ਸ਼ਹਿਰ ’ਚ ਸੜਕਾਂ ਦੀ ਉਸਾਰੀ ਤੇ ਮੁਰੰਮਤ ਦਾ ਜਾਇਜ਼ਾ ਲਿਆ
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ ਅਤੇ ਉਸਾਰੀ ਦੇ ਕੰਮ ਨੂੰ ਤੇਜ਼ੀ ਨਾਲ ਮੁਕੰਮਲ ਕੀਤਾ ਜਾ ਰਿਹਾ ਹੈ। ਅੱਜ ਯੂਟੀ ਦੇ ਮੱਖ ਇੰਜਨੀਅਰ ਸੀ ਬੀ ਓਝਾ ਦੀ ਅਗਵਾਈ ਹੇਠ ਟੀਮ ਵੱਲੋਂ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਪਹੁੰਚ ਕੇ ਸੜਕਾਂ ਦੀ ਉਸਾਰੀ ਦੇ ਕਾਰਜਾਂ ਦਾ ਜਾਇਜ਼ਾ ਲਿਆ ਗਿਆ ਹੈ। ਉਸ ਦੌਰਾਨ ਇੰਜਨੀਅਰਿੰਗ ਵਿਭਾਗ ਵੱਲੋਂ ਸੜਕਾਂ ਦੀ ਉਸਾਰੀ ਸਮੇਂ ਵਰਤੇ ਜਾ ਰਹੇ ਸਾਮਾਨ ਦੀ ਵੀ ਚੈਕਿੰਗ ਕੀਤੀ ਤਾਂ ਜੋ ਸੜਕਾਂ ਨੂੰ ਲੰਬੇ ਸਮੇਂ ਤੱਕ ਰੱਖਿਆ ਜਾ ਸਕੇ। ਯੂਟੀ ਦੇ ਮੁੱਖ ਇੰਜਨੀਅਰ ਸੀ ਬੀ ਓਝਾ ਨੇ ਇੰਜਨੀਅਰਿੰਗ ਟੀਮਾਂ ਨੂੰ ਨਿਰਦੇਸ਼ ਦਿੱਤੇ ਕਿ ਪ੍ਰਸ਼ਾਸਕ ਵੱਲੋਂ ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ ਅਤੇ ਉਸਾਰੀ ਦਾ ਕੰਮ 15 ਦਸੰਬਰ ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਲਈ ਉਹ ਪ੍ਰਵਾਨਿਤ ਸਮਾਂ-ਸੀਮਾਵਾਂ ਦਾ ਸਖ਼ਤੀ ਨਾਲ ਪਾਲਨ ਕਰਨ, ਤਾਂ ਜੋ ਸੜਕਾਂ ਦੀ ਮੁਰੰਮਤ ਅਤੇ ਉਸਾਰੀ ਦੇ ਕੰਮ ਨੂੰ ਸਮੇਂ ਸਿਰ ਪੂਰੀ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸੜਕਾਂ ਦੀ ਉਸਾਰੀ ਵਿੱਚ ਕਿਸੇ ਵੀ ਕਿਸਮ ਦੀ ਕੋਈ ਢਿੱਲ ਮੱਠ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਲਈ ਸਾਰੇ ਅਧਿਕਾਰੀ ਸੜਕਾਂ ਦੀ ਉਸਾਰੀ ਦੇ ਕੰਮ ਨੂੰ ਆਪਣੀ ਨਿਗਰਾਨੀ ਹੇਠ ਪੂਰੀ ਕਰਵਾਉਣ। ਮੁੱਖ ਇੰਜਨੀਅਰ ਨੇ ਕਿਹਾ ਕਿ ਚੰਡੀਗੜ੍ਹ ਪ੍ਰਸ਼ਾਸਨ ਲੋਕਾਂ ਨੂੰ ਵਧੀਆਂ, ਸੁਰੱਖਿਅਤ ਅਤੇ ਬਿਹਤਰ ਸੜਕ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਲਈ ਸ਼ਹਿਰ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ਨੂੰ ਪੜਾਅਵਾਰ ਅਤੇ ਪ੍ਰਭਾਵੀ ਢੰਗ ਨਾਲ ਅਪਗ੍ਰੇਡ ਕੀਤਾ ਜਾਵੇ।
