਾਮਾਰੀ ਤੋਂ ਕੋਈ ਵਿਅਕਤੀ ਪੀੜਤ ਨਹੀਂ ਪਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਮੁਹਾਲੀ ਜ਼ਿਲ੍ਹੇ ਵਿੱਚ 700 ਕੇਸ ਐਕਟਿਵ ਹਨ। ਹੁਣ ਤੱਕ 10 ਹਜ਼ਾਰ 850 ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ।