ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 18 ਸਤੰਬਰ
ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਭੂਮੀ ਅਤੇ ਜਲ ਸੰਭਾਲ ਵਿਭਾਗ ਵੱਲੋਂ ਮੁਹਾਲੀ ਵਿੱਚ ਲਾਗੂ ਕੀਤੇ ਗਏ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਜ਼ਰੂਰੀ ਹਦਾਇਤਾਂ ਦਿੱਤੀਆਂ। ਜਾਣਕਾਰੀ ਅਨੁਸਾਰ ਉੱਤਰੀ ਨੀਮ ਪਹਾੜੀ ਖੇਤਰ ਵਿੱਚ ਵਗਦੇ ਪਾਣੀ ਨੂੰ ਇਕੱਠਾ ਕਰਨ ਲਈ ਕਈ ਚੈੱਕ ਡੈੱਮ ਬਣਾਏ ਗਏ ਹਨ। ਕੈਬਨਿਟ ਮੰਤਰੀ ਨੇ ਪਿੰਡ ਪੜੌਲ ਅਤੇ ਬੋਰਾਣਾ ਵਿਖੇ ਮਿੱਟੀ ਦੇ ਚੈੱਕ ਡੈੱਮਾਂ ਦਾ ਦੌਰਾ ਕੀਤਾ ਅਤੇ ਪ੍ਰਾਜੈਕਟਾਂ ਦੇ ਲਾਭਪਾਤਰੀਆਂ ਨਾਲ ਗੱਲਬਾਤ ਕਰਦਿਆਂ ਵਿਭਾਗ ਦੀਆਂ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ। ਇਨ੍ਹਾਂ ਚੈੱਕ ਡੈੱਮਾਂ ਰਾਹੀਂ ਕਿਸਾਨਾਂ ਨੂੰ ਯਕੀਨੀ ਸਿੰਚਾਈ ਮੁਹੱਈਆ ਕਰਵਾਈ ਜਾਵੇਗੀ। ਡਾ. ਨਿੱਝਰ ਨੇ ਵੀ ਇਨ੍ਹਾਂ ਪ੍ਰਾਜੈਕਟਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਡੈਮ ਪਾਣੀ ਦੀ ਸਾਂਭ-ਸੰਭਾਲ ਦੇ ਨਾਲ-ਨਾਲ ਜਲਗਾਹਾਂ ਵਿੱਚ ਮਿੱਟੀ ਦੀ ਨਮੀ ਦੀ ਵਿਵਸਥਾ ਵਿੱਚ ਸੁਧਾਰ ਕਰਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਸਹਾਈ ਹੋ ਰਹੇ ਹਨ।
ਜ਼ਿਕਰਯੋਗ ਹੈ ਕਿ ਚੈੱਕ ਡੈੱਮਾਂ ਦੀ ਉਸਾਰੀ ਲਈ ਸਰਕਾਰੀ ਸਕੀਮ 2003-04 ਦੌਰਾਨ ਬੰਦ ਕਰ ਦਿੱਤੀ ਗਈ ਸੀ ਪਰ ਕੈਬਨਿਟ ਮੰਤਰੀ ਨਿੱਝਰ ਦੇ ਯਤਨਾਂ ਸਦਕਾ ਕੰਢੀ ਖੇਤਰ ਦੇ ਏਕੀਕ੍ਰਿਤ ਵਿਕਾਸ ਲਈ ਨਵੀਂ ਸਕੀਮ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਸ ਤਹਿਤ ਅਜਿਹੇ 50 ਨਵੇਂ ਚੈੱਕ ਡੈੱਮ ਬਣਾਏ ਜਾਣਗੇ।