ਗੋਲਡਨ ਪਾਮ ਸੁਸਾਇਟੀ ਦੇ ਵਸਨੀਕ ਬੁਨਿਆਦੀ ਸਹੂਲਤਾਂ ਨੂੰ ਤਰਸੇ
ਹਰਜੀਤ ਸਿੰਘ
ਡੇਰਾਬੱਸੀ, 6 ਜੁਲਾਈ
ਇਥੋਂ ਦੀ ਹੈਬਤਪੁਰ ਰੋਡ ’ਤੇ ਸਥਿਤ ਗੋਲਡਨ ਪਾਮ ਪ੍ਰੀਮੀਅਮ ਸੁਸਾਇਟੀ ਦੇ ਵਸਨੀਕਾਂ ਬੁਨਿਆਦੀ ਸਹੂਲਤਾਂ ਨਾ ਮਿਲਣ ਕਾਰਨ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਸੁਸਾਇਟੀ ਵਾਸੀਆਂ ਨੇ ਬਿਲਡਰ ਅਤੇੇ ਪ੍ਰਸ਼ਾਸਨਿਕ ਅਧਿਕਾਰੀਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਮੁਜ਼ਹਰਾਕਾਰੀਆਂ ਨੇ ਕਿਹਾ ਕਿ ਉਨ੍ਹਾਂ ਦੀ ਸਮੱਸਿਆਵਾਂ ਦਾ ਕੋਈ ਹੱਲ ਨਹੀਂ ਕੱਢਿਆ ਜਾ ਰਿਹਾ, ਜਿਸ ਕਾਰਨ ਉਹ ਨਰਕ ਵਰਗੇ ਮਾਹੌਲ ਵਿੱਚ ਰਹਿਣ ਲਈ ਮਜਬੂਰ ਹਨ।
ਮੁਜ਼ਹਰਾਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਸਾਰੀ ਜ਼ਿੰਦਗੀ ਦੀ ਕਮਾਈ ਨਾਲ ਜੋੜੇ ਪੈਸਿਆਂ ਨਾਲ ਇਥੇ ਲੱਖਾਂ ਰੁਪਏ ਖ਼ਰਚ ਕਰ ਪਲਾਟ ਅਤੇ ਫਲੈਟ ਖ਼ਰੀਦੇ ਸੀ। ਉਸ ਵੇਲੇ ਬਿਲਡਰ ਵੱਲੋਂ ਜੋ ਸਹੂਲਤਾਂ ਦੇਣ ਦਾ ਵਾਅਦਾ ਕੀਤਾ ਗਿਆ ਸੀ, ਉਨ੍ਹਾਂ ’ਚੋਂ ਕੋਈ ਵੀ ਵਫ਼ਾ ਨਹੀਂ ਹੋਇਆ। ਉਨ੍ਹਾਂ ਨੇ ਦੱਸਿਆ ਕਿ ਸੁਸਾਇਟੀ ਵਿੱਚ ਆਉਣ ਵਾਲੀ ਮੁੱਖ ਸੜਕ ਪੂਰੀ ਤਰ੍ਹਾਂ ਤਿਆਰ ਨਹੀਂ ਹੋਈ। ਸੜਕ ਕੱਚੀ ਹੋਣ ਕਾਰਨ ਮੀਂਹ ਦੇ ਦਿਨਾਂ ਵਿੱਚ ਇਥੇ ਪਾਣੀ ਖੜ੍ਹਾ ਹੋ ਜਾਂਦਾ ਹੈ ਅਤੇ ਚਿੱਕੜ ਪੈਦਾ ਹੋ ਜਾਂਦਾ ਹੈ। ਉਨ੍ਹਾਂ ਨੇ ਕਥਿਤ ਦੋਸ਼ ਲਾਇਆ ਕਿ ਬਿਲਡਰ ਵੱਲੋਂ ਮੁੱਖ ਸੜਕ 45 ਫੁੱਟ ਦੀ ਦੇਣ ਦਾ ਦਾਅਵਾ ਕੀਤਾ ਗਿਆ ਸੀ ਪਰ ਮੌਕੇ ’ਤੇ ਇਹ ਸੜਕ ਸਿਰਫ਼ 35 ਫੁੱਟ ਹੀ ਹੈ। ਉਨ੍ਹਾਂ ਨੇ ਦੱਸਿਆ ਕਿ ਇਥੇ ਹਰ ਵੇਲੇ ਪੂਰੀ ਸੁਰੱਖਿਆ ਦੇਣ ਦਾ ਵਾਅਦਾ ਕੀਤਾ ਗਿਆ ਸੀ ਪਰ ਹਾਲੇ ਤੱਕ ਇਥੇ ਚਾਰ ਦੀਵਾਰੀ ਦਾ ਕੰਮ ਮੁਕੰਮਲ ਨਹੀਂ ਹੋਇਆ। ਇਥੇ ਨਾ ਕੋਈ ਚਾਰ ਦੀਵਾਰੀ ਅਤੇ ਨਾ ਹੀ ਸੁਰੱਖਿਆ ਗਾਰਡ ਹੈ। ਸੁਰੱਖਿਆ ਦੇ ਪ੍ਰਬੰਧ ਨਾ ਹੋਣ ਕਾਰਨ ਚੋਰੀਆਂ ਹੋ ਰਹੀਆਂ ਹਨ। ਲੋਕ ਆਪਣੀ ਅਤੇ ਘਰਾਂ ਦੀ ਸੁਰੱਖਿਆ ਨੂੰ ਲੈ ਕੇ ਹਰ ਵੇਲੇ ਫਿਕਰ ਵਿੱਚ ਰਹਿੰਦੇ ਹਨ। ਲੋਕਾਂ ਨੇ ਦੋਸ਼ ਲਾਇਆ ਕਿ ਕਈਂ ਵਾਰ ਬਿਲਡਰ ਨੂੰ ਮਿਲ ਕੇ ਆਪਣੀ ਸਮੱਸਿਆਵਾਂ ਦਾ ਹੱਲ ਕਰਨ ਦੀ ਮੰਗ ਕਰ ਚੁੱਕੇ ਹਨ ਪਰ ਉਹ ਇਸ ਪਾਸੇ ਕੋਈ ਧਿਆਨ ਨਹੀਂ ਦੇ ਰਿਹਾ ਹੈ। ਲੋਕਾਂ ਨੇ ਮੰਗ ਕੀਤੀ ਕਿ ਪ੍ਰਸ਼ਾਸਨਿਕ ਅਧਿਕਾਰੀ ਇਸ ਪਾਸੇ ਧਿਆਨ ਦੇ ਕੇ ਸਮੱਸਿਆ ਦਾ ਹੱਲ ਕਰਵਾਉਣ। ਨਗਰ ਕੌਂਸਲ ਦੀ ਪ੍ਰਧਾਨ ਆਸ਼ੂ ਉਪਨੇਜਾ ਨੇ ਕਿਹਾ ਕਿ ਸੁਸਾਇਟੀ ਹਾਲੇ ਕੌਂਸਲ ਦੇ ਹਵਾਲੇ ਨਹੀਂ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤ ਕਰ ਇਸ ਸਮੱਸਿਆ ਦਾ ਹੱਲ ਕੱਢਿਆ ਜਾਏਗਾ।