ਮਾਰਕੀਟ ਕਮੇਟੀਆਂ ਦੇ ਕਰਮਚਾਰੀਆਂ ਦੀਆਂ ਮੰਗਾਂ ਦਾ ਨਿਬੇੜਾ
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਅੱਜ ਪੰਜਾਬ ਦੀਆਂ ਮਾਰਕੀਟ ਕਮੇਟੀਆਂ ਦੀ ਯੂਨੀਅਨ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ। ਇਸ ਮੌਕੇ ਕਰਮਚਾਰੀਆਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਸਬੰਧੀ ਵਿਚਾਰ ਕੀਤਾ ਗਿਆ। ਯੂਨੀਅਨ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਚੇਅਰਮੈਨ ਨੂੰ ਜਾਣੂ ਕਰਵਾਇਆ ਗਿਆ, ਜਿਨ੍ਹਾਂ ਦਾ ਚੇਅਰਮੈਨ ਵੱਲੋਂ ਮੌਕੇ ’ਤੇ ਹੀ ਨਿਬੇੜਾ ਕੀਤਾ ਗਿਆ।
ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਕਰਮਚਾਰੀਆਂ ਦੀਆਂ ਚਿੰਤਾਵਾਂ ਅਤੇ ਮੰਗਾਂ ਨੂੰ ਗੰਭੀਰਤਾ ਨਾਲ ਲਿਆ ਗਿਆ ਹੈ ਅਤੇ ਇਹ ਫ਼ੈਸਲੇ ਬੋਰਡ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਵੱਲ ਇੱਕ ਹੋਰ ਅਹਿਮ ਕਦਮ ਹਨ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਤੋਂ ਹੀ ਮੁਲਾਜ਼ਮਾਂ ਦੇ ਹੱਕ ਵਿੱਚ ਖੜ੍ਹੇ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ, ਉੱਥੇ ਹੀ ਮੁਲਾਜ਼ਮਾਂ ਦੀ ਭਲਾਈ ਲਈ ਵੀ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਉਹ ਮੁਲਾਜ਼ਮਾਂ ਦੇ ਹਿੱਤਾਂ ਨੂੰ ਹਮੇਸ਼ਾ ਉੱਪਰ ਰੱਖਦੇ ਹਨ ਅਤੇ ਭਵਿੱਖ ਵਿੱਚ ਵੀ ਮੁਲਾਜ਼ਮਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗਾ ਅਤੇ ਉਹ ਮੁਲਾਜ਼ਮਾਂ ਦੀ ਭਲਾਈ ਲਈ ਕਾਰਜਸ਼ੀਲ ਰਹਿਣਗੇ।
ਯੂਨੀਅਨ ਦੇ ਨੁਮਾਇੰਦਿਆਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਨਹੀਂ ਆਉਣ ਦੇਣਗੇ। ਯੂਨੀਅਨ ਦੇ ਨੁਮਾਇੰਦਿਆਂ ਨੇ ਚੇਅਰਮੈਨ ਦਾ ਧੰਨਵਾਦ ਕੀਤਾ।