ਕੁਲਦੀਪ ਸਿੰਘ
ਚੰਡੀਗੜ੍ਹ, 30 ਅਕਤੂਬਰ
ਚੰਡੀਗੜ੍ਹ ਵਾਸੀਆਂ ਲਈ ਰਾਹਤ ਵਾਲੀ ਖ਼ਬਰ ਹੈ ਕਿ ਕਰੋਨਾਵਾਇਰਸ ਦੀ ਮੌਤ ਦਰ ਘੱਟ ਰਹੀ ਹੈ ਤੇ ਅੱਜ ਸ਼ਹਿਰ ਵਿੱਚ ਵਾਇਰਸ ਕਾਰਨ ਕਿਸੇ ਮਰੀਜ਼ ਦੀ ਮੌਤ ਨਹੀਂ ਹੋਈ ਹੈ। ਇਸੇ ਦੌਰਾਨ 65 ਹੋਰ ਵਿਅਕਤੀ ਵਾਇਰਸ ਦੀ ਲਪੇਟ ਵਿੱਚ ਆਏ ਹਨ ਤੇ 67 ਮਰੀਜ਼ ਡਿਸਚਾਰਜ ਵੀ ਹੋਏ ਹਨ। ਇਸ ਤਰ੍ਹਾਂ ਸ਼ਹਿਰ ਵਿੱਚ ਐਕਟਿਵ ਕੇਸਾਂ ਦੀ ਗਿਣਤੀ 657 ਹੋ ਗਈ ਹੈ। ਯੂ.ਟੀ. ਦੇ ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਸ਼ਹਿਰ ਵਿੱਚ ਰੈਪਿਡ ਅਤੇ ਆਰ.ਟੀ.-ਪੀ.ਸੀ.ਆਰ. ਵਿਧੀਆਂ ਰਾਹੀਂ ਕੀਤੇ ਟੈਸਟਾਂ ਦੌਰਾਨ ਨਵੇਂ ਸਾਹਮਣੇ ਕੇਸ ਸੈਕਟਰ 2, 10, 11, 12, 14, 15, 16, 19, 20, 22, 23, 24, 25, 26, 28, 35, 37, 38, 40, 41, 42, 45, 46, 50, 51, ਬਾਪੂ ਧਾਮ ਕਾਲੋਨੀ, ਬਹਿਲਾਣਾ, ਬੁੜੈਲ, ਕਜਹੇੜੀ, ਮਲੌਆ, ਮਨੀਮਾਜਰਾ ਤੇ ਸਾਰੰਗਪੁਰ ਨਾਲ ਸਬੰਧਤ ਹਨ।
ਪੰਚਕੂਲਾ (ਪੀ.ਪੀ. ਵਰਮਾ): ਪੰਚਕੂਲਾ ਜ਼ਿਲ੍ਹੇ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕਰੋਨਾਵਾਇਰਸ ਦੇ 53 ਨਵੇਂ ਕੇਸ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ ਪੰਚਕੂਲਾ ਇਲਾਕੇ ਨਾਲ ਸਬੰਧਤ 46 ਮਰੀਜ਼ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਦੋ ਮੌਤਾਂ ਵੀ ਹੋਈਆਂ ਹਨ। ਮਰਨ ਵਾਲਾ ਇਕ ਵਿਅਕਤੀ ਗ੍ਰੰਥੀ ਸੀ ਅਤੇ ਇਕ ਵਿਅਕਤੀ ਸੈਕਟਰ-10 ਦਾ ਰਹਿਣ ਵਾਲਾ ਸੀ। ਇਸ ਗੱਲ ਦੀ ਪੁਸ਼ਟੀ ਸਿਵਲ ਸਰਜਨ ਡਾ. ਜਸਜੀਤ ਕੌਰ ਨੇ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮਰੀਜ਼ਾਂ ਨੂੰ ਆਈਸੋਲੇਸ਼ਨ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਹੈ। ਜ਼ਿਲ੍ਹੇ ਦਾ ਕਰੋਨਾ ਦਾ ਰਿਕਵਰੀ ਰੇਟ 95.7 ਫੀਸਦ ਹੈ।
ਰੂਪਨਗਰ (ਪੱਤਰ ਪ੍ਰੇਰਕ): ਜ਼ਿਲ੍ਹੇ ਵਿੱਚ ਅੱਜ 5 ਹੋਰ ਵਿਅਕਤੀ ਕਰੋਨਾ ਪਾਜ਼ੇਟਿਵ ਪਾਏ ਗਏ ਹਨ ਅਤੇ ਇਕ ਵਿਅਕਤੀ ਦੀ ਮੌਤ ਹੋਈ ਹੈ। ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਰੂਪਨਗਰ ਇਲਾਕੇ ਵਿੱਚ ਇਕ, ਨੰਗਲ ਇਲਾਕੇ ਵਿੱਚ ਇਕ, ਸ੍ਰੀ ਆਨੰਦਪੁਰ ਸਾਹਿਬ ਇਲਾਕੇ ਵਿੱਚ ਇਕ ਅਤੇ ਸ੍ਰੀ ਚਮਕੌਰ ਸਾਹਿਬ ਇਲਾਕੇ ਦੇ ਦੋ ਵਿਅਕਤੀ ਕਰੋਨਾ ਪਾਜ਼ੇਟਿਵ ਪਾਏ ਗਏ ਹਨ। ਹੁਣ ਜ਼ਿਲ੍ਹੇ ਵਿੱਚ ਐਕਟਿਵ ਕੇਸਾਂ ਦੀ ਗਿਣਤੀ 170 ਹੈ। ਅੱਜ ਰੂਪਨਗਰ ਦੇ 48 ਸਾਲਾਂ ਦੇ ਵਿਅਕਤੀ ਦੀ ਕਰੋਨਾ ਕਾਰਨ ਮੌਤ ਹੋਈ ਹੈ ਤੇ ਮਰਨ ਵਾਲਿਆਂ ਦੀ ਕੁੱਲ ਗਿਣਤੀ 114 ਹੋ ਗਈ ਹੈ।
ਮੰਡੀ ਗੋਬਿੰਦਗੜ੍ਹ (ਨਿੱਜੀ ਪੱਤਰ ਪ੍ਰੇਰਕ): ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਸੁਰਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਰੋਨਾਵਾਇਰਸ ਕਾਰਨ ਅੱਜ ਇਕ ਵਿਅਕਤੀ ਦੀ ਮੌਤ ਹੋਈ ਹੈ ਜਦੋਂਕਿ ਤਿੰਨ ਨਵੇਂ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਇਸ ਮਹਾਮਾਰੀ ਨਾਲ ਮਰਨ ਵਾਲਿਆਂ ਦੀ ਕੁੱਲ ਗਿਣਤੀ 100 ਤੱਕ ਪਹੁੰਚ ਗਈ ਹੈ ਤੇ ਮੌਜੂਦਾ ਸਮੇਂ 41 ਐਕਟਿਵ ਕੇਸ ਹਨ। ਸਿਹਤ ਵਿਭਾਗ ਵੱਲੋਂ ਅੱਜ 262 ਵਿਅਕਤੀਆਂ ਦੇ ਕਰੋਨਾ ਸੈਂਪਲ ਲਏ ਗਏ ਹਨ।
ਮੁਹਾਲੀ ਜ਼ਿਲ੍ਹੇ ਵਿੱਚ 49 ਨਵੇਂ ਕੇਸ
ਮੁਹਾਲੀ (ਪੱਤਰ ਪ੍ਰੇਰਕ): ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾਵਾਇਰਸ ਦੇ 49 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਜ਼ਿਲ੍ਹੇ ਵਿੱਚ ਮਰੀਜ਼ਾਂ ਦੀ ਗਿਣਤੀ 12 ਹਜ਼ਾਰ 298 ਹੋ ਗਈ ਹੈ। ਅੱਜ 21 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦਿੱਤੀ ਗਈ ਹੈ ਅਤੇ ਹੁਣ ਤੱਕ 236 ਮੌਤਾਂ ਹੋ ਚੁੱਕੀਆਂ ਹਨ। ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਅੱਜ 49 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚ ਮੁਹਾਲੀ ਸ਼ਹਿਰੀ ਖੇਤਰ ਵਿੱਚ 30 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਜਦੋਂਕਿ ਘੜੂੰਆਂ ਪੇਂਡੂ ਖੇਤਰ ਵਿੱਚ 2, ਕੁਰਾਲੀ ਤੇ ਢਕੋਲੀ ਵਿੱਚ 1-1, ਖਰੜ ਵਿੱਚ 5, ਬਨੂੜ ਵਿੱਚ 5 ਅਤੇ ਡੇਰਾਬੱਸੀ ਵਿੱਚ 5 ਵਿਅਕਤੀ ਕਰੋਨਾ ਤੋਂ ਪੀੜਤ ਪਾਏ ਗਏ ਹਨ। ਇਸ ਸਮੇਂ ਮੁਹਾਲੀ ਜ਼ਿਲ੍ਹੇ ਵਿੱਚ 526 ਨਵੇਂ ਕੇਸ ਐਕਟਿਵ ਹਨ ਤੇ ਕੁੱਲ 11 ਹਜ਼ਾਰ 536 ਮਰੀਜ਼ ਸਿਹਤਯਾਬ ਹੋ ਕੇ ਘਰ ਪਰਤ ਚੁੱਕੇ ਹਨ।