ਕੇਂਦਰ ਵੱਲੋਂ ਪੰਜਾਬ ਨੂੰ ਦਿੱਤਾ ਰਾਹਤ ਫੰਡ ਕੋਝਾ ਮਜ਼ਾਕ: ਕੰਗ
ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਨੂਰਪੁਰ ਬੇਦੀ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਦਿੱਤਾ ਗਿਆ ਰਾਹਤ ਫੰਡ ਹਕੀਕਤ ਵਿੱਚ ਰਾਹਤ ਨਹੀਂ, ਸਗੋਂ ਪੰਜਾਬ ਦੇ ਜ਼ਖਮਾਂ ’ਤੇ ਲੂਣ ਛਿੜਕਣ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤਾਂ ਅਨੁਸਾਰ ਪੰਜਾਬ ਨੂੰ ਹੜ੍ਹਾਂ ਕਾਰਨ ਹੋਇਆ ਨੁਕਸਾਨ ਘੱਟੋ-ਘੱਟ 25 ਤੋਂ 30 ਹਜ਼ਾਰ ਕਰੋੜ ਰੁਪਏ ਦੇ ਨੇੜੇ ਅੰਦਾਜ਼ਾ ਲਾਇਆ ਜਾ ਰਿਹਾ ਹੈ। ਪੰਜਾਬ ਮੰਡੀ ਬੋਰਡ ਦਾ ਲਗਭਗ 8 ਤੋਂ 10 ਹਜ਼ਾਰ ਕਰੋੜ ਰੁਪਏ ਕੇਂਦਰ ਵੱਲ ਬਕਾਇਆ ਪਿਆ ਹੈ। ਇਸ ਹਾਲਤ ਵਿੱਚ ਕੇਂਦਰ ਦਾ ਕੇਵਲ 1600 ਕਰੋੜ ਦਾ ਐਲਾਨ ਪੰਜਾਬ ਦੇ ਲੋਕਾਂ ਨਾਲ ਇੱਕ ਕੋਝਾ ਮਜ਼ਾਕ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੇ ਪੰਜਾਬ ਦੇ ਲੋਕਾਂ ਨੂੰ ਰਾਹਤ ਦੇਣ ਦੀ ਬਜਾਏ ਉਨ੍ਹਾਂ ਦੇ ਦਿਲਾਂ ’ਤੇ ਵਧੇਰੇ ਜ਼ਖ਼ਮ ਕਰ ਦਿੱਤੇ ਹਨ। ਇਹ ਕੋਈ ਰਾਹਤ ਪੈਕਜ ਨਹੀਂ, ਸਗੋਂ ਪੰਜਾਬ ਦੇ ਲੋਕਾਂ ਨਾਲ ਧੋਖੇਬਾਜ਼ੀ ਹੈ। ਇਸ ਮੌਕੇ ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਚੱੱਢਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਹੜ੍ਹਾਂ ਵਰਗੀ ਵੱਡੀ ਆਫ਼ਤ ਵਿੱਚ ਆਪਸੀ ਇਕਜੁੱਟਤਾ ਨਾਲ ਬੇਮਿਸਾਲ ਹਿੰਮਤ ਦਿਖਾਈ ਹੈ ਪਰ ਕੇਂਦਰ ਸਰਕਾਰ ਵੱਲੋਂ ਐਲਾਨਿਆ ਗਿਆ ਪੈਕਜ ਲੋਕਾਂ ਦੇ ਜ਼ਖ਼ਮਾਂ ’ਤੇ ਮਲ੍ਹੱਮ ਨਹੀਂ, ਸਗੋਂ ਉਨ੍ਹਾਂ ਦੇ ਦਿਲਾਂ ਨੂੰ ਹੋਰ ਠੇਸ ਪਹੁੰਚਾਉਣ ਵਾਲਾ ਕਦਮ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਹੱਕਾਂ ਦੀ ਲੜਾਈ ਸੰਸਦ ਤੋਂ ਲੈ ਕੇ ਸੜਕ ਤੱਕ ਲੜਦੇ ਰਹਾਂਗੇ।