ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 21 ਅਕਤੂਬਰ
ਯੂਟੀ ਪ੍ਰਸ਼ਾਸਨ ਵੱਲੋਂ ਚੰਡੀਗੜ੍ਹ ਹਾਊਸਿੰਗ ਬੋਰਡ ਅਤੇ ਅਸਟੇਟ ਦਫ਼ਤਰ ’ਚ ਲੋਕਾਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦਾ ਚੰਡੀਗੜ੍ਹ ਦੀ ਸੰਸਦ ਮੈਂਬਰ ਕਿਰਨ ਖੇਰ ਨੇ ਵੀਡਿਓ ਕਾਨਫਰੰਸਿੰਗ ਰਾਹੀ ਜਾਇਜ਼ਾ ਲਿਆ। ਸੰਸਦ ਮੈਂਬਰ ਨੇ ਲੋਕਾਂ ਨੂੰ ਪ੍ਰਾਪਰਟੀ ਟਰਾਂਸਫਰ ਕਰਨ, ਆਕਿਊਪੈਂਸੀ ਸਰਟੀਫਿਕੇਟ ਜਾਰੀ ਕਰਨ ਅਤੇ ਐੱਨਓਸੀ ਜਾਰੀ ਕਰਨ ਦੇ ਕੰਮ ਨੂੰ ਹੋਰ ਆਸਾਨ ਬਨਾਉਣ ਬਾਰੇ ਵਿਚਾਰ-ਚਰਚਾ ਕੀਤੀ। ਮੀਟਿੰਗ ਵਿੱਚ ਐਸਟੇਟ ਰੂਲਜ਼ 1973 ਅਤੇ 2007 ਤਹਿਤ ਅਨਅਰਨਡ ਪ੍ਰਾਫਿਟ ਬਾਰੇ ਵੀ ਗੱਲਬਾਤ ਕੀਤੀ ਗਈ।
ਡਿਪਟੀ ਕਮਿਸ਼ਨਰ ਮਨਦੀਪ ਸਿੰਘ ਬਰਾੜ ਨੇ ਦੱਸਿਆ ਕਿ ਯੂਟੀ ਦੇ ਵੱਖ-ਵੱਖ ਵਿਭਾਗਾਂ ਵੱਲੋਂ ਸਾਰੇ ਪ੍ਰਸ਼ਾਸਨਿਕ ਕੰਮਕਾਜ ਨੂੰ ਡਿਜੀਟਲ ਕੀਤਾ ਜਾ ਰਿਹਾ ਹੈ ਤਾਂ ਜੋ ਲੋਕ ਪ੍ਰਸ਼ਾਸਨਿਕ ਕੰਮ ਘਰ ਬੈਠ ਕੇ ਆਸਾਨੀ ਨਾਲ ਕਰਵਾ ਸਕਣ। ਦੱਸਣਯੋਗ ਹੈ ਕਿ ਚੰਡੀਗੜ੍ਹ ਹਾਊਸਿੰਗ ਬੋਰਡ ਅਤੇ ਐਸਟੇਟ ਦਫ਼ਤਰ ਨਾਲ ਜੁੜੇ ਕੰਮਾਂ ਨੂੰ ਜਲਦ ਸਿਰੇ ਚਾੜ੍ਹਨ ਲਈ ਸੰਸਦ ਮੈਂਬਰ ਕਿਰਨ ਖੇਰ ਦੀ ਅਗਵਾਈ ਹੇਠ 11-ਮੈਂਬਰਾਂ ਦੀ ਕਮੇਟੀ ਬਣਾਈ ਗਈ ਸੀ।