ਚੰਡੀਗੜ੍ਹ ਫਰਨੀਚਰ ਮਾਰਕੀਟ ਢਾਹੁਣ ਲਈ ਸਮੀਖਿਆ ਮੀਟਿੰਗ
ਯੂਟੀ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ 20 ਜੁਲਾਈ ਨੂੰ ਸੈਕਟਰ 53 ਦੀ ਫਰਨੀਚਰ ਮਾਰਕੀਟ ਢਾਹੁਣ ਦੀਆਂ ਤਿਆਰੀਆਂ ਵਜੋਂ ਅੱਜ ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿੱਚ ਪੁਲੀਸ ਵਿਭਾਗ, ਫਾਇਰ ਵਿਭਾਗ, ਇੰਜਨੀਅਰਿੰਗ ਵਿਭਾਗ, ਸਿਹਤ ਵਿਭਾਗ ਅਤੇ ਨਗਰ ਨਿਗਮ, ਚੰਡੀਗੜ੍ਹ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ ਸਬ-ਡਵੀਜ਼ਨਲ ਮੈਜਿਸਟ੍ਰੇਟ (ਐੱਸਡੀਐੱਮ) ਵੀ ਸ਼ਾਮਲ ਹੋਏ। ਮਾਰਕੀਟ ਢਾਹੁਣ ਦੀ ਪ੍ਰਕਿਰਿਆ ਦੌਰਾਨ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦਰਮਿਆਨ ਆਪਸੀ ਤਾਲਮੇਲ ਨੂੰ ਕਾਫ਼ੀ ਅਹਿਮ ਦੱਸਦਿਆਂ ਸਾਰੇ ਸਬੰਧਤ ਵਿਭਾਗਾਂ ਨੂੰ ਮੁਹਿੰਮ ਦੇ ਸੁਚਾਰੂ ਸੰਚਾਲਨ ਲਈ ਪੂਰੀ ਲੌਜਿਸਟਿਕ ਸਹਾਇਤਾ ਮੁਹੱਈਆ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸੁਰੱਖਿਆ, ਟਰੈਫਿਕ ਕੰਟਰੋਲ, ਅੱਗ ਬੁਝਾਊ ਤਿਆਰੀ, ਡਾਕਟਰੀ ਸਹਾਇਤਾ ਅਤੇ ਮੁਹਿੰਮ ਤੋਂ ਬਾਅਦ ਦੀ ਸਫ਼ਾਈ ਨਾਲ ਸਬੰਧਤ ਸਾਰੇ ਜ਼ਰੂਰੀ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਕਿਹਾ। ਮੁਹਿੰਮ ਦੌਰਾਨ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਲਗਪਗ ਇੱਕ ਹਜ਼ਾਰ ਪੁਲੀਸ ਕਰਮਚਾਰੀਆਂ ਦੀ ਤਾਇਨਾਤੀ ਦੀ ਯੋਜਨਾ ਬਣਾਈ ਗਈ ਹੈ। ਡਿਪਟੀ ਕਮਿਸ਼ਨਰ ਨੇ ਦੁਹਰਾਇਆ ਕਿ ਇਹ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਕਾਨੂੰਨੀ ਪ੍ਰਬੰਧਾਂ ਦੇ ਅਨੁਸਾਰ ਅਤੇ ਜਨਤਕ ਹਿੱਤ ਵਿੱਚ ਚਲਾਈ ਜਾ ਰਹੀ ਹੈ। ਉਨ੍ਹਾਂ ਸਾਰੇ ਵਿਭਾਗਾਂ ਨੂੰ ਅਪੀਲ ਕੀਤੀ ਕਿ ਉਹ ਆਪੋ-ਆਪਣੇ ਫਰਜ਼ ਜ਼ਿੰਮੇਵਾਰੀ ਨਾਲ ਨਿਭਾਉਣ।