ਪੱਤਰ ਪ੍ਰੇਰਕ
ਖਰੜ, 9 ਅਗਸਤ
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋ 15 ਅਗਸਤ ਤੋਂ ਖੁੱਲਣ ਜਾ ਰਹੇ ਆਮ ਆਦਮੀ ਕਲੀਨਿਕਾਂ ਦੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਵਿਸੇਸ਼ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਸਭ ਤੋਂ ਪਹਿਲਾਂ ਖਰੜ ਹਲਕੇ ਦੇ ਪਿੰਡ ਛੱਜੂ ਮਾਜਰਾ ਵਿੱਚ ਬਣੇ ਆਮ ਆਦਮੀ ਕਲੀਨਿਕਾਂ ਦਾ ਦੌਰਾ ਕੀਤਾ ਗਿਆ। ਇਥੇ ਪਹੁੰਚਣ ’ਤੇ ਲੋਕਾਂ ਦੇ ਇਕੱਠ ਵੱਲੋਂ ਮੰਤਰੀ ਦਾ ਨਿੱਘਾ ਸੁਆਗਤ ਕੀਤਾ ਗਿਆ। ਉਨ੍ਹਾਂ ਨੇ ਪਿੰਡ ਜੰਡਪੁਰਾ ਅਤੇ ਫਿਰ ਪਿੰਡ ਕਾਂਸਲ ਵਿੱਚ ਬਣੇ ਆਮ ਆਦਮੀ ਕਲੀਨਿਕ ਦਾ ਦੌਰਾ ਕੀਤਾ। ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਵਿੱਚ ਅਜਿਹੇ 75 ਆਮ ਆਦਮੀ ਕਲੀਨਿਕ ਬਣਾਏ ਗਏ ਹਨ। ਇਹ ਕਲੀਨਿਕ 15 ਅਗਸਤ ਨੂੰ 75ਵੇਂ ਸੁਤੰਤਰਤਾ ਦਿਵਸ ਮੌਕੇ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਇਹ ਕਲੀਨਿਕ ਸੂਬੇ ਭਰ ਦੇ ਲੋਕਾਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਮੁਫ਼ਤ ਮੁਹੱਈਆ ਕਰਨਗੇ। ਉਨ੍ਹਾਂ ਕਿਹਾ ਕਿ ਹਰੇਕ ਆਮ ਆਦਮੀ ਕਲੀਨਿਕ ਵਿੱਚ ਡਾਕਟਰ ਦਾ ਕਮਰਾ, ਰਿਸੈਪਸ਼ਨ-ਕਮ-ਵੇਟਿੰਗ ਏਰੀਆ ਅਤੇ ਮਰੀਜ਼ਾਂ ਦੇ ਇਲਾਜ ਤੇ ਬਿਮਾਰੀਆਂ ਦਾ ਪਤਾ ਲਾਉਣ ਲਈ ਐਮ.ਬੀ.ਬੀ.ਐਸ. ਡਾਕਟਰ, ਫਾਰਮਾਸਿਸਟ, ਨਰਸ ਅਤੇ ਸੇਵਾਦਾਰ ਆਦਿ ਸਟਾਫ ਹੋਵੇਗਾ। ਮੰਤਰੀ ਮਾਨ ਨੇ ਦੱਸਿਆ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਤਕਰੀਬਨ 100 ਕਲੀਨਿਕਲ ਟੈਸਟ ਅਤੇ 41 ਪੈਕੇਜ਼ ਲੋਕਾਂ ਨੂੰ ਮੁਫ਼ਤ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਕ੍ਰਾਂਤੀਕਾਰੀ ਕਦਮ ਸੂਬੇ ਵਿੱਚ ਸਿਹਤ ਸੰਭਾਲ ਢਾਂਚੇ ਨੂੰ ਪੂਰੀ ਤਰਾਂ ਸੁਧਾਰ ਦੇਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਖੁੱਲ੍ਹਣ ਨਾਲ ਲੋਕਾਂ ਨੂੰ ਸਿਹਤ ਸੰਭਾਲ ਸਬੰਧੀ ਵੱਡੀ ਰਾਹਤ ਮਿਲੇਗੀ।
ਕਾਂਸਲ ’ਚ 15 ਨੂੰ ਖੁੱਲੇਗਾ ਕਲੀਨਿਕ
ਮੁੱਲਾਂਪੁਰ ਗਰੀਬਦਾਸ (ਪੱਤਰ ਪ੍ਰੇਰਕ) ਹਲਕਾ ਖਰੜ ਦੇ ਲੋਕਾਂ ਨੂੰ ਚੰਗੀਆਂ ਸਹੂਲਤਾਂ ਦੇਣ ਦੇ ਮਕਸਦ ਨਾਲ ‘ਆਪ’ ਦੀ ਹਲਕਾ ਖਰੜ ਤੋਂ ਵਿਧਾਇਕ ਤੇ ਕੈਬਨਿਟ ਮੰਤਰੀ ਬੀਬਾ ਅਨਮੋਲ ਗਗਨ ਮਾਨ ਨੇ ਅੱਜ ਪਿੰਡ ਕਾਂਸਲ ਵਿੱਚ ਖੁੱਲਣ ਵਾਲੇ ਮੁਹੱਲਾ ਕਲੀਨਿਕ ਦਾ ਦੌਰਾ ਕਰਦਿਆਂ ਕਿਹਾ ਕਿ 15 ਅਗਸਤ ਨੂੰ ਮੁਹੱਲਾ ਕਲੀਨਿਕ ਦਾ ਉਦਘਾਟਨ ਕੀਤਾ ਜਾਵੇਗਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਮਾਨ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਸਦਕਾ ਪੰਜਾਬ ’ਚ ਆਮ ਲੋਕਾਂ ਦੀ ਸਹੂਲਤ ਲਈ ਮੁਹੱਲਾ ਕਲੀਨਿਕ ਸ਼ੁਰੂ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁਹੱਲਾ ਕਲੀਨਿਕ ਖੋਲ੍ਹਣ ਦਾ ਮਕਸਦ ਹੈ ਕਿ ਮਰੀਜ਼ ਆਸਾਨੀ ਨਾਲ ਉਥੇ ਪਹੁੰਚ ਕੇ ਸਿਹਤ ਸਹੂਲਤਾਂ ਪ੍ਰਾਪਤ ਕਰ ਸਕਣ।