ਹਰਜੀਤ ਸਿੰਘ
ਜ਼ੀਰਕਪੁਰ, 5 ਅਪਰੈਲ
ਇੱਥੋਂ ਦੇ ਨੇੜਲੇ ਭਬਾਤ ਖੇਤਰ ਦੇ ਵਸਨੀਕ ਲੰਘੇ ਤਿੰਨ ਦਿਨਾਂ ਤੋਂ ਪਾਣੀ ਦੀ ਕਿੱਲਤ ਦਾ ਸਾਹਮਣਾ ਕਰ ਰਹੇ ਹਨ। ਸਥਾਨਕ ਲੋਕਾਂ ਵੱਲੋਂ ਇਸ ਦੀ ਜਾਣਕਾਰੀ ਕੌਂਸਲ ਅਧਿਕਾਰੀਆਂ ਨੂੰ ਦਿੱਤੀ ਗਈ ਪਰ ਕੋਈ ਹੱਲ ਨਹੀਂ ਹੋਇਆ। ਅੱਤ ਦੀ ਗਰਮੀ ਵਿੱਚ ਲੋਕਾਂ ਨੂੰ ਪਿਆਸ ਬੁਝਾਉਣ ਲਈ ਪੱਲਿਉਂ ਪੈਸੇ ਖਰਚ ਕੇ ਟੈਂਕਰਾਂ ਮੰਗਵਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ।
ਪਿੰਡ ਦੇ ਵਸਨੀਕ ਨਿਰਮਲ ਸਿੰਘ, ਗੁਰਸੇਵਕ ਸਿੰਘ, ਚਰਨਜੀਤ ਸਿੰਘ, ਜੈ ਗੋਪਾਲ ਅਤੇ ਅਮਨਦੀਪ ਸਿੰਘ ਨੇ ਦੱਸਿਆ ਕਿ ਖੇਤਰ ਵਿੱਚ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਨਵੇਂ ਸਿਰੇ ਤੋਂ ਪਾਈ ਜਾ ਰਹੀਆਂ ਹਨ। ਪਾਈਪ ਲਾਈਨ ਵਿਛਾਉਣ ਦੇ ਕੰਮ ’ਚ ਲਾਪ੍ਰਵਾਹੀ ਵਰਤੀ ਜਾ ਰਹੀ ਹੈ। ਇੱਥੇ ਪਾਣੀ ਦੀ ਸਪਲਾਈ ਬਿਲਕੁਲ ਠੱਪ ਪਈ ਹੈ। ਲੋਕਾਂ ਵੱਲੋਂ ਕਈ ਵਾਰ ਕੌਂਸਲ ਦੇ ਅਧਿਕਾਰੀਆਂ ਨੂੰ ਕੰਮ ਨੇਪਰੇ ਚੜ੍ਹਾਉਣ ਦੀ ਮੰਗ ਕੀਤੀ ਜਾ ਚੁੱਕੀ ਹੈ ਪਰ ਉਹ ਲੋਕਾਂ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ ਹਨ। ਅੱਤ ਦੀ ਗਰਮੀ ਵਿੱਚ ਬਿਨਾਂ ਪਾਣੀ ਤੋਂ ਸਮਾਂ ਲੰਘਾਉਣਾ ਮੁਸ਼ਕਲ ਹੋਇਆ ਪਿਆ ਹੈ। ਲੋਕਾਂ ਦੇ ਘਰੇਲੂ ਕੰਮਾਂ ਤੋਂ ਇਲਾਵਾ ਪੀਣ ਵਾਲੇ ਪਾਣੀ ਦੀ ਵੱਡੀ ਸਮੱਸਿਆ ਬਣੀ ਹੋਈ ਹੈ।
ਇਸ ਸਬੰਧੀ ਨਗਰ ਕੌਂਸਲ ਦੇ ਕਾਰਜਸਾਧਕ ਅਫਸਰ ਗਿਰੀਸ਼ ਵਰਮਾ ਨੇ ਕਿਹਾ ਕਿ ਇਸ ਖੇਤਰ ਵਿੱਚ ਪਾਣੀ ਦੀ ਪਾਈਪ ਲਾਈਨ ਵਿਛਾਈ ਜਾ ਰਹੀ ਹੈ ਜਿਸ ਮਗਰੋਂ ਲੋਕਾਂ ਨੂੰ ਕਾਫੀ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਕੰਮ ਨੂੰ ਛੇਤੀ ਨੇਪਰੇ ਚਾੜ੍ਹ ਦੇ ਕੇ ਪਾਣੀ ਦੀ ਸਪਲਾਈ ਚਾਲੂ ਕਰਵਾ ਦਿੱਤੀ ਜਾਵੇਗੀ। ਫਿਲਹਾਲ ਟੈਂਕਰਾਂ ਰਾਹੀਂ ਪਾਣੀ ਸਪਲਾਈ ਕੀਤਾ ਜਾ ਰਿਹਾ ਹੈ।