ਸ਼ਸ਼ੀ ਪਾਲ ਜੈਨ
ਖਰੜ, 10 ਜੁਲਾਈ
ਪਿਛਲੇ ਦੋ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਲੋਕਾਂ ਦੇ ਘਰਾਂ ਵਿੱਚ ਪਾਣੀ ਦਾਖ਼ਲ ਹੋਣ ਅਤੇ ਸੜਕਾਂ ਤਲਾਬ ਦਾ ਰੂਪ ਧਾਰਨ ਕਰ ਜਾਣ ਕਾਰਨ ਤੇ ਪ੍ਰਸ਼ਾਸਨ ਵੱਲੋਂ ਪਾਣੀ ਦੀ ਨਿਕਾਸੀ ਦਾ ਠੀਕ ਪ੍ਰਬੰਧ ਨਾ ਕਰਨ ਵਿਰੁੱਧ ਰੋਸ ਪ੍ਰਗਟ ਕਰਦਿਆਂ ਪਿੰਡ ਦੇਸੂਮਾਜਰਾ ਅਤੇ ਨੇੜਲੀਆਂ ਕਲੋਨੀਆਂ ਦੇ ਵਸਨੀਕਾਂ ਵੱਲੋਂ ਖਰੜ-ਮੁਹਾਲੀ ਮੁੱਖ ਸੜਕ ’ਤੇ ਜਾਮ ਲਾ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।
ਜਾਮ ਕਾਰਨ ਟਰੈਫਿਕ ਲਗਭਗ 2 ਘੰਟੇ ਲਈ ਮੁਕੰਮਲ ਤੌਰ ’ਤੇ ਠੱਪ ਰਿਹਾ। ਮੌਕੇ ’ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਭਾਰੀ ਮੀਂਹ ਨਾਲ ਉਨ੍ਹਾਂ ਨੂੰ ਘਰਾਂ ਵਿੱਚ ਰਹਿਣ ਲਈ ਮਜਬੂਰ ਹੋਣ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਚਾਹੀਦਾ ਸੀ ਕਿ ਉਹ ਬਰਸਾਤਾਂ ਤੋਂ ਪਹਿਲਾਂ ਨਾਲਿਆਂ ਦੀ ਸਫ਼ਾਈ ਕਰਵਾਉਂਦੇ ਪਰ ਅਜਿਹਾ ਨਹੀਂ ਕੀਤਾ ਗਿਆ। ਇਸ ਦੌਰਾਨ ਖਰੜ ਦੇ ਐੱਸਡੀਐੱਮ, ਨਗਰ ਕੌਸਲ ਦੇ ਐੱਮਈ ਵਿਨੈ ਮਹਾਜਨ, ਖਰੜ ਸਦਰ ਥਾਣਾ ਦੇ ਐੱਸਐੱਚਓ ਇੰਸਪੈਕਟਰ ਯੋਗੇਸ਼ ਕੁਮਾਰ ਪਹੁੰਚੇ ਅਤੇ ਧਰਨਾ ਦੇਣ ਵਾਲਿਆਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ। ਧਰਨਾਕਾਰੀਆਂ ਅਤੇ ਅਧਿਕਾਰੀਆਂ ਵਿੱਚ ਤਕਰਾਰਬਾਜ਼ੀ ਵੀ ਹੋਈ। ਆਖਰ ਵਿੱਚ ਐੱਸਡੀਐੱਮ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਪਿੰਡ ਦੇਸੂਮਾਜਰਾ ਦੇ ਪਾਣੀ ਦੀ ਨਿਕਾਸੀ ਦਾ ਪੱਕਾ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਗਮਾਡਾ ਦੇ ਅਧਿਕਾਰੀਆਂ ਨਾਲ ਵੀ ਇਸ ਸਬੰਧੀ ਗੱਲ ਕਰ ਰਹੇ ਹਨ। ਉਨ੍ਹਾਂ ਦੇ ਭਰੋਸੇ ਉਪਰੰਤ ਹੀ ਲੋਕਾਂ ਨੇ ਇਹ ਜਾਮ ਖੁੱਲ੍ਹਵਾਇਆ ।