ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 5 ਅਕਤੂਬਰ
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਅੱਜ ਦਸਵੀਂ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ। ਸਵੇਰੇ 9 ਵਜੇ ਸਹਿਜ ਪਾਠ ਦੇ ਭੋਗ ਉਪਰੰਤ ਸਾਰਾ ਦਿਨ ਸ਼ਬਦ ਕੀਰਤਨ ਜਾਰੀ ਰਿਹਾ, ਜਿਸ ਵਿੱਚ ਭਾਈ ਜਸਪਾਲ ਸਿੰਘ ਦੇ ਜਥੇ ਨੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਬਾਰੇ ਸੰਗਤ ਨੂੰ ਵਾਰਾਂ ਨਾਲ ਨਿਹਾਲ ਕੀਤਾ। ਭਾਈ ਅਨੰਤਵੀਰ ਸਿੰਘ ਅਮਰੀਕਾ ਵਾਲਿਆਂ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਇਲਾਹੀ ਬਾਣੀ ਸੁਣਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਸਤਨਾਮ ਸਿੰਘ ਦਮਦਮੀ ਟਕਸਾਲ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤ ਨੂੰ ਬਾਬਾ ਬੁੱਢਾ ਜੀ ਵੱਲੋਂ ਦਰਬਾਰ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਕਰਵਾਉਣ ਅਤੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਪ੍ਰਬੰਧਕਾਂ ਨੇ ਸਾਰੇ ਜਥਿਆਂ ਨੂੰ ਸਿਰੋਪੇ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਪ੍ਰਾਣੀਆਂ ਅੰਮ੍ਰਿਤ ਛਕਿਆ। ਗੁਰੂ ਕਾ ਲੰਗਰ ਅਤੁੱਟ ਵਰਤਿਆ।