ਦਰਸ਼ਨ ਸਿੰਘ ਸੋਢੀ
ਮੁਹਾਲੀ, 11 ਸਤੰਬਰ
ਮੁਹਾਲੀ ਅਤੇ ਨਿਊ ਚੰਡੀਗੜ੍ਹ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕਰਕੇ ਨਮੂਨੇ ਦੇ ਸ਼ਹਿਰ ਵਜੋਂ ਵਿਕਸਤ ਕਰਨ ਲਈ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਗਮਾਡਾ ਵੱਲੋਂ ਲਾਗੂ ਕੀਤੇ ਜਾ ਰਹੇ ਵੱਖ-ਵੱਖ ਪ੍ਰਾਜੈਕਟਾਂ ਅਤੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਮੌਕੇ ‘ਤੇ ਜਾ ਕੇ ਜਾਇਜ਼ਾ ਲਿਆ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਵਿਕਾਸ ਕਾਰਜ ਨਿਰਧਾਰਤ ਸਮਾਂ-ਸੀਮਾ ਅੰਦਰ ਮੁਕੰਮਲ ਕੀਤੇ ਜਾਣ ਪਰ ਨਾਲ ਹੀ ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਕੀਤੇ ਜਾ ਰਹੇ ਕੰਮਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਣਾ ਚਾਹੀਦਾ।
ਕੈਬਨਿਟ ਮੰਤਰੀ ਨੇ ਏਅਰੋ-ਸਿਟੀ, ਆਈਟੀ ਸਿਟੀ, ਸੈਕਟਰ 88-89, ਸੈਕਟਰ-78 ਵਿੱਚ ਸਪੋਰਟਸ ਕੰਪਲੈਕਸ, ਪੂਰਬ ਪ੍ਰੀਮੀਅਮ ਅਪਾਰਟਮੈਂਟਸ, ਈਕੋ ਸਿਟੀ 1 ਅਤੇ 2, ਮੈਡੀਸਿਟੀ, ਪਿੰਡ ਸਿੰਹਪੁਰ ਵਿੱਚ 20 ਐੱਮਜੀਡੀ ਵਾਟਰ ਟ੍ਰੀਟਮੈਂਟ ਪਲਾਂਟ, ਸੈਕਟਰ-83 ਵਿਖੇ ਸੀਵਰੇਜ ਟ੍ਰੀਟਮੈਂਟ ਪਲਾਂਟ (ਐੱਸਟੀਪੀ) ਦਾ ਦੌਰਾ ਕਰਨ ਤੋਂ ਇਲਾਵਾ ਮੁਹਾਲੀ ਵਿਖੇ ਚੱਲ ਰਹੇ ਹੋਰ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਨੇ ਨਿਊ ਚੰਡੀਗੜ੍ਹ ਤੱਕ ਪੀਆਰ-7 ਸੜਕ ਦੇ ਨਿਰਮਾਣ ਅਤੇ ਹੋਰ ਮਾਸਟਰ ਪਲਾਨ ਸੜਕਾਂ ਦੇ ਨਿਰਮਾਣ ਕਾਰਜਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਖ਼ਰੀਦਦਾਰਾਂ ਨੂੰ ਜਾਇਦਾਦਾਂ ਦਾ ਸਮੇਂ ਸਿਰ ਕਬਜ਼ਾ ਸੌਂਪਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਣੀ ਚਾਹੀਦੀ ਹੈ। ਸ੍ਰੀ ਅਰੋੜਾ ਨੂੰ ਅਧਿਕਾਰੀਆਂ ਨੇ ਦੱਸਿਆ ਕਿ ਤੇਜ਼ੀ ਨਾਲ ਵਿਕਸਤ ਹੋ ਰਹੇ ਮੁਹਾਲੀ ਦੇ ਵਿਕਾਸ ਦੀ ਭਵਿੱਖੀ ਮੰਗ ਨੂੰ ਧਿਆਨ ਵਿੱਚ ਰੱਖਦੀਆਂ ਗਮਾਡਾ ਵੱਲੋਂ ਸੈਕਟਰ-83 ਵਿੱਚ ਸਥਿਤ ਮੌਜੂਦਾ ਸੀਵਰੇਜ ਟ੍ਰੀਟਮੈਂਟ ਪਲਾਂਟ ਦੀ ਸਮਰੱਥਾ ਨੂੰ ਨਵੀਨਤਮ ਤਕਨੀਕ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ। ਗਮਾਡਾ ਅਧਿਕਾਰੀਆਂ ਨੇ ਮੰਤਰੀ ਨੂੰ ਦੱਸਿਆ ਕਿ ਅਥਾਰਟੀ ਨੇ ਮੁਹਾਲੀ ਅਤੇ ਨਿਊ ਚੰਡੀਗੜ੍ਹ ਦੇ ਵਸਨੀਕਾਂ ਨੂੰ ਪੀਣਯੋਗ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਕਜੌਲੀ ਹੈੱਡਵਰਕਸ ਤੋਂ ਆਉਣ ਵਾਲੇ ਪਾਣੀ ਨੂੰ ਸੋਧਣ ਲਈ ਪਿੰਡ ਸਿੰਹਪੁਰ ਵਿੱਚ ਟ੍ਰੀਟਮੈਂਟ ਪਲਾਂਟ ਵੀ ਚਲਾ ਦਿੱਤਾ ਹੈ। ਇਸ ਸਮੇਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਦੇ ਨਾਲ ਪ੍ਰਮੁੱਖ ਸਕੱਤਰ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਅਜੋਏ ਕੁਮਾਰ ਸਿਨਹਾ, ਗਮਾਡਾ ਦੇ ਮੁੱਖ ਪ੍ਰਸ਼ਾਸਕ ਅਮਨਦੀਪ ਬਾਂਸਲ ਅਤੇ ਚੀਫ਼ ਟਾਊਨ ਪਲਾਨਰ ਪੰਜਾਬ ਪੰਕਜ ਬਾਵਾ ਅਤੇ ਗਮਾਡਾ ਦੇ ਮੁੱਖ ਇੰਜਨੀਅਰ ਬਲਵਿੰਦਰ ਸਿੰਘ ਹਾਜ਼ਰ ਸਨ।