ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 31 ਅਗਸਤ
ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਜ਼ਿਲ੍ਹੇ ਵਿੱਚ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ-ਪੱਖੀ ਕੇਂਦਰੀ ਸਕੀਮਾਂ ਦਾ ਜਾਇਜ਼ਾ ਲੈਣ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਪਾਣੀ ਦੇ ਸੋਮਿਆਂ ਦੀ ਸਾਂਭ-ਸੰਭਾਲ ਅਤੇ ਵੱਖ-ਵੱਖ ਲੋਕਪੱਖੀ ਕੇਂਦਰੀ ਸਕੀਮਾਂ ਤਹਿਤ ਕੰਮਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸ਼ਹਿਰਾਂ ਅਤੇ ਪਿੰਡਾਂ ਦੇ ਵੇਸਟ ਪਾਣੀ ਨੂੰ ਵਧੀਆ ਢੰਗ ਨਾਲ ਮੁੜ ਵਰਤੋਂ ਵਿੱਚ ਲਿਆਂਦੇ ਜਾ ਰਹੇ ਉਪਰਾਲਿਆਂ ਨੂੰ ਹੋਰ ਵਧਾਇਆ ਜਾਵੇ ਤਾਂ ਜੋ ਧਰਤੀ ਦੇ ਹੇਠਲੇ ਪਾਣੀ ਦੇ ਪੱਧਰ ਨੂੰ ਉੱਪਰ ਚੁੱਕਿਆ ਜਾ ਸਕੇ। ਕੇਂਦਰੀ ਮੰਤਰੀ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਕਿਹਾ ਕਿ ਉਹ ਜ਼ਮੀਨੀ ਪੱਧਰ ’ਤੇ ਜਾ ਕੇ ਲੋਕਾਂ ਨੂੰ ਪਾਣੀ ਦੇ ਬਚਾਅ ਅਤੇ ਇਸ ਦੀ ਸਹੀ ਵਰਤੋਂ ਕਰਨ ਬਾਰੇ ਜਾਗਰੂਕ ਕਰਨ। ਇਸ ਮੀਟਿੰਗ ਵਿਚ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਤੀਕਸਣ ਸੂਦ, ਭਾਜਪਾ ਆਗੂ ਸੰਜੀਵ ਵਸ਼ਿਸ਼ਟ, ਖੁਸ਼ਵੰਤ ਰਾਏ ਗੀਗਾ ਅਤੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਆਦਿ ਹਾਜ਼ਰ ਸਨ।