ਟ੍ਰਾਈਸਿਟੀ ਵਿੱਚ ਲੋਕਾਂ ਨੂੂੰ ਗਰਮੀ ਤੋਂ ਰਾਹਤ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 16 ਜੂਨ
ਚੰਡੀਗੜ੍ਹ ਟ੍ਰਾਈਸਿਟੀ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅਤਿ ਦੀ ਗਰਮੀ ਤੋਂ ਬਾਅਦ ਅੱਜ ਲੰਘੇ ਦਿਨ ਤੋਂ ਮੌਸਮ ਵਿੱਚ ਆਈ ਤਬਦੀਲੀ ਕਰ ਕੇ ਅੱਜ ਵੀ ਲੋਕਾਂ ਨੇ ਗਰਮੀ ਤੋਂ ਰਾਹਤ ਮਿਲੀ ਹੈ। ਅੱਜ ਸਵੇਰ ਸਮੇਂ ਹੋਈ ਕਿਣ-ਮਿਣ ਤੋਂ ਬਾਅਦ ਚੱਲੀਆਂ ਤੇਜ਼ ਹਵਾਵਾਂ ਕਰ ਕੇ ਸਾਰਾ ਦਿਨ ਸ਼ਹਿਰ ਵਿੱਚ ਮੌਸਮ ਸੁਹਾਵਣਾ ਰਿਹਾ ਹੈ। ਇਸ ਦੌਰਾਨ ਕਦੇ ਧੁੱਪ ਨਿੱਕਲ ਜਾਂਦੀ ਸੀ ਅਤੇ ਕਦੇ ਬੱਦਲਵਾਈ ਹੋ ਰਹੀ ਸੀ। ਉੱਧਰ, ਮੌਸਮ ਵਿਗਿਆਨੀਆਂ ਨੇ ਇਹ ਪੂਰਾ ਹਫ਼ਤਾ ਹੀ ਮੌਸਮ ਇਸੇ ਤਰ੍ਹਾਂ ਦਾ ਰਹਿਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਦੌਰਾਨ ਤਾਪਮਾਨ ਵਿੱਚ 2 ਤੋਂ 3 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਦਰਜ ਕੀਤੀ ਜਾਵੇਗੀ ਅਤੇ ਕਿਤੇ-ਕਿਤੇ ਕਿਣ-ਮਿਣ ਜਾਂ ਹਲਕਾ ਮੀਂਹ ਵੀ ਪੈ ਸਕਦਾ ਹੈ।
ਸਿਟੀ ਬਿਊਟੀਫੁੱਲ ਵਿੱਚ ਅੱਜ ਮੌਸਮ ਵਿੱਚ ਆਈ ਤਬਦੀਲੀ ਕਰ ਕੇ ਸਾਰਾ ਦਿਨ ਸ਼ਹਿਰ ਵਿੱਚ ਸੈਲਾਨੀਆਂ ਦੀ ਭੀੜ ਲੱਗੀ ਰਹੀ ਹੈ। ਇਸ ਦੌਰਾਨ ਸ਼ਹਿਰ ਦੀ ਸੁਖਨਾ ਝੀਲ, ਰੌਕ ਗਾਰਡਨ, ਰੋਜ਼ ਗਾਰਡਨ ਸਣੇ ਹੋਰਨਾਂ ਘੁੰਮਣ ਵਾਲੀਆਂ ਥਾਵਾਂ ’ਤੇ ਸਾਰਾ ਦਿਨ ਲੋਕਾਂ ਦੀ ਭੀੜ ਲੱਗੀ ਰਹੀ ਹੈ।
ਇਸ ਤੋਂ ਇਲਾਵਾ ਸ਼ਹਿਰ ਦੀਆਂ ਮਾਰਕੀਟਾਂ ਵਿੱਚ ਵੀ ਆਮ ਦਿਨਾਂ ਦੇ ਮੁਕਾਬਲੇ ਵੱਡੀ ਗਿਣਤੀ ਵਿੱਚ ਲੋਕ ਪਹੁੰਚੇ ਹੋਏ ਸਨ।
ਚੰਡੀਗੜ੍ਹ ਵਿੱਚ ਤਾਪਮਾਨ 37.8 ਡਿਗਰੀ ਸੈਲਸੀਅਸ ਰਿਹਾ
ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 37.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ ਜੋ ਆਮ ਤੋਂ 0.8 ਡਿਗਰੀ ਸੈਲਸੀਅਸ ਵੱਧ ਰਿਹਾ ਹੈ। ਇਸੇ ਤਰ੍ਹਾਂ ਘੱਟ ਤੋਂ ਘੱਟ ਤਾਪਮਾਨ 27.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਦੂਜੇ ਪਾਸੇ, ਮੁਹਾਲੀ ਵਿੱਚ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਅਤੇ ਪੰਚਕੂਲਾ ਵਿੱਚ 35.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।
ਨਿਊ ਚੰਡੀਗੜ੍ਹ ਇਲਾਕੇ ’ਚ ਮੀਂਹ ਪਿਆ
ਮੁੱਲਾਂਪੁਰ ਗਰੀਬਦਾਸ (ਪੱਤਰ ਪ੍ਰੇਰਕ): ਪਿੰਡ ਮੁੱਲਾਂਪੁਰ ਗਰੀਬਦਾਸ, ਨਿਊ ਚੰਡੀਗੜ੍ਹ ਇਲਾਕੇ ਵਿੱਚ ਅੱਜ ਬਾਅਦ ਦੁਪਹਿਰ ਤੇਜ਼ ਹਵਾਵਾਂ ਚੱਲਣ ਤੇ ਮੀਂਹ ਪੈਣ ਮਗਰੋਂ ਮੌਸਮ ਠੰਢਾ ਹੋ ਗਿਆ। ਹਨੇਰੀ ਕਾਰਨ ਕਈ ਥਾਵਾਂ ’ਤੇ ਸੜਕਾਂ ਕਿਨਾਰੇ ਖੜ੍ਹੇ ਦਰੱਖ਼ਤ ਡਿੱਗ ਗਏ। ਪਿੰਡ ਮੁੱਲਾਂਪੁਰ ਗਰੀਬਦਾਸ ਇਲਾਕੇ ਦੀਆਂ ਸੜਕਾਂ ’ਤੇ ਪਏ ਹੋਏ ਟੋਇਆਂ ਵਿੱਚ ਪਾਣੀ ਭਰ ਗਿਆ ਤੇ ਰਾਹਗੀਰਾਂ ਪ੍ਰੇਸ਼ਾਨ ਹੋਏ।