ਘੱਟਗਿਣਤੀ ਭਾਈਚਾਰਿਆਂ ਦੇ ਮੁੱਦਿਆਂ ਦੀ ਸਮੀਖਿਆ
ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ
ਭਾਰਤ ਸਰਕਾਰ ਦੇ ਕੌਮੀ ਘੱਟਗਿਣਤੀ ਕਮਿਸ਼ਨ (ਐੱਨ ਸੀ ਐੱਮ) ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਨੇ ਅੱਜ ਯੂ ਟੀ ਗੈਸਟ ਹਾਊਸ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਮੀਟਿੰਗ ਵਿੱਚ ਘੱਟ ਗਿਣਤੀ ਭਾਈਚਾਰਿਆਂ ਨਾਲ ਜੁੜੇ ਵੱਖ-ਵੱਖ ਮੁੱਦਿਆਂ, ਉਨ੍ਹਾਂ ਦੀ ਸੁਰੱਖਿਆ ਅਤੇ ਭਲਾਈ, ਸੰਵਿਧਾਨਕ ਅਤੇ ਕਾਨੂੰਨੀ ਅਧਿਕਾਰਾਂ ਦੀ ਸੁਰੱਖਿਆ ਅਤੇ ਸਰਕਾਰੀ ਕਲਿਆਣਕਾਰੀ ਯੋਜਨਾਵਾਂ ਦੇ ਪ੍ਰਭਾਵੀ ਲਾਗੂਕਰਨ ਦੀ ਸਮੀਖਿਆ ਕੀਤੀ ਗਈ। ਇਸ ਦੌਰਾਨ ਪ੍ਰਸ਼ਾਸਨਿਕ ਵਿਭਾਗਾਂ ਦੇ ਦਰਮਿਆਨ ਬਿਹਤਰ ਤਾਲਮੇਲ ਸਥਾਪਤ ਕਰਨ ਅਤੇ ਘੱਟ ਗਿਣਤੀ ਭਾਈਚਾਰਿਆਂ ਨਾਲ ਸਬੰਧਿਤ ਸ਼ਿਕਾਇਤਾਂ ਦਾ ਸਮਾਂਬੱਧ ਹੱਲ ਯਕੀਨੀ ਬਣਾਉਣ ’ਤੇ ਵੀ ਚਰਚਾ ਹੋਈ। ਚੇਅਰਮੈਨ ਗਰੇਵਾਲ ਨੇ ਘੱਟ ਗਿਣਤੀ ਭਾਈਚਾਰਿਆਂ ਦੀ ਭਲਾਈ, ਸਿੱਖਿਆ, ਸਮਾਜ ਭਲਾਈ, ਮਹਿਲਾ ਤੇ ਬਾਲ ਵਿਕਾਸ ਨਾਲ ਜੁੜੇ ਵਿਸ਼ਿਆਂ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਘੱਟ ਗਿਣਤੀ ਭਾਈਚਾਰਿਆਂ ਦੇ ਅਧਿਕਾਰਾਂ ਦੀ ਰੱਖਿਆ ਕਰਨਾ, ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਸਮੇਂ ’ਤੇ ਸਮਾਧਾਨ ਕਰਨਾ ਅਤੇ ਸਰਕਾਰੀ ਕਲਿਆਣਕਾਰੀ ਯੋਜਨਾਵਾਂ ਦਾ ਲਾਭ ਪਾਤਰ ਵਿਅਕਤੀਆਂ ਤੱਕ ਪਹੁੰਚਾਉਣਾ ਸਬੰਧਿਤ ਅਧਿਕਾਰੀਆਂ ਦਾ ਪ੍ਰਮੁੱਖ ਪਹਿਲੂਆਂ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਘੱਟ ਗਿਣਤੀ ਭਾਈਚਾਰਿਆਂ ਨਾਲ ਜੁੜੇ ਮੁੱਦਿਆਂ ਦੇ ਹੱਲ ਵਿੱਚ ਸੰਵੇਦਨਸ਼ੀਲ, ਜ਼ਿੰਮੇਦਾਰ ਅਤੇ ਜਵਾਬਦੇਹ ਦ੍ਰਿਸ਼ਟੀਕੋਣ ਅਪਨਾਉਣ ਦੀ ਅਪੀਲ ਕੀਤੀ।
ਮੀਟਿੰਗ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਹਿੱਸਾ ਲਿਆ ਅਤੇ ਘੱਟਗਿਣਤੀ ਭਾਈਚਾਰਿਆਂ ਦੇ ਕਲਿਆਣ ਲਈ ਵੱਖ-ਵੱਖ ਵਿਭਾਗਾਂ ਵੱਲੋਂ ਸੰਚਾਲਿਤ ਯੋਜਨਾਵਾਂ ਅਤੇ ਸਬੰਧਿਤ ਮਾਮਲਿਆਂ ਵਿੱਚ ਕੀਤੀ ਜਾ ਰਹੀ ਕਾਰਵਾਈ ਦੀ ਜਾਣਕਾਰੀ ਸਾਂਝੀ ਕੀਤੀ।

