ਦਰਸ਼ਨ ਸਿੰਘ ਸੋਢੀ
ਐੱਸ.ਏ.ਐੱਸ. ਨਗਰ (ਮੁਹਾਲੀ), 2 ਅਕਤੂਬਰ
ਸ਼ਹਿਰ ਵਿੱਚ ਬੱਸ ਅੱਡਾ ਚਾਲੂ ਹਾਲਤ ਵਿੱਚ ਨਾ ਹੋਣ ਕਾਰਨ ਸ਼ਹਿਰ ਵਾਸੀਆਂ ਤੇ ਦਫ਼ਤਰੀ ਮੁਲਾਜ਼ਮਾਂ ਅਤੇ ਹੋਰਨਾਂ ਮੁਸਾਫ਼ਿਰਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਦੀ ਸਰਕਾਰ ਸਮੇਂ ਇੱਥੋਂ ਦੇ ਫੇਜ਼-8 ਵਿੱਚ ਅੰਤਰਰਾਜੀ ਬੱਸ ਅੱਡਾ ਬਣਾਇਆ ਗਿਆ ਸੀ ਪਰ ਪਿਛਲੀ ਅਕਾਲੀ ਸਰਕਾਰ ਨੇ ਪੁਰਾਣਾ ਬੱਸ ਅੱਡਾ ਬੰਦ ਕਰ ਕੇ ਵੇਰਕਾ ਮਿਲਕ ਪਲਾਂਟ ਨੇੜੇ ਨਵਾਂ ਏਸੀ ਬੱਸ ਅੱਡਾ ਬਣਾਇਆ ਅਤੇ ਕੈਪਟਨ ਸਰਕਾਰ ਨੇ ਨਵਾਂ ਅੱਡਾ ਚਾਲੂ ਕਰਨ ਦੇ ਹੁਕਮ ਦਿੱਤੇ। ਸਰਕਾਰੀ ਹੁਕਮਾਂ ਨਾਲ ਪੁਰਾਣਾ ਬੱਸ ਅੱਡਾ ਤਾਂ ਬੰਦ ਕਰ ਦਿੱਤਾ ਗਿਆ ਪਰ ਨਵਾਂ ਸ਼ੁਰੂ ਨਹੀਂ ਹੋ ਸਕਿਆ। ਪੰਜਾਬੀ ਵਿਰਸਾ ਸਭਿਆਚਾਰਕ ਸੁਸਾਇਟੀ ਦੇ ਪ੍ਰਧਾਨ ਤੇ ਸਾਬਕਾ ਕੌਂਸਲਰ ਸਤਵੀਰ ਸਿੰਘ ਧਨੋਆ ਨੇ ਮੁੱਖ ਮੰਤਰੀ ਅਤੇ ਟਰਾਂਸਪੋਰਟ ਮੰਤਰੀ ਨੂੰ ਪੱਤਰ ਲਿਖ ਕੇ ਮੁਹਾਲੀ ਵਿੱਚ ਬੰਦ ਕੀਤੇ ਪੁਰਾਣੇ ਬੱਸ ਅੱਡੇ ਨੂੰ ਮੁੜ ਤੋਂ ਚਾਲੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਿ ਮੁਹਾਲੀ ਵਿੱਚ ਕਈ ਮੌਜੂਦਾ ਮੰਤਰੀ, ਸਾਬਕਾ ਮੰਤਰੀ ਅਤੇ ਉੱਚ ਅਧਿਕਾਰੀ ਰਹਿੰਦੇ ਹਨ ਪਰ ਸ਼ਹਿਰ ਵਿੱਚ ਬੱਸ ਅੱਡੇ ਦੀ ਅਣਹੋਂਦ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਰਕਾਰ ਇਸ ਗੰਭੀਰ ਸਮੱਸਿਆ ਵੱਲ ਕੋਈ ਧਿਆਨ ਨਹੀਂ ਦੇ ਰਹੀ ਜਿਸ ਕਾਰਨ ਸਰਕਾਰੀ ਅਤੇ ਨਿੱਜੀ ਬੱਸਾਂ ਦੇ ਚਾਲਕ ਪੁਰਾਣੇ ਬੱਸ ਅੱਡੇ ਦੇ ਬਾਹਰ ਸੜਕ ਕਿਨਾਰੇ ਅਤੇ ਰੁੱਖਾਂ ਹੇਠ ਬੱਸਾਂ ਖੜ੍ਹੀਆਂ ਕਰ ਕੇ ਸਵਾਰੀਆਂ ਚੁੱਕਦੇ ਤੇ ਲਾਹੁੰਦੇ ਹਨ। ਤੇਜ਼ ਧੁੱਪ ਅਤੇ ਬਾਰਿਸ਼ ਦੇ ਦਿਨਾਂ ਵਿੱਚ ਮੁਸਾਫ਼ਰਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਹੁਣ ਉਹ ਇਸ ਸਬੰਧੀ ਵਿਧਾਇਕ ਕੁਲਵੰਤ ਸਿੰਘ ਨੂੰ ਮਿਲ ਕੇ ਇਸ ਮਸਲੇ ਦਾ ਪੱਕਾ ਹੱਲ ਕਰਨ ਦੀ ਮੰਗ ਕਰਨਗੇ।
ਜਗਦੀਪ ਸਿੰਘ ਮੁਹਾਲੀ ਨੇ ਕਿਹਾ ਕਿ ਇੱਥੇ ਪੰਜਾਬ ਸਕੂਲ ਸਿੱਖਿਆ ਬੋਰਡ, ਸਿੱਖਿਆ ਵਿਭਾਗ, ਮੈਡੀਕਲ ਸਿੱਖਿਆ, ਪੁੱਡਾ/ਗਮਾਡਾ, ਪੇਂਡੂ ਵਿਕਾਸ ਤੇ ਪੰਚਾਇਤ, ਜੰਗਲਾਤ ਵਿਭਾਗ, ਐੱਸਐੱਸਐੱਸ ਬੋਰਡ, ਪੰਜਾਬ ਵਿਜੀਲੈਂਸ ਬਿਊਰੋ ਸਮੇਤ ਹੋਰ ਕਈ ਪ੍ਰਮੁੱਖ ਦਫ਼ਤਰ ਹਨ ਜਿਨ੍ਹਾਂ ਵਿੱਚ ਰੋਜ਼ਾਨਾ ਹਜ਼ਾਰਾਂ ਮੁਲਾਜ਼ਮ ਆਉਂਦੇ ਹਨ। ਇਸ ਤੋਂ ਇਲਾਵਾ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ, ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ, ਪੀਸੀਏ ਸਟੇਡੀਅਮ, ਫੋਰਟਿਸ ਹਸਪਤਾਲ, ਕੋਸਮੋ ਹਸਪਤਾਲ ਅਤੇ ਹੋਰ ਅਦਾਰੇ ਵੀ ਹਨ। ਉਨ੍ਹਾਂ ਮੰਗ ਕੀਤੀ ਕਿ ਜਦੋਂ ਤੱਕ ਕੋਈ ਨਵਾਂ ਬੱਸ ਅੱਡਾ ਨਹੀਂ ਬਣਾਇਆ ਜਾਂਦਾ ਉਦੋਂ ਤੱਕ ਬੰਦ ਕੀਤੇ ਪੁਰਾਣੇ ਬੱਸ ਅੱਡੇ ਨੂੰ ਲੋਕਲ ਅੱਡੇ ਵਜੋਂ ਚਾਲੂ ਕੀਤਾ ਜਾਵੇ।
ਸਤਵੀਰ ਧਨੋਆ ਅਤੇ ਜਗਦੀਪ ਸਿੰਘ ਨੇ ਕਿਹਾ ਕਿ ਪੁਰਾਣਾ ਬੱਸ ਅੱਡੇ ਦੀ ਇਮਾਰਤ ਖੰਡਰ ਅਤੇ ਨਸ਼ੇੜੀਆਂ ਦਾ ਅੱਡਾ ਬਣ ਕੇ ਰਹਿ ਗਈ ਹੈ ਜਦੋਂਕਿ ਗਮਾਡਾ ਨੇ ਇਸ ਜ਼ਮੀਨ ਨੂੰ ਲੋਕ ਹਿੱਤ ਵਿੱਚ ਕਿਸੇ ਹੋਰ ਮੰਤਵ ਲਈ ਵੀ ਅਜੇ ਤਾਈਂ ਵਰਤੋਂ ਵਿੱਚ ਨਹੀਂ ਲਿਆਂਦਾ। ਹਾਲਾਤ ਇਹ ਹਨ ਕਿ ਵੀਆਈਪੀ ਸ਼ਹਿਰ ਮੁਹਾਲੀ ਵਿੱਚ ਬੱਸ ਅੱਡਾ ਨਾ ਹੋਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ।